ਜਲਾਲਾਬਾਦ, 7 ਦਸੰਬਰ, 2016 : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਹੋਣ ਵਾਲੀ 'ਪਾਣੀ ਬਚਾਓ ਪੰਜਾਬ ਬਚਾਓ' ਰੈਲੀ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੇ ਅਕਾਲੀ-ਭਾਜਪਾ ਆਗੂਆਂ ਨੇ ਪਹਿਲਾਂ ਹੀ ਪ੍ਰਣ ਕੀਤਾ ਹੋਇਆ ਹੈ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਵਾਧੂ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਕਿਸੇ ਵੀ ਹਾਲਤ ਵਿਚ ਨਹੀਂ ਦਿੱਤਾ ਜਾਵੇਗਾ।
ਇੱਥੇ ਜਲਾਲਾਬਾਦ ਸ਼ਹਿਰ ਦੇ ਵਾਰਡਾਂ ਦੇ ਸੰਗਤ ਦਰਸ਼ਨ ਦੌਰਾਨ ਆਪਣੇ ਸੰਬੋਧਨ ਵਿਚ ਸ. ਬਾਦਲ ਨੇ ਕਿਹਾ ਕਿ ਸਾਰੇ ਸੂਬੇ ਵਿਚੋਂ ਬਹੁਤ ਵੱਡੀ ਗਿਣਤੀ 'ਚ ਪੰਜਾਬ ਵਾਸੀ 8 ਦਸੰਬਰ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਮੋਗਾ ਰੈਲੀ ਵਿਚ ਇਕੱਠੇ ਹੋਣਗੇ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਵਿਕਾਸ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਤੀਜੀ ਵਾਰ ਵੀ ਗੱਠਜੋੜ ਸਰਕਾਰ ਸੇਵਾ ਸੰਭਾਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਦੇ ਨਾਲ-ਨਾਲ ਲੋਕ ਭਲਾਈ ਦੀਆਂ ਅਜਿਹੀਆਂ ਬਹੁਤ ਸਾਰੀਆਂ ਸਕੀਮਾਂ ਤੇ ਯੋਜਵਾਨਾਂ ਵੀ ਸ਼ੁਰੂ ਕੀਤੀਆਂ ਹਨ ਜਿਸ ਨਾਲ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ।
ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ਗਨ ਸਕੀਮ, ਮੁਫਤ ਸਿਹਤ ਬੀਮਾ ਯੋਜਨਾ, ਐਸ.ਸੀ-ਬੀ.ਸੀ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ, ਮੁਫਤ ਆਟਾ-ਦਾਲ ਸਕੀਮ, ਮੁਫਤ ਦਵਾਈ ਕੇਂਦਰ, ਮੁਫਤ ਗੈਸ ਕੁਨੈਕਸ਼ਨ, ਕਿਸਾਨਾਂ ਨੂੰ ਮੁਫਤ ਬਿਜਲੀ ਤੋਂ ਇਲਾਵਾ ਸੂਬੇ ਨੂੰ ਵਾਧੂ ਬਿਜਲੀ ਵਾਲਾ ਅਤੇ ਸੜਕੀ ਨੈੱਟਵਰਕ ਵਿਚ ਅੱਵਲ ਬਣਾਇਆ ਹੈ।
ਬਾਅਦ ਵਿਚ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਵੀ ਜਾਰੀ ਕਰ ਦਿੱਤਾ ਜਾਵੇਗਾ ਅਤੇ ਇਸ ਬਾਬਤ ਗਠਿਤ ਸੀਨੀਅਰ ਆਗੂਆਂ ਦੀ ਟੀਮ ਵੱਲੋਂ ਜ਼ੋਰ-ਸ਼ੋਰ ਨਾਲ ਕੰਮ ਜਾਰੀ ਹੈ।ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਵੱਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੇ ਉਸ ਦੇ ਆਗੂਆਂ ਨੂੰ ਸਬਕ ਸਿਖਾਉਣਗੇ ਅਤੇ ਭਗਵੰਤ ਮਾਨ ਸਮੇਤ ਆਪ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ।
ਜਲਾਲਾਬਾਦ ਸ਼ਹਿਰ ਦੇ ਵਾਰਡਾਂ ਦੇ ਸੰਗਤ ਦਰਸ਼ਨ ਦੌਰਾਨ ਉੱਪ ਮੁੱਖ ਮੰਤਰੀ ਨੇ 6 ਕਰੋੜ ਰੁਪਏ ਦੇ ਕਰੀਬ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ। ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਨ੍ਹਾਂ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਐਗਰੋ ਦੇ ਉਪ ਚੇਅਰਮੈਨ ਸ਼੍ਰੀ ਅਸ਼ੋਕ ਅਨੇਜਾ ਦੇ ਗ੍ਰਹਿ ਵਿਖੇ ਪੁੱਜ ਕੇ ਬੀਤੇ ਦਿਨੀਂ ਉਨ੍ਹਾਂ ਦੀ ਮਾਤਾ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ. ਬਾਦਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਅਨੇਜਾ ਪਰਿਵਾਰ ਦੇ ਨਾਲ ਹੈ। ਉਨ੍ਹਾਂ ਇਸ ਮੌਕੇ ਵਿੱਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਦੇ ਚਰਨਾ ਵਿਚ ਅਰਦਾਸ ਕੀਤੀ।
ਇਸ ਮੌਕੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ, ਓ.ਐਸ.ਡੀ. ਮਨੀਸ਼ ਕੁਮਾਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਡੀ.ਆਈ.ਜੀ.ਫਿਰੋਜ਼ਪੁਰ ਰੇਂਜ ਸ਼੍ਰੀ ਰਣਵੀਰ ਸਿੰਘ ਖੱਟੜਾ, ਜ਼ਿਲ੍ਹਾ ਪੁਲਸ ਮੁਖੀ ਸ਼੍ਰੀ , ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸ. ਗੁਰਪਾਲ ਸਿੰਘ ਗਰੇਵਾਲ, ਸ. ਦਵਿੰਦਰ ਸਿੰਘ ਬੱਬਲ, ਸ. ਜੈਸਰਤ ਸਿੰਘ ਸੰਧੂ, ਸ੍ਰੀ ਪ੍ਰੇਮ ਵਲੇਚਾ, ਸ਼੍ਰੀ ਮੰਟੂ ਵਹੋਰਾ, ਸਵੀਟੀ ਬਜਾਜ, ਸ਼੍ਰੀ ਟਿੰਕਨ ਪਰੂਥੀ, ਸ਼ਿਵ ਤਰਪਾਲ, ਸਤਿੰਦਰ ਸਿੰਘ ਸਵੀ ਕਾਠਪਾਲ, ਬੱਬੂ ਜੈਮਲਵਾਲਾ ਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਭਾਜਪਾ ਵਰਕਰ ਅਤੇ ਇਲਾਕੇ ਦੇ ਪਤਵੰਤੇ ਹਾਜਰ ਸਨ।