ਕੋਹਾੜਾ/ਮੱਤੇਵਾੜਾ, 2 ਸਤੰਬਰ, 2016 : ਪੰਜਾਬ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੀਲੀਆਂ ਪੱਗਾਂ ਬੰਨ ਕੇ ਸੱਤ੍ਹਾ ਪ੍ਰਾਪਤ ਕਰਨ ਦੇ ਲਾਲਚ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਪੈਰ੍ਹਾਂ ਵਿੱਚ ਰੋਲ੍ਹਣ ਦੀ ਕੋਸ਼ਿਸ਼ ਨਾ ਕਰਨ। ਪੰਜਾਬ ਦੇ ਸੂਝਵਾਨ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਇਨ੍ਹਾਂ ਬੱਜਰ ਗਲਤੀਆਂ ਦਾ ਅਹਿਸਾਸ ਕਰਾਉਣਗੇ। ਉਨ੍ਹਾਂ ਆਪ ਪਾਰਟੀ ਨੂੰ ਨਸ਼ੇੜੀਆਂ ਅਤੇ ਅੱਯਾਸ਼ਾਂ ਦੀ ਪਾਰਟੀ ਦਾ ਨਾਮ ਦਿੱਤਾ।
ਅੱਜ ਹਲਕਾ ਸਾਹਨੇਵਾਲ ਵਿੱਚ ਕਈ ਜਗ੍ਹਾ ਆਮ ਆਦਮੀ ਪਾਰਟੀ ਅਤੇ ਇਸ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਪੁੱਤਲੇ ਸਾੜਨ ਦੌਰਾਨ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਪ ਪਾਰਟੀ ਮੌਕਾਪ੍ਰਸਤਾਂ ਅਤੇ ਸੱਤਾ ਦੀ ਪ੍ਰਾਪਤੀ ਲਈ ਇਕੱਠੇ ਹੋਏ ਲੁਟੇਰਾ ਨੀਅਤ ਵਾਲੇ ਲੋਕਾਂ ਦਾ ਸਮੂਹ ਹੈ, ਜੋ ਕਿ ਸੱਤਾ ਪ੍ਰਾਪਤ ਕਰਨ ਲਈ ਹੁਣ ਘਿਨਾਉਣੀਆਂ ਹਰਕਤਾਂ 'ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਆਪ ਆਗੂਆਂ ਵੱਲੋਂ ਇੱਕ ਪਾਸੇ ਤਾਂ ਪੀਲੀਆਂ ਪੱਗਾਂ ਬੰਨ੍ਹ ਕੇ ਸ਼ਹੀਦ ਭਗਤ ਸਿੰਘ ਦੀ ਸੋਚ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਭਗਵੰਤ ਮਾਨ ਵਰਗੇ ਆਗੂ ਦਿਨ ਰਾਤ ਸ਼ਰਾਬ ਅਤੇ ਹੋਰ ਦੁਨਿਆਵੀ ਨਸ਼ਿਆਂ ਵਿੱਚ ਗ੍ਰਸਤ ਰਹਿੰਦੇ ਹਨ ਅਤੇ ਗਰੀਬ ਲੋਕਾਂ ਬਾਰੇ ਅਪਮਾਨਜਨਕ ਸ਼ਬਦ ਵਰਤਦੇ ਹਨ। ਇਸ ਤੋਂ ਇਲਾਵਾ ਇਸ ਪਾਰਟੀ ਦੇ ਆਗੂ ਆਏ ਦਿਨ ਔਰਤਾਂ ਨਾਲ ਛੇੜਛਾੜ ਅਤੇ ਰੰਗੀਲੀਆਂ ਹਰਕਤਾਂ ਕਾਰਨ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ।
ਸ੍ਰ. ਢਿੱਲੋਂ ਨੇ ਆਪ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੀਲੀਆਂ ਪੱਗਾਂ ਬੰਨ ਕੇ ਸੱਤ੍ਹਾ ਪ੍ਰਾਪਤ ਕਰਨ ਦੇ ਲਾਲਚ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਪੈਰ੍ਹਾਂ ਵਿੱਚ ਰੋਲ੍ਹਣ ਦੀ ਕੋਸ਼ਿਸ਼ ਨਾ ਕਰਨ। ਸੂਬੇ ਦੇ ਗੌਰਵਮਈ ਇਤਿਹਾਸ ਨੂੰ ਪਿਆਰ ਕਰਨ ਵਾਲੇ ਪੰਜਾਬ ਦੇ ਸੂਝਵਾਨ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਇਨ੍ਹਾਂ ਬੱਜਰ ਗਲਤੀਆਂ ਦਾ ਅਹਿਸਾਸ ਕਰਾਉਣਗੇ। ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਮੰਗਤੇ ਕਹਿਣ ਦੀ ਪੁਰਜ਼ੋਰ ਨਿੰਦਾ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਇਸ ਬਿਆਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਬਿਮਾਰ ਮਾਨਸਿਕਤਾ ਵਾਲੇ ਹਨ।
ਸ੍ਰ. ਢਿੱਲੋਂ ਨੇ ਕਿਹਾ ਸੰਸਦ ਮੈਂਬਰ ਭਗਵੰਤ ਮਾਨ ਜਾਤ ਪਾਤ ਦੀ ਬਿਮਾਰੀ ਤੋਂ ਪੀੜਤ ਹੈ, ਇਸੇ ਕਰਕੇ ਉਹ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਅਤੇ ਦਲਿਤਾਂ ਦਾ ਮਜ਼ਾਕ ਉਡਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਨਾਲ ਭਗਵੰਤ ਮਾਨ ਅਤੇ ਆਪ ਪਾਰਟੀ ਦਾ ਕੁਝ ਨਹੀਂ ਬਣਨਾ, ਸਗੋਂ ਪੰਜਾਬ ਦੇ ਲੋਕ ਇਨ੍ਹਾਂ ਗੱਲਾਂ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ।
ਸ੍ਰ. ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਵਾਲੀ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਪਰ ਸ਼ਾਇਦ ਭਗਵੰਤ ਮਾਨ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਚੁਣੀ ਹੋਈ ਸਰਕਾਰ ਨੂੰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਆਪਣੇ ਹੀ ਪੈਸੇ ਨਾਲ ਚਾਲੂ ਯੋਜਨਾਵਾਂ ਜਾਂ ਸਹੂਲਤਾਂ ਦਾ ਲਾਭ ਲੈਣ ਨਾਲ ਲੋਕ ਕੋਈ ਮੰਗਤੇ ਨਹੀਂ ਬਣ ਜਾਂਦਾ।
ਸ੍ਰ. ਢਿੱਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ (ਸ੍ਰ. ਢਿੱਲੋਂ) ਅਤੇ ਉਨ੍ਹਾਂ ਦੀ ਸਰਕਾਰ ਲਈ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਸਰਬਉੱਚ ਹਨ। ਪਰ ਸ਼ਾਇਦ ਭਗਵੰਤ ਮਾਨ ਇਨ੍ਹਾਂ ਗੱਲਾਂ ਨੂੰ ਨਾ ਸਮਝ ਸਕੇ ਕਿਉਂਕਿ ਉਹ ਜਾਤ ਪਾਤ ਦੀ ਭੈੜੀ ਬਿਮਾਰੀ ਤੋਂ ਪੀੜਤ ਹੈ ਅਤੇ ਲੋੜਵੰਦ ਲੋਕਾਂ ਦੀਆਂ ਜ਼ਰੂਰਤਾਂ ਤੋਂ ਅਣਜਾਣ ਹੈ। ਸ੍ਰ. ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਪਾਰਟੀ ਦੇ ਪਦ ਚਿੰਨਾਂ 'ਤੇ ਚੱਲਣ ਲੱਗੀ ਹੈ। ਦੋਵੇਂ ਪਾਰਟੀਆਂ ਸਿੱਖ ਅਤੇ ਪੰਜਾਬ ਵਿਰੋਧੀ ਹਨ ਅਤੇ ਦੋਵਾਂ ਦਾ ਨੁਕਸਾਨ ਕਰ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ੍ਹ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।