← ਪਿਛੇ ਪਰਤੋ
ਚੰਡੀਗੜ੍ਹ, 13 ਅਕਤੂਬਰ, 2016 : ਆਮ ਆਦਮੀ ਪਾਰਟੀ ਪੰਜਾਬ ਨੇ ਸਾਲ 2017 ਦੀਆਂ ਵਿਧਾਨਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਇੱਕ ਨਵੀਂ ਮੁਹਿੰਮ ਦਾ ਆਗਾਜ ਕੀਤਾ ਹੈ। ਇਸ ਮੁਹਿੰਮ ਦਾ ਨਾਂਅ ‘ਵੋਟ ਜੋੜੋ ਝਾੜੂ ਨਾਲ’ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਦੇ ਪਿੰਡ-ਪਿੰਡ ਵਿੱਚ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਆਪ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਦੱਸਿਆ ਕਿ ਇਹ ਮੁਹਿੰਮ 12 ਤੋਂ 19 ਅਕਤੂਬਰ ਤੱਕ ਚੱਲੇਗੀ ਅਤੇ ਇਸ ਮੁਹਿੰਮ ਲਈ ਗੁਰਪ੍ਰੀਤ ਸਿੰਘ ਵੜੈਚ ਪੰਜਾਬ ਦੇ ਦੁਆਬਾ ਖੇਤਰ ਵਿੱਚ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਮਾਝਾ ਖੇਤਰ ਵਿੱਚ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਮਾਲਵਾ ਖੇਤਰ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ। 19 ਅਕਤੂਬਰ ਤੱਕ ਇਨਾਂ ਆਗੂਆਂ ਵੱਲੋਂ ਰੋਜਾਨਾਂ ਦੋ-ਦੋ ਰੈਲੀਆਂ ਕੀਤੀਆਂ ਜਾਣਗੀਆਂ। ਵੜੈਚ ਨੇ ਦੱਸਿਆ ਕਿ ਮੁਹਿੰਮ ਤਹਿਤ ਹਰ ਉਮੀਦਵਾਰ ਵੱਲੋਂ ਰੋਜਾਨਾਂ 5 ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਇਸ ਤੋਂ ਬਿਨਾਂ 3000 ਤੋਂ 5000 ਵਲੰਟੀਅਰ ਰੋਜਾਨਾ ਡੋਰ ਟੂ ਡੋਰ ਮੁਹਿੰਮ ਤਹਿਤ ਪ੍ਰਚਾਰ ਕਰਨਗੇ। ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਪ੍ਰੋਜੈਕਟਰ ਲਗਾ ਕੇ 10-10 ਮਿੰਟ ਦੀਆਂ ਫਿਲਮਾਂ ਦੇ ਰੂਪ ਵਿੱਚ ਲੋਕਾਂ ਨੂੰ ਦਿੱਲੀ ਦੀਆਂ ਉਪਲਭਧੀਆਂ ਅਤੇ ਅਰਵਿੰਦ ਕੇਜਰੀਵਾਲ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
Total Responses : 265