ਚੰਡੀਗੜ੍ਹ, 4 ਨਵੰਬਰ, 2016 : ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ 'ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬਾ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਦਾ ਆਰੰਭ ਕਰਦਿਆਂ ਸੂਚਨਾ, ਸਿੱਖਿਆ ਤੇ ਸੰਚਾਰ (ਆਈ.ਈ.ਸੀ) 'ਤੇ ਅਧਾਰਤ 100 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅੱਜ ਇਥੇ ਰਜਿੰਦਰਾ ਪਾਰਕ ਵਿਖੇ ਇਨ੍ਹਾਂ ਵੈਨਾਂ ਨੂੰ ਰਵਾਨਾ ਕਰਨ ਮੌਕੇ ਰੱਖੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੈਨਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ, ਹੈਪੀਟਾਇਟਸ-ਸੀ, ਬੱਚੇਦਾਨੀ ਦਾ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਇਨ੍ਹਾਂ ਬਿਮਾਰੀਆਂ ਤੋਂ ਪੀੜਤਾਂ ਨੂੰ ਮੁੱਢਲੀ ਸਟੇਜ 'ਤੇ ਹੀ ਇਲਾਜ ਕਰਵਾਉਣ ਲਈ ਢੁੱਕਵੇਂ ਕਦਮ ਚੁੱਕਣ ਬਾਰੇ ਦੱਸਣਾ ਹੈ। ਇਸੇ ਤਰ੍ਹਾਂ ਇਸ ਪ੍ਰੋਗਰਾਮ ਦਾ ਮਕਸਦ ਲੋਕਾਂ ਵਿਚ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨਾ ਹੈ ਤਾਂ ਕਿ ਲੋਕ ਸਾਫ ਸਫਾਈ ਪ੍ਰਤੀ ਜ਼ਿਆਦਾ ਸੰਜੀਦਾ ਹੋ ਸਕਣ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਆਖਿਆ ਕਿ ਇਹ ਵਿਲੱਖਣ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਜਾ ਕੇ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ ਅਤੇ ਇਹ ਵੈਨਾਂ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਖੇਤਰ ਵਿਚ ਚੁੱਕੇ ਕਦਮਾਂ ਬਾਰੇ ਪੁਖਤਾ ਜਾਣਕਾਰੀ ਮੁਹੱਈਆ ਕਰਵਾਉਣ ਵਿਚ ਸਹਾਈ ਹੋਣਗੀਆਂ। ਸ. ਬਾਦਲ ਨੇ ਕਿਹਾ ਕਿ ਆਲਮੀ ਪੱਧਰ 'ਤੇ ਪੰਜਾਬੀ ਹੀ ਇੱਕ ਅਜਿਹਾ ਸੂਬਾ ਹੈ ਜੋ ਕੈਂਸਰ ਅਤੇ ਹੈਪੀਟਾਈਟਸ-ਸੀ ਵਰਗੇ ਮਾਰੂ ਰੋਗਾਂ ਲਈ ਮੁਫਤ ਇਲਾਜ ਮੁਹੱਈਆ ਕਰਵਾ ਰਿਹਾ ਹੈ ਪਰ ਬਦਕਿਸਮਤੀ ਨਾਲ ਬਹੁਤੇ ਲੋਕਾਂ ਨੂੰ ਇਨ੍ਹਾਂ ਸਿਹਤ ਉਪਰਾਲਿਆਂ ਬਾਰੇ ਪਤਾ ਨਹੀਂ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਪਿੰਡਾਂ ਵਿਚ ਵਿਸ਼ੇਸ਼ ਕੈਮਿਸਟ ਦੁਕਾਨਾਂ ਰਾਹੀਂ ਲੋਕਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਉਣ ਲਈ ਇੱਕ ਸਕੀਮ ਛੇਤੀ ਹੀ ਲਾਂਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਸਿਹਤ ਸੰਭਾਲ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਨ੍ਹਾਂ ਵੈਨਾਂ ਨੂੰ ਆਡੀਓ-ਵੀਡੀਓ ਉਪਕਰਣਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਦੇ ਨਾਲ ਡਾਕਟਰਾਂ ਦੀਆਂ ਟੀਮਾਂ ਵੀ ਹੋਣਗੀਆਂ ਜੋ ਲੋਕਾਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਮੁਫਤ ਵਿਚ ਦੇਣਗੀਆਂ। ਸ. ਬਾਦਲ ਨੇ ਆਖਿਆ ਕਿ ਇਹ ਵੈਨਾਂ ਸਿਹਤ ਖੇਤਰ ਵਿਚ ਨਵੀਂ ਤਬਦੀਲੀ ਲਿਆਉਣਗੀਆਂ ਕਿਉਂ ਜੋ ਇਨ੍ਹਾਂ ਰਾਹੀਂ ਪੇਂਡੂ ਇਲਾਕਿਆਂ ਦੇ ਦੂਰ-ਦੁਰਾਡੇ ਖੇਤਰਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ। ਸ. ਬਾਦਲ ਨੇ ਆਖਿਆ ਕਿ ਇਹ ਵੈਨਾਂ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਮੀਲ ਪੱਥਰ ਸਾਬਤ ਹੋਣਗੀਆਂ।
ਸਿਹਤ ਜਾਗਰੂਕਤਾ ਮੁਹਿੰਮ ਬਾਰੇ ਵਿਸਥਾਰ ਵਿਚ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ ਇਹ ਮੁਹਿੰਮ 5 ਨਵੰਬਰ ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਤੱਕ ਚਲੇਗੀ ਅਤੇ ਸੂਬੇ ਦੇ ਸਾਰੇ ਪਿੰਡਾਂ ਵਿਚ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵੈਨ ਹਰ ਰੋਜ਼ 5 ਤੋਂ 7 ਪਿੰਡ ਕਵਰ ਕਰੇਗੀ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਪਿੰਡ 'ਚ ਠਹਿਰ ਦੌਰਾਨ ਨੁੱਕੜ ਨਾਟਕ ਖੇਡ ਕੇ ਲੋਕਾਂ ਨੂੰ ਸਿਹਤਮੰਦ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਆਖਿਆ ਕਿ ਇਨ੍ਹਾਂ ਸਿਹਤ ਉਪਰਾਲਿਆਂ ਜਾਂ ਮੋਬਾਇਲ ਵੈਨਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਹੋਰ ਜਾਣਕਾਰੀ ਲੈਣ ਲਈ ਟੋਲ ਫਰੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ, ਮਹਿਲਾ ਤੇ ਬਾਲ ਵਿਕਾਸ, ਸਿੱਖਿਆ, ਪੁਲਿਸ ਅਤੇ ਸਥਾਨਕ ਸਰਕਾਰ ਬਾਰੇ ਵਿਭਾਗਾਂ ਦੀ ਭਾਈਵਾਲੀ ਨਾਲ ਚਲਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਅਫਸਰ, ਰੂਰਲ ਮੈਡੀਕਲ ਅਫਸਰ, ਆਯੂਰਵੈਦਿਕ ਮੈਡੀਕਲ ਅਫਸਰ, ਹੋਮਿਓਪੈਥਿਕ ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਕਾਉਂਸਲਰਾਂ ਸਮੇਤ ਹੋਰ ਅਮਲਾ ਇਨ੍ਹਾਂ ਵੈਨਾਂ ਵਿਚ ਤਾਇਨਾਤ ਕੀਤਾ ਗਿਆ ਹੈ। ਮੈਡੀਕਲ ਟੀਮਾਂ ਵੱਲੋਂ ਓ.ਪੀ.ਡੀ. ਸੇਵਾਵਾਂ ਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਤੇ ਸਕੱਤਰ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਤੇ ਡਾ. ਐਸ.ਕੇ. ਰਾਜੂ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਐਚ.ਐਸ. ਬਾਲੀ ਤੋਂ ਇਲਾਵਾ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।