ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ
ਕਿਸਾਨ ਪਰਾਲੀ ਨੂੰ ਖੇਤ ਦੇ ਇਕ ਪਾਸੇ ਜੋੜ ਕਿ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵਰਤਣ
ਰੋਹਿਤ ਗੁਪਤਾ
ਗੁਰਦਾਸਪੁਰ, 9 ਨਵੰਬਰ 2024 - ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਸੁਪਰ ਸੀਡਰ ਤੇ ਬੇਲਰਾਂ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜ),ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੌਕੇ ਤੇ ਪਹੁੰਚ ਕੇ ਖੇਤਾਂ ਵਿੱਚ ਲੱਗੀ ਅੱਗ ਬੁਝਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤ ਦੇ ਇਕ ਪਾਸੇ ਜੋੜ ਕਿ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵੀ ਵਰਤ ਸਕਦੇ ਹਨ ਇਸ ਤਰ੍ਹਾਂ ਕਰਨ ਨਾਲ ਪਰਾਲੀ ਦਾ ਪ੍ਰਬੰਧਨ ਵੀ ਹੋਵੇਗਾ ਤੇ ਪਸ਼ੂਆਂ ਲਈ ਸੁੱਕਾ ਚਾਰਾਂ ਵੀ ਉਪਲੱਬਧ ਰਹੇਗਾ|
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਆਧੁਨਿਕ ਮਸ਼ੀਨਰੀ ਦਾ ਉਪਯੋਗ ਕਰਦੇ ਹੋਏ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਰਲਾਇਆ ਜਾਵੇ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇਗੀ।
ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਜ਼ਮੀਨ ਵਿੱਚ ਰਲਾਉਣ ਨਾਲ ਕੀਟਨਾਸ਼ਕਾਂ ਤੋਂ ਵੀ ਨਜ਼ਾਤ ਮਿਲਦੀ ਹੈ ਅਤੇ ਯੂਰੀਆਂ ਖਾਦ ਦੀ ਖ਼ਪਤ ਵਿੱਚ ਘੱਟ ਹੁੰਦੀ ਹੈ।