ਚੰਡੀਗੜ੍ਹ, 14 ਨਵੰਬਰ, 2016 : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੂਬੇ ਵਿੱਚ ਲੁੱਟਾਂ-ਖੋਹਾਂ ਅਤੇ ਫਿਰੌਤੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿਖੇ ਇੱਕ ਵਿਦੇਸ਼ੀ ਸੈਲਾਨੀ ਤੋਂ ਹੋਈ ਲੁੱਟ ਉਤੇ ਚਿੰਤਾ ਜਾਹਿਰ ਕਰਦਿਆਂ ਵੜੈਚ ਨੇ ਦੋਸ਼ ਲਗਾਇਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਪੂਰੀ ਦੁਨੀਆਂ ਵਿੱਚ ਪੰਜਾਬ ਦੀ ਬਦਨਾਮੀ ਕਰਵਾ ਰਹੀ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸੂਬੇ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਬੁਰੀ ਤਰਾਂ ਫਲਾਪ ਸਾਬਿਤ ਹੋਈ ਹੈ। ਇਸ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਅਹੁਦੇ ਉਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ ਕਿਉਂਕਿ ਉਨਾਂ ਕੋਲ ਗ੍ਰਹਿ ਮੰਤਰਾਲੇ ਦੀ ਵੀ ਜਿੰਮੇਵਾਰੀ ਹੈ।
ਗੁਰਪ੍ਰੀਤ ਵੜੈਚ ਨੇ ਕਿਹਾ ਕਿ ਸੂਬੇ ਅੰਦਰ ਹਰ ਰੋਜ ਲੁੱਟਾਂ-ਖੋਹਾਂ, ਫਿਰੋਤੀਆਂ ਅਤੇ ਡਕੈਤੀਆਂ ਹੋ ਰਹੀਆਂ ਹਨ, ਪ੍ਰੰਤੂ ਪੰਜਾਬ ਸਰਕਾਰ ਸੁੱਤੀ ਪਈ ਹੈ। ਉਨਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਨੂੰ ਚੰਬਲ ਦੀ ਘਾਟੀ ਵਿੱਚ ਤਬਦੀਲ ਕਰ ਦਿੱਤਾ ਹੈ। ਵੜੈਚ ਨੇ ਦੋਸ਼ ਲਗਾਇਆ ਕਿ ਸੱਤਾ ਦੇ ਜੋਰ ਉਤੇ ਬਾਦਲ ਖੁਦ ਵੀ ਦੋਵੇਂ ਹੱਥਾਂ ਨਾਲ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਚੋਰ-ਉਚੱਕਿਆਂ ਤੇ ਆਪਣੇ ਅਖੌਤੀ ਜਥੇਥਾਰਾਂ ਨੂੰ ਵੀ ਲੁੱਟ-ਮਾਰ ਕਰਨ ਦੀ ਉਨਾਂ ਨੇ ਖੁੱਲ ਦਿੱਤੀ ਹੋਈ ਹੈ। ਉਨਾਂ ਕਿਹਾ ਕਿ ਅੰਮ੍ਰਤਸਰ ਵਿਖੇ 400 ਕਰੋੜ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਅਕਾਲੀ ਆਗੂ ਨੂੰ ਛੱਡੇ ਜਾਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਬਾਦਲਾਂ ਨੇ ਆਪਣੇ ਕਰੀਬੀਆਂ ਨੂੰ ਲੁੱਟ ਕਰਨ ਦੀ ਇਜਾਜਤ ਦਿੱਤੀ ਹੋਈ ਹੈ। ਉਨਾਂ ਬੰਗਾ ਨੇੜੇ ਬੱਚੀ ਦੀ ਫਿਰੌਤੀ ਲਈ ਹੋਈ ਹੱਤਿਆ ਉਤੇ ਡੂੰਘਾ ਦੁੱਖ ਜਤਾਉਂਦਿਆ ਕਿਹਾ ਕਿ ਕੁੱਝ ਦਿਨ ਪਹਿਲਾਂ ਮਾਨਸਾ ਜਿਲੇ ਨਾਲ ਸਬੰਧਿਤ ਅਕਾਲੀ ਆਗੂ ਵੱਲੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ। ਉਨਾਂ ਕਿਹਾ ਕਿ ਹਰ ਰੋਜ ਇਸ ਤਰਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਰਾਜਨੀਤਿਕ ਦਬਾਅ ਦੇ ਥੱਲੇ ਪੁਲਿਸ ਬੇਵਸ ਜਾਪਦੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਸੂਬੇ ਅੰਦਰ 50 ਤੋਂ ਵੱਧ ਗੈਂਗਾਂ ਦੇ ਸਰਗਰਮ ਹੋਣ ਦੀ ਗੱਲ ਮੰਨ ਚੁੱਕੇ ਹਨ। ਅਜਿਹੇ ਮਾਹੌਲ ਵਿੱਚ ਆਮ ਆਦਮੀ ਅੰਦਰ ਭਾਰੀ ਸਹਿਮ ਫੈਲ ਗਿਆ ਹੈ, ਇਸ ਲਈ ਇਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਤੱਕ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਰਕਾਰ ਪਹਿਲ ਦੇ ਆਧਾਰ ‘ਤੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰੇਗੀ।