ਮੋਹਾਲੀ, 27 ਅਕਤੂਬਰ, 2016 : ਪੁੱਡਾ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਦੇ ਕਿਸੇ ਵੀ ਲੀਡਰ ਨੂੰ ਵੋਟ ਨਹੀਂ ਦਿੱਤੀ ਜਾਵੇਗੀ। ਪੁੱਡਾ ਮੁਲਾਜ਼ਮਾਂ ਵੱਲੋਂ ਅੱਜ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪੁੱਡਾ ਭਵਨ ਦੇ ਸਾਹਮਣੇ ਮੁਲਾਜ਼ਮਾਂ ਵੱਲੋਂ ਕਰੀਬ ਦੋ ਘੰਟੇ ਰੋਡ ਜਾਮ ਕੀਤਾ ਗਿਆ।
ਪੁੱਡਾ ਮੁਲਾਜ਼ਮਾਂ ਦੀ ਮੰਗ ਹੈ ਕਿ ਕੱਚੇ ਕਰਮਾਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਪੁੱਡਾ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਰਹਿੰਦੇ ਕਰਮਚਾਰੀਆ ਨੂੰ ਪਲਾਟ ਦਿੱਤੇ ਜਾਣ, ਦਰਜਾ ਚਾਰ ਕਰਮਚਾਰੀਆਂ ਨੂੰ ਸੁਪਰਵਾਈਜ਼ਰ ਬਣਾਇਆ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਪੁੱਡਾ ਮੁਲਾਜ਼ਮਾਂ ਕਾਫੀ ਸਮੇਂ ਤੋਂ ਹੜਤਾਲਾਂ ਤੇ ਰੋਸ ਮੁਜ਼ਾਹਰੇ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕੀ। ਅੱਜ ਇਨ੍ਹਾਂ ਮੁਲਾਜ਼ਮਾਂ ਵੱਲੋਂ ਕਾਲੀਆ ਝੰਡੀਆ ਵਿਖਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪੁੱਡਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਲੀਡਰ ਨੂੰ ਵੋਟ ਨਹੀਂ ਦਿੱਤੀ ਜਾਵੇਗੀ।