ਚੰਡੀਗੜ੍ਹ, 30 ਨਵੰਬਰ, 2016 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਪੰਚਾਇਤ ਸੈੱਲ ਦੇ ਪੰਜਾਬ ਪ੍ਰਧਾਨ ਹਰਦੇਵ ਸਿੰਘ ਸਿਆਲੂ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਟਾਂਡਾ ਆਪਣੇ ਹਮਾਇਤੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਕਾਬਿਲੇਗੌਰ ਹੈ ਕਿ ਟਾਂਡਾ ਨੇ ਪੀਪੀਪੀ ਦੀ ਟਿਕਟ 'ਤੇ ਸਨੌਰ ਹਲਕੇ ਤੋਂ 2012 ਵਿਚ ਵਿਧਾਨ ਸਭਾ ਦੀ ਚੋਣ ਲੜੀ ਸੀ ਜਦਕਿ ਸਿਆਲੂ ਪੰਚਾਇਤ ਯੂਨੀਅਨ ਦੇ ਹੱਕਾਂ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਇਸ ਮੌਕੇ ਦੋਵਾਂ ਆਗੂਆਂ ਨੂੰ ਸ. ਬਾਦਲ ਨੇ ਸਿਰੋਪਾਓ ਭੇਟ ਕੀਤੇ ਅਤੇ ਕਿਹਾ ਕਿ ਦੋਵਾਂ ਆਗੂਆਂ ਨੂੰ ਪਾਰਟੀ ਵਿਚ ਪੂਰਾ ਆਦਰ-ਮਾਣ ਤੇ ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਸੇਵਾਵਾਂ ਮਾਲਵਾ ਖਿੱਤੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਹੋਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਕਾਹਲੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਵਿਕਾਸਮੁਖੀ ਅਤੇ ਲੋਕ ਪੱਖੀ ਸੋਚ ਸਦਕਾ ਪੰਜਾਬ ਵਾਸੀ ਲਗਾਤਾਰ ਤੀਜੀ ਵਾਰ ਵੀ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿਚ ਪੰਜਾਬ ਦੇ ਸਰਬਪੱਖੀ ਵਿਕਾਸ ਸਦਕਾ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਆਪ ਕੋਲ ਕੋਈ ਮੁੱਦਾ ਹੀ ਨਹੀਂ ਰਹਿ ਗਿਆ ਹੈ।
ਆਮ ਆਦਮੀ ਪਾਰਟੀ ਦੀ ਨਿੰਦਾ ਕਰਦਿਆਂ ਸਿਆਲੂ ਨੇ ਕਿਹਾ ਕਿ ਆਪ ਦੇ ਆਗੂਆਂ ਨੂੰ ਨਾ ਤਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਿੱਖ ਭਾਈਚਾਰੇ ਨਾਲ ਕੋਈ ਸੰਵੇਦਨਾ ਹੈ। ਉਨ੍ਹਾਂ ਕਿਹਾ ਕਿ ਆਪ ਮਾਨਸਿਕ ਰੋਗੀਆਂ ਦਾ ਇਕ ਅਜਿਹਾ ਟੋਲਾ ਹੈ ਜਿਨ੍ਹਾਂ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ-ਅਸਮਾਨ ਦਾ ਫਰਕ ਹੈ।
ਉੱਧਰ ਟਾਂਡਾ ਨੇ ਕਿਹਾ ਕਿ ਆਪਸੀ ਖਹਿਬਾਜ਼ੀ ਅਤੇ ਲੜਾਈ ਨੇ ਕਾਂਗਰਸ ਨੂੰ ਢਹਿ ਢੇਰੀ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਭਲਾਈ ਲਈ ਜੇਕਰ ਕੋਈ ਪਾਰਟੀ ਚਿੰਤਾ ਪ੍ਰਗਟ ਕਰਦੀ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਇਸੇ ਕਰਕੇ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਉੱਪ ਮੁੱਖ ਮੰਤਰੀ ਦੇ ਓਐਸਡੀ ਚਰਨਜੀਤ ਸਿੰਘ ਬਰਾੜ ਹਾਜ਼ਰ ਸਨ।