ਸਿਵਲ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ
- ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਕਿਸਾਨ-ਡੀ.ਸੀ
- ਕਿਹਾ, ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਵਾਤਾਵਾਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਨੇ ਲਗਾਤਾਰ ਉਪਰਾਲੇ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 10 ਨਵੰਬਰ :2024 - ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਦਿਆਂ ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ । ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ.ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀਆਂ ਟੀਮਾਂ ਜਿਸ ਵਿੱਚ ਪੀ.ਪੀ.ਸੀ.ਬੀ, ਖੇਤੀਬਾੜੀ,ਮਾਲ, ਬੀ.ਡੀ.ਪੀ.ਓਜ਼, ਡੀ.ਐਸ.ਪੀਜ਼, ਐਸ.ਐਚ.ਓਜ਼ ਦੇ ਅਧਿਕਾਰੀ ਸ਼ਾਮਲ ਹਨ ਜੋ ਉਲੰਘਣਾ ਕਰਨ ਵਾਲਿਆਂ ਨੂੰ ਰੋਕਣ ਲਈ ਰੋਜ਼ਾਨਾ ਪਿੰਡਾਂ ਵਿੱਚ ਮਾਰਚ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਪਿੰਡ ਸ਼ੇਰਗੜ੍ਹ ਚੀਮਾ, ਕੁਠਾਲਾ,ਦਸੋਧਾ ਸਿੰਘ ਵਾਲਾ,ਕਲਿਆਣ,ਮਹੋਲੀ ਕਲ੍ਹਾਂ, ਮਹੋਲੀਖੁਰਦ,ਬਈਵਾਲਾ,ਫਰਵਾਲੀ,ਸੰਦੋੜ ਆਦਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਰੋਜ਼ਾਨਾ ਪਿੰਡਾਂ ਵਿੱਚ ਗਠਿਤ ਟੀਮਾਂ ਵੱਲੋਂ ਮਾਰਚ ਕਰਨ ਦਾ ਮਕਸਦ ਲੋਕਾਂ ਵਿੱਚ ਵਤਾਵਰਣ ਸਬੰਧੀ ਜਾਗਰੂਕਤਾ ਪੈਦਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਇਨ-ਸੀਟੂ ਤੇ ਐਕਸ-ਸੀਟੂ ਰਾਹੀਂ ਪਰਾਲੀ ਦੇ ਪ੍ਰਬੰਧਨ ਲਈ ਪ੍ਰੇਰਿਤ ਕਰਨਾ ਹੈ । ਇਸ ਮਾਰਚ ਦੌਰਾਨ ਫਾਇਰਬ੍ਰਿਗੇਡ ਦੀ ਮਦਦ ਨਾਲ ਅੱਗ ਵੀ ਬੁਝਵਾਈ ਗਈ ।
ਕਿਸਾਨਾਂ ਨੂੰ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ ਹਲ, ਮਲਚਰ, ਸੁਪਰ ਐਸ.ਐਮ.ਐਸ, ਫਸਲ ਰੀਪਰ, ਰੋਟਰੀ ਸਲੈਸ਼ਰ ਅਤੇ ਟਰੈਕਟਰਾਂ ਸਮੇਤ 1601 ਵਾਤਾਵਰਨ ਪੱਖੀ ਮਸ਼ੀਨਾਂ ਵੱਖ-ਵੱਖ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰਾਂ (ਸੀ.ਐਚ.ਸੀਜ), ਕੋਆਪ੍ਰੇਟਿਵ ਸੋਸਾਇਟੀਆਂ ਤੇ ਗ੍ਰਾਮ ਪੰਚਾਇਤਾਂ ਅਤੇ ਕਿਸਾਨ ਸਮੂਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮੁਹੱਈਆਂ ਕਰਵਾਈਆਂ ਗਈਆ ਹਨ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਲੋਕਾਂ ਦੇ ਹਿੱਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਖ਼ਤਰੇ ਵਿਚ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।
ਕਣਕ ਦੀ ਫ਼ਸਲ ਵਿੱਚ ਵੱਡੇ ਪੱਧਰ ਤੇ ਵਰਤੀ ਜਾਂਦੀ ਡੀ.ਏ.ਪੀ. ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਦੀ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਵਿੱਚ ਡੀ.ਏ.ਪੀ. ਖਾਦ ਮੁੱਖ ਤੌਰ ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ। ਉਹਨਾ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਜੋਂ ਮਾਰਕੀਟ ਵਿੱਚ ਉਪਲਬਧ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਐਨ.ਪੀ.ਕੇ. ਤੇ ਹੋਰ ਖਾਦਾਂ ਦੀ ਵਰਤੋਂ ਨੂੰ ਤਰਜ਼ੀਹ ਦਿੰਦਿਆਂ ਕਣਕ ਦੀ ਬਿਜਾਈ ਲਈ ਪ੍ਰੇਰਿਤ ਕੀਤਾ, ਤਾਂ ਜੋ ਕਣਕ ਦੀ ਬਿਜਾਈ ਵਿੱਚ ਬੇਲੋੜੀ ਦੇਰੀ ਨਾ ਹੋਵੇ। ਕਿਸਾਨ ਪਰਾਲੀ ਪ੍ਰਬੰਧਨ ਲਈ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਆਦਿ ਵਿੱਚ ਮੌਜੂਦ ਮਸ਼ੀਨਰੀ ਲਈ ਖੇਤੀਬਾੜੀ ਅਫਸਰ ਕੁਲਬੀਰ ਸਿੰਘ ਨਾਲ 94657-93090 ਤੇ ਸੰਪਰਕ ਕਰ ਕੇ ਜਾਣਕਾਰੀ ਲਈ ਜਾ ਸਕਦੀ ਹੈ।