ਰਾਜਪੁਰਾ (ਪਟਿਆਲਾ), 20 ਦਸੰਬਰ, 2016 : ਪੈਸੇ ਦੇ ਕੇ ਟਿਕਟਾਂ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਲੋਕ ਇਨਸਾਫ ਦੀ ਉਮੀਦ ਨਾ ਰੱਖਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਮਾਲ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਰਾਜਪੁਰਾ ਦੇ ਮਿਊਸਪਲ ਕੌਂਸਲਰ ਸ਼੍ਰੀ ਅਰਵਿੰਦਰਪਾਲ ਸਿੰਘ ਰਾਜੂ ਦੇ ਮਾਤਾ ਸਵ: ਸਰਦਾਰਨੀ ਤੀਰਥ ਕੌਰ ਨਮਿਤ ਪਾਠ ਦੇ ਭੋਗ ਵਿੱਚ ਸ਼ਮੂਲੀਅਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖਣ ਵਾਲੀ ਆਮ ਆਦਮੀ ਭ੍ਰਿਸ਼ਟਾਚਾਰ, ਛੇੜਛਾੜ ਤੇ ਬਲਾਤਕਾਰ ਦੇ ਗੰਭੀਰ ਮਾਮਲਿਆਂ ਵਿੱਚ ਘਿਰੀ ਹੋਈ ਹੈ, ਇਸੇ ਕਾਰਨ ਆਪ ਦੇ ਕਈ ਵੱਡੇ ਆਗੂ ਇਸ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ। ਕੈਬਨਿਟ ਮੰਤਰੀ ਸ. ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਤਾਬੜ ਤੋੜ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਐਸ.ਵਾਈ.ਐਲ. ਦੇ ਮੁੱਦੇ 'ਤੇ ਕੇਜਰੀਵਾਲ ਵੱਲੋਂ ਨਿੱਤ ਦਿਨ ਬਦਲੇ ਜਾ ਰਹੇ ਬਿਆਨਾਂ ਨੇ ਇਸ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹਰਿਆਣਾ ਦੇ ਜੰਮਪਲ ਨੂੰ ਪੰਜਾਬ ਦੇ ਲੋਕਾਂ ਦਾ ਦਰਦ ਕਦੇ ਵੀ ਮਹਿਸੂਸ ਨਹੀਂ ਹੋਣਾ।
ਪੱਤਰਕਾਰਾਂ ਵੱਲੋਂ ਨੌਜਵਾਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਪ੍ਰਤੀਨਿਧਤਾ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ. ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਪਿਛਲੀਆਂ ਚੋਣਾਂ ਦੇ ਮੁਕਾਬਲੇ ਵੱਧ ਪ੍ਰਤੀਨਿਧਤਾ ਦਿੱਤੀ ਗਈ ਹੈ। ਰਾਜਪੁਰਾ ਦੀ ਸੀਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਮਜੀਠੀਆ ਨੇ ਕਿਹਾ ਕਿ ਇਸ ਬਾਰੇ ਫੈਸਲਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਪ੍ਰਧਾਨ ਵੱਲੋਂ ਹੀ ਲਿਆ ਜਾਵੇਗਾ। ਸ. ਮਜੀਠੀਆ ਨੇ ਸਵਰਗਵਾਸੀ ਸਰਦਾਰਨੀ ਤੀਰਥ ਕੌਰ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੀ ਸਾਝਾਂ ਕੀਤਾ।
ਇਸ ਮੌਕੇ ਯੂਥ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ. ਰਣਜੀਤ ਸਿੰਘ ਰਾਣਾ, ਮਿਊਸਪਲ ਕੌਂਸਲਰ ਸ਼੍ਰੀ ਅਰਵਿੰਦਰਪਾਲ ਸਿੰਘ ਰਾਜੂ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਪਰਮਿੰਦਰ ਸਿੰਘ ਬਰਾੜ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਛਾਬੜਾ, ਸ. ਹਰਪ੍ਰੀਤ ਸਿੰਘ ਅਬਦੁਲਪੁਰ, ਡੀ.ਐਸ.ਪੀ. ਰਾਜਪੁਰਾ ਸ਼੍ਰੀ ਰਮਨਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਵੀ ਹਾਜਰ ਸਨ।