← ਪਿਛੇ ਪਰਤੋ
ਫਾਜ਼ਿਲਕਾ: ਡੀਏਪੀ ਖਾਦ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਖੇਤੀਬਾੜੀ ਅਫ਼ਸਰ ਕਣਕ ਦੀ ਬਿਜਾਈ ਲਈ ਕਿਸਾਨ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਫਾਜ਼ਿਲਕਾ, 22 ਨਵੰਬਰ ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਮੁਹਈਆ ਕਰਵਾਉਣ ਦੇ ਮੰਤਵ ਨਾਲ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਿਤ ਦੁਕਾਨਾਂ ਅਤੇ ਗੋਦਾਮਾਂ ਦੀ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ.ਏ.ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ ਅਤੇ ਕਿਸਾਨਾਂ ਨੂੰ ਧੱਕੇ ਨਾਲ ਗੈਰ ਜ਼ਰੂਰੀ ਦਵਾਈਆਂ ਨਾ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਡੀਏਪੀ ਖਾਦ ਦੀ ਗੈਰ-ਕਾਨੂੰਨੀ ਜ਼ਖੀਰਾਬਾਜੀ ਨਾ ਕੀਤੀ ਜਾਵੇ। ਜੇਕਰ ਕੋਈ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਐਫ.ਸੀ.ਓ. ਐਕਟ 1985 ਅਤੇ ਜਰੂਰੀ ਵਸਤੂ ਐਕਟ 1955 ਤਹਿਤ ਕਾਰਵਾਈ ਕੀਤੀ ਜਾਵੇਗੀ। ਡਾ. ਰਿਣਵਾ ਨੇ ਕਿਹਾ ਕਿ ਜਿਵੇਂ ਹੀ ਵਿਕਰੇਤਾਵਾਂ ਕੋਲ ਡੀਏਪੀ ਖਾਦ ਆਉਂਦੀ ਹੈ ਤਾਂ ਉਹ ਬਿਨਾਂ ਦੇਰੀ ਇਸ ਦੀ ਵਿਕਰੀ ਕਿਸਾਨਾਂ ਨੂੰ ਕਰਨ ਕਿਉਂਕਿ ਹੁਣ ਕਣਕ ਦੀ ਬਿਜਾਈ ਦਾ ਸਮਾਂ ਜ਼ੋਰਾਂ ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਬਿਜਾਈ ਵਾਸਤੇ ਡੀਏਪੀ ਖਾਦ ਦੀ ਜ਼ਰੂਰਤ ਹੈ ਇਸ ਲਈ ਜਿਵੇੰ ਜਿਵੇੰ ਖਾਦ ਉਨ੍ਹਾਂ ਕੋਲ ਆਉਂਦੀ ਹੈ ਤਾਂ ਨਾਲੋਂ ਨਾਲ ਕਿਸਾਨਾਂ ਨੂੰ ਦਿੱਤੀ ਜਾਵੇ ਤੇ ਇਸ ਤੇ ਬਦਲਵੇਂ ਪ੍ਰਬੰਧ ਵਾਲੀਆਂ ਹੋਰ ਖਾਦਾਂ ਦੀ ਸਪਲਾਈ ਵੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨ|
Total Responses : 267