ਚੰਡੀਗੜ੍ਹ, 22 ਅਕਤੂਬਰ, 2016 : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਰੋਡਵੇਜ ਦੀਆਂ 117 ਬੱਸਾਂ ਨੂੰ ਅਕਾਲੀ-ਭਾਜਪਾ ਹਲਕਾ ਇੰਚਾਰਜਾਂ ਦੇ ਹਵਾਲੇ ਕਰਨ ਨਾਲ ਰੋਡਵੇਜ ਨੂੰ ਤਾਂ ਘਾਟਾ ਹੋਵੇਗਾ ਹੀ, ਨਾਲ ਹੀ ਜਿਹੜੇ ਰੂਟਾਂ ਉਤੇ ਇਹ ਬੱਸਾਂ ਚਲਦੀਆਂ ਸਨ, ਉਨਾਂ ਰੂਟਾਂ ਦੇ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਵੜੈਚ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਆਪਣੀ ਟ੍ਰਾਂਸਪੋਰਟ ਕੰਪਨੀ ਹੈ, ਜੇਕਰ ਉਨਾਂ ਦੇ ਮਨ ਵਿੱਚ ਸਚਮੁੱਚ ਸ਼ਰਧਾਲੂਆਂ ਨੂੰ ਤੀਰਥਾਂ ਦੀ ਯਾਤਰਾ ਕਰਵਾਉਣ ਦਾ ਜਜਬਾ ਹੈ, ਤਾਂ ਆਪਣੀਆਂ ਬੱਸਾਂ ਨੂੰ ਹਲਕਾ ਇੰਚਾਰਜਾਂ ਦੇ ਹਵਾਲੇ ਕਿਓਂ ਨਹੀਂ ਕਰ ਦਿੰਦੇ। ਉਨਾਂ ਕਿਹਾ ਚੋਣਾਂ ਨੇੜੇ ਆਉਣ ਕਾਰਨ ਅਕਾਲੀ-ਭਾਜਪਾ ਗਠਜੋੜ ਵੱਲੋਂ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ। ਵੜੈਚ ਨੇ ਕਿਹਾ ਕਿ ਅਕਾਲੀਆਂ ਵੱਲੋਂ ਬਿਨਾਂ ਕੋਈ ਪ੍ਰਵਾਹ ਕੀਤੇ ਸਰਕਾਰੀ ਬੱਸਾਂ ਉਤੇ ਮੁੱਖ ਮੰਤਰੀ ਦੀ ਫੋਟੋ ਵਾਲੇ ਵੱਡੇ-ਵੱਡੇ ਪੋਸਟਰ ਲਗਾ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕ ਇਨਾਂ ਦੀ ਰਗ-ਰਗ ਤੋਂ ਵਾਕਿਫ ਹੋ ਚੁੱਕੇ ਹਨ।
ਇਸਦੇ ਨਾਲ ਹੀ ਗੁਰਪ੍ਰੀਤ ਸਿੰਘ ਵੜੈਚ ਨੇ ਦੋਸ਼ ਲਗਾਇਆ ਕਿ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਦੱਸ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪ੍ਰਾਈਵੇਟ ਪਲਾਂਟਾਂ ਤੋਂ ਬਿਜਲੀ ਖਰੀਦਣ ਲਈ ਸਰਕਾਰੀ ਖੇਤਰ ਦੇ ਬਠਿੰਡਾ ਅਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਪੂਰੀ ਤਰਾਂ ਬੰਦ ਕਰ ਦਿੱਤੇ ਗਏ ਹਨ। ਉਨਾਂ ਸਰਕਾਰ ਤੋਂ ਸਵਾਲ ਕੀਤਾ ਕਿ ਪ੍ਰਾਈਵੇਟ ਪਲਾਂਟਾਂ ਤੋਂ ਮਹਿੰਗੇ ਭਾਅ ਬਿਜਲੀ ਖਰੀਦ ਕੇ ਮਹਿੰਗੀਆਂ ਦਰਾਂ ਉਤੇ ਖਪਤਕਾਰਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਪਿੱਛੇ ਸਰਕਾਰ ਦੀ ਕੀ ਮਜਬੂਰੀ ਹੈ ? ਵੜੈਚ ਨੇ ਕਿਹਾ ਕਿ ਸਰਕਾਰੀ ਖੇਤਰ ਦੇ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ਕਰਕੇ ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਬਿਜਲੀ ਮੁਹੱਈਆ ਕਰਵਾਈ ਜਾ ਸਕਦੀ ਹੈ, ਪਰ ਨਿਜੀ ਮੁਫਾਦਾਂ ਕਾਰਨ ਸਰਕਾਰ ਨੇ ਸੂਬੇ ਦੇ ਖਜਾਨੇ ਅਤੇ ਲੋਕਾਂ ਦੀਆਂ ਜੇਬਾਂ ਉਤੇ ਡਾਕਾ ਮਾਰਨ ਦੀ ਸੋਚ ਹੀ ਅਪਣਾਈ ਹੋਈ ਹੈ।
ਗੁਰਪ੍ਰੀਤ ਸਿੰਘ ਵੜੈਚ ਨੇ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰੀ ਖੇਤਰ ਦੇ ਥਰਮਲ ਪਲਾਂਟਾਂ ਤੋਂ ਨਿਰਵਿਘਨ ਉਤਪਾਦਨ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ। ਨਾਲ ਹੀ ਉਨਾਂ ਕਿਹਾ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਕਿਸਾਨਾਂ ਨੂੰ 12 ਘੰਟੇ ਮੁਫਤ ਬਿਜਲੀ ਸਹੁਲਤ ਨੂੰ ਯਕੀਨੀ ਬਣਾਇਆ ਜਾਵੇਗਾ।