ਕੰਪਿਊਟਰ ਅਧਿਆਪਕਾਂ ਨੇ ਡੇਰਾ ਬਾਬਾ ਨਾਨਕ ਹਲਕੇ 'ਚ ਕੱਢਿਆ ਮਛਾਲ ਮਾਰਚ
'ਆਪ' ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਪਾਰਟੀ ਦਫਤਰ ਅੱਗੇ ਕੀਤਾ ਪੰਜਾਬ ਸਰਕਾਰ ਦਾ 'ਪਿੱਟ ਸਿਆਪਾ'
ਰੋਹਿਤ ਗੁਪਤਾ
ਗੁਰਦਾਸਪੁਰ 9 ਨਵੰਬਰ 2024- ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਦੇ ਲਈ ਸੰਗਰੂਰ ਦੇ ਡੀਸੀ ਦਫਤਰ ਦੇ ਅੱਗੇ ਪਿਛਲੇ 70 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਦੇ ਨਾਲ ਨਾਲ ਵੱਖ-ਵੱਖ ਸੰਘਰਸ਼ੀ ਐਕਸ਼ਨ ਉਲੀਕੇ ਜਾ ਰਹੇ ਹਨ। ਪਰ ਹਾਲੇ ਤੱਕ ਸਰਕਾਰ ਵੱਲੋਂ ਉਨਾਂ ਦੀ ਸਾਰ ਨਹੀਂ ਲਈ ਗਈ।
ਇਸੇ ਲੜੀ ਦੇ ਅਧੀਨ ਜਿਮਨੀ ਚੋਣਾਂ ਦੇ ਮੱਦੇਨਜਰ ਅੱਜ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਡੇਰਾ ਬਾਬਾ ਨਾਨਕ ਵਿਖੇ ਇਕੱਠੇ ਹੁੰਦੇ ਹੋਏ "ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਪੰਜਾਬ" ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਜਾਇਜ਼ ਮੰਗਾਂ ਦੇ ਲਈ ਆਵਾਜ਼ ਬੁਲੰਦ ਕੀਤੀ। ਜਿਮਨੀ ਚੋਣਾਂ ਤੋਂ ਪਹਿਲਾਂ ਸਰਕਾਰ ਖਿਲਾਫ ਹੋਏ ਇਸ ਜਬਰਦਸਤ ਰੋਸ ਪ੍ਰਦਰਸ਼ਨ ਦੇ ਕਾਰਨ ਸਰਕਾਰ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਕੰਪਿਊਟਰ ਅਧਿਆਪਕਾਂ ਵੱਲੋਂ 10 ਨਵੰਬਰ ਨੂੰ ਮੁੜ ਬਰਨਾਲਾ ਵਿਖੇ ਸੂਬਾ ਪੱਧਰੀ ਐਕਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ ਜੋ ਜਿਮਨੀ ਚੋਣਾਂ ਵਿਚ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।
ਸੂਬੇ ਭਰ ਤੋਂ ਪਹੁੰਚੇ ਕੰਪਿਊਟਰ ਅਧਿਆਪਕਾਂ ਨੇ ਸਭ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਇੱਕ ਵਿਸ਼ਾਲ ਮਸਾਲ ਮਾਰਚ ਵੀ ਕੱਢਿਆ ਗਿਆ। ਇਸ ਮਗਰੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਪਾਰਟੀ ਦਫਤਰ ਅੱਗੇ ਪਹੁੰਚ ਕੇ ਜਮ ਕੇ ਨਾਰੇਬਾਜੀ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਗਿਆ।
ਇਸ ਮੌਕੇ ਮੌਜੂਦ ਵੱਖ-ਵੱਖ ਕੰਪਿਊਟਰ ਅਧਿਆਪਕ ਆਗੂ ਜੌਨੀ ਸਿੰਗਲਾ ਬਠਿੰਡਾ, ਪਰਮਵੀਰ ਸਿੰਘ ਪੰਮੀ ਪਟਿਆਲਾ, ਊਧਮ ਸਿੰਘ ਡੋਗਰਾ ਹੁਸ਼ਿਆਰਪੁਰ, ਰਾਜਵੰਤ ਕੌਰ ਅਮ੍ਰਿਤਸਰ, ਰਾਕੇਸ਼ ਸੈਣੀ ਪਠਾਨਕੋਟ, ਗੁਰਦਾਸਪੁਰ ਤੋਂ ਮਨਦੀਪ ਸਿੰਘ ਤੂਰ, ਗਗਨਦੀਪ ਸਿੰਘ, ਸਤੀਸ਼ ਕੁਮਾਰ ਮਾਹੀ, ਮਨਦੀਪ ਮੰਗੋਤਰਾ, ਕਰਮ ਜੀਤ ਪੁਰੀ, ਇੰਦਰਜੀਤ ਸਿੰਘ, ਅਤੁਲ ਕੁਮਾਰ, ਲਖਬੀਰ ਸਿੰਘ, ਅਮਿਤ ਗੁਪਤਾ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਦੇ ਵੱਖ-ਵੱਖ ਮੰਤਰੀਆਂ ਅਤੇ ਹੋਰਨਾਂ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿਰਫ ਲਾਰੇ ਲੱਪੇ ਵਾਲੀ ਨੀਤੀ ਹੀ ਅਪਣਾ ਰਹੀ। ਕੰਪਿਊਟਰ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਰੈਗੂਲਰ ਹੁੰਦੇ ਹੋਏ ਵੀ ਉਹ ਠੇਕਾ ਕਰਮਚਾਰੀਆਂ ਵਾਂਗੂੰ ਸੰਤਾਪ ਹੰਢਾ ਰਹੇ ਹਨ। ਉਹਨਾਂ ਨੂੰ ਰੈਗੂਲਰ ਕਰਮਚਾਰੀਆਂ ਵਾਂਗੂੰ ਕੋਈ ਵੀ ਲਾਭ ਨਹੀਂ ਦਿੱਤਾ ਜਾ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਜੋ ਕਿ ਮੌਜੂਦਾ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਵੀ ਦਰਜ ਕੀਤਾ ਗਿਆ ਸੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵੀ ਇਸ ਸੰਬੰਧੀ 2022 ਦੀ ਦਿਵਾਲੀ ਨੂੰ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੂੰ ਉਹਨਾ ਦੇ ਬਣਦੇ ਲਾਭ ਦੀਵਾਲੀ ਦੇ ਗਿਫਟ ਦੇ ਰੂਪ ਵਿਚ ਦਿੱਤੇ ਜਾਣਗੇ ਪਰ ਤਿੰਨ ਦਿਵਾਲੀਆਂ ਨਿਕਲ ਜਾਣ ਦੇ ਬਾਅਦ ਵੀ ਇਹ ਐਲਾਨ ਐਲਾਨ ਹੀ ਬਣ ਕੇ ਰਹਿ ਗਿਆ।
ਕੰਪਿਊਟਰ ਅਧਿਆਪਕਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਹੋਏ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾ ਸ਼ਰਤ ਪੂਰਾ ਨਾ ਕੀਤਾ ਤਾਂ ਉਹ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਅਤੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਦੀ ਜਿਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।