ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 8 ਨਵੰਬਰ ,2024 - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਰੇਲਵੇ ਰੋਡ ਤੱਕ ਸੰਧੂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ, ਜਿਸ ਨੂੰ ਸਿਵਲ ਸਰਜਨ ਜਸਪ੍ਰੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀਆਂ ਡੇੰਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ।
ਇਸ ਮੌਕੇ ਜ਼ਿਲ੍ਹਾ ਸਿਵਲ ਸਰਜਨ ਜਸਪ੍ਰੀਤ ਕੌਰ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।
ਡਾ. ਕੌਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।