ਪਟਿਆਲਾ, 4 ਨਵੰਬਰ, 2016 : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਪਣੇ ਰਾਜਨੀਤਕ ਆਕਾਵਾਂ ਨੂੰ ਖੁਸ਼ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈ. ਅਮਰਿੰਦਰ ਸਿੰਘ ਨੇ 1984 ਦੇ ਹਜ਼ਾਰਾਂ ਸਿੱਖਾਂ ਦੇ ਕਾਤਲਾਂ ਨੂੰ ਕਲੀਨ ਚਿੱਟ ਦੇ ਕੇ ਸਿੱਖ ਕੌਮ ਦੀ ਪਿੱਠ ਵਿਚ ਛੂਰਾ ਮਾਰਿਆ ਹੈ, ਜਿਸ ਲਈ ਸਿੱਖ ਕੌਮ ਕੈ. ਅਮਰਿੰਦਰ ਸਿੰਘ ਨੂੰ ਕਦੇ ਮੁਆਫ ਨਹੀਂ ਕਰੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਹਿਲਾਂ ਤਾਂ ਸਿਰਫ ਕਾਂਗਰਸ ਪਾਰਟੀ ਸਿੱਖ ਦੰਗਿਆਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਸੀ ਪਰ ਹੁਣ ਕੈ. ਅਮਰਿੰਦਰ ਸਿੰਘ ਨੇ ਸਾਫ ਹੀ ਕਲੀਨ ਚਿੱਟ ਦੇ ਕੇ ਖਾਲਸਾ ਪੰਥ ਦੇ ਜਜਬਾਤਾਂ ਨੂੰ ਭੜਕਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਬਣੇ ਕਮਿਸ਼ਨਰ ਅਤੇ ਜਾਂਚ ਕਮੇਟੀਆਂ ਨੇ ਜਿਹੜੇ ਆਗੂਆਂ ਦੀ ਪਛਾਣ ਕੀਤੀ ਸੀ, ਉਨ੍ਹਾਂ ਆਗੂਆਂ ਨੂੰ ਕਿਸ ਲਿਹਾਜ ਨਾਲ ਕੈ. ਅਮਰਿੰਦਰ ਸਿੰਘ ਕਲੀਨ ਚਿੱਟ ਦੇ ਰਹੇ ਹਨ, ਇਸ ਦਾ ਜਵਾਬ ਉਨ੍ਹਾਂ ਨੂੰ ਸਿੱਖ ਕੌਮ ਨੂੰ ਦੇਣਾ ਪਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਕਾਤਲਾਂ ਦੇ ਵਾਅਦਾ ਮੁਆਫ ਗਵਾਹ ਬਣ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਸ ਵੀ ਵਿਅਕਤੀ ਨੇ ਸਿੱਖ ਕੌਮ ਨਾਲ ਮੱਥਾ ਲਾਇਆ ਹੈ, ਉਸ ਨੂੰ ਕੌਮ ਨੇ ਕਦੇ ਮੁਆਫ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ, ਗਾਂਧੀ ਪਰਿਵਾਰ ਅਤੇ ਹੋਰ ਹਾਈਕਮਾਂਡ ਦੇ ਆਗੂਆਂ ਨੂੰ ਖੁਸ਼ ਕਰਨ ਲਈ ਅਜਿਹੀਆਂ ਔਛੀਆਂ ਹਰਕਤਾਂ ਕਰ ਰਹੇ ਹਨ ਜਦੋਂ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਨਵੰਬਰ 1984 ਵਿਚ ਹੋਏ ਦੰਗਿਆਂ ਵਿਚ ਹਜ਼ਾਰਾਂ ਸਿੱਖਾਂ ਨੂੰ ਬੇਦਰਦੀ ਨਾਲ ਕਤਲ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਕੈ. ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਦਾ ਘਿਰਾਓ ਕਰਕੇ ਉਸ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।