ਬਠਿੰਡਾ, 24 ਦਸੰਬਰ, 2016 : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤਹਿਤ ਸਥਾਨਕ ਆਈ.ਟੀ.ਆਈ. ਕੰਪਲੈਕਸ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਮਲਟੀ ਸਕਿਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਸੈਂਟਰ ਤੋਂ ਸਾਲਾਨਾ 2000 ਸਿਖਿਆਰਥੀ ਵੱਖ-ਵੱਖ ਹੁਨਰਾਂ ਦੀ ਟ੍ਰੇਨਿੰਗ ਲੈ ਕੇ ਹੁਨਰ ਵਿਕਾਸ ਮਿਸ਼ਨ ਨਾਲ ਜੁੜੀਆਂ ਕੰਪਨੀਆਂ ਵਿਚ ਰੋਜ਼ਗਾਰ ਪ੍ਰਾਪਤ ਕਰਨਗੇ।
ਉਦਯੋਗਿਕ ਟ੍ਰੇਨਿੰਗ ਇੰਸਟੀਚਿਊਟ ਵਿਚ ਐਡਵਾਂਸਡ ਕੈਂਸਰ ਇੰਸਟੀਚਿਊਟ ਦੀ ਐਂਬੂਲੈਂਸ ਨੂੰ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਸ਼੍ਰੀਮਤੀ ਬਾਦਲ ਨੇ ਨਵੇਂ ਉਸਾਰੇ ਬਹੁ ਹੁਨਰ ਵਿਕਾਸ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਸੈਂਟਰ ਵਿਚ ਸ਼ਹਿਰ ਅਤੇ ਪਿੰਡਾਂ ਦੇ 5ਵੀਂ, 10ਵੀਂ ਅਤੇ 12ਵੀਂ ਪਾਸ ਨੌਜਵਾਨਾਂ ਨੂੰ 19 ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ ਜਿਨ੍ਹਾਂ ਦੀ ਮਿਆਦ 3 ਮਹੀਨੇ ਤੋਂ ਇੱਕ ਸਾਲ ਤੱਕ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਖਿਆਰਥੀਆਂ ਨੂੰ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਹੁਨਰ ਵਿਕਾਸ ਮਿਸ਼ਨ ਨਾਲ ਜੁੜੀਆਂ ਦੇਸ਼ ਦੀਆਂ ਨਾਮੀ 12 ਕੰਪਨੀਆਂ ਵਿਚ ਨੌਕਰੀਆਂ ਦਵਾਈਆਂ ਜਾਣਗੀਆਂ। ਕੇਂਦਰੀ ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਵਿਕਾਸ ਮਿਸ਼ਨ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪੇਂਡੂ ਪਰਿਵਾਰਾਂ ਤੋਂ ਆਉਣ ਵਾਲੇ ਸਿਖਿਆਰਥੀਆਂ ਨੂੰ ਮੁਫ਼ਤ ਟ੍ਰੇਨਿੰਗ, ਰਿਹਾਇਸ਼, ਖਾਣਾ ਅਤੇ ਟਰਾਂਸਪੋਰਟ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਨ੍ਹਾਂ ਸਿਖਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਇਹ ਸਿਖਿਆਰਥੀ ਟੈਕਸਟਾਈਲ, ਮੈਨੂਫੈਕਚਰਿੰਗ, ਆਟੋਮੋਟਿਵ, ਫਿਟਨੈਸ, ਸੂਚਨਾ ਤਕਨਾਲੋਜੀ, ਅੰਗਰੇਜੀ ਭਾਸ਼ਾ ਆਦਿ ਦੀ ਟ੍ਰੇਨਿੰਗ ਲੈ ਕੇ ਆਪਣੀ ਪੈਰੀਂ ਹੋ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਰਾਸ਼ਟਰੀ ਹੁਨਰ ਵਿਕਾਸ ਮਿਸ਼ਨ ਤਹਿਤ ਕਰੋੜਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦਾ ਤਹੱਈਆ ਕੀਤਾ ਗਿਆ ਹੈ ਅਤੇ ਪੰਜਾਬ 'ਚ ਹੁਨਰ ਵਿਕਾਸ ਦੀ ਭਾਈਵਾਲ ਗ੍ਰਾਮ ਤਰੰਗ ਵਲੋਂ ਪਹਿਲਾਂ ਲੁਧਿਆਣਾ ਅਤੇ ਹੁਣ ਬਠਿੰਡਾ ਵਿਚ ਇਹ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦੀ ਸਥਾਪਤੀ ਨਾਲ ਬਠਿੰਡਾ ਅਤੇ ਜ਼ਿਲ੍ਹੇ ਦੇ ਪਿੰਡਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇਗਾ।
ਸਥਾਨਕ ਅਰਬਨ ਅਸਟੇਟ ਫੇਜ਼ 1 ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਬਾਦਲ ਨੇ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਦੀ ਮੌਜੂਦਗੀ ਵਿਚ 200 ਤੋਂ ਵੱਧ ਪਰਿਵਾਰਾਂ ਨੂੰ ਯੋਜਨਾ ਤਹਿਤ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 42 ਹਜ਼ਾਰ ਸ਼ਹਿਰੀ ਲੋਕਾਂ ਨੂੰ ਇਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਡੇਢ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ ਜਿਨ੍ਹਾਂ ਵਿਚੋਂ 5000 ਪਰਿਵਾਰ ਜ਼ਿਲ੍ਹੇ ਬਠਿੰਡਾ ਨਾਲ ਸਬੰਧਤ ਹਨ ਅਤੇ 1000 ਤੋਂ ਵੱਧ ਲਾਭਪਾਤਰ ਬਠਿੰਡਾ ਸ਼ਹਿਰ ਦੇ ਹੀ ਹਨ।
ਸ਼੍ਰੀਮਤੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਇਕੋ ਇਕ ਮਕਸਦ ਹਰ ਇੱਕ ਨੂੰ ਮਕਾਨ ਮੁਹੱਈਆ ਕਰਵਾਉਣਾ ਹੈ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈੇ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਲਾਭਪਾਤਰਾਂ ਦੇ ਫਾਰਮ ਅਜੇ ਤੱਕ ਨਹੀਂ ਭਰੇ ਜਾ ਸਕੇ ਉਨ੍ਹਾਂ ਦੇ ਫਾਰਮ ਭਰਕੇ ਜਲਦ ਹੀ ਉਨ੍ਹਾਂ ਨੂੰ ਯੋਜਨਾ ਦੇ ਘੇਰੇ ਵਿਚ ਲਿਆ ਕੇ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ।
ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਸ਼੍ਰੀਮਤੀ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੱਖਾਂ ਪਰਿਵਾਰਾਂ ਨੂੰ ਵੱਡਾ ਫਾਇਦਾ ਹੋਵੇਗਾ ਜਿਸ ਤਹਿਤ ਉਹ ਆਪਣਾ ਮਕਾਨ ਬਣਾ ਅਤੇ ਮੁਰੰਮਤ ਕਰਵਾ ਸਕਣਗੇ। ਇਸ ਮੌਕੇ ਮੇਅਰ ਸ਼੍ਰੀ ਬਲਵੰਤ ਰਾਏ ਨਾਥ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇੇਨਾ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਅਨਿਲ ਗਰਗ ਅਤੇ ਐਸ.ਡੀ.ਐਮ. ਸ਼੍ਰੀਮਤੀ ਸਾਕਸ਼ੀ ਸਾਹਨੀ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਸ਼੍ਰੀਮਤੀ ਬਾਦਲ ਨੇ ਪਿੰਡ ਬਾਂਡੀ ਵਿਚ ਹਾਈ ਤੋਂ ਸੀਨੀਅਰ ਸੈਕੰਡਰੀ, ਪਿੰਡ ਗੁਰੂਸਰ ਸੈਨੇਵਾਲਾ 'ਚ ਮਿਡਲ ਤੋਂ ਹਾਈ, ਪਿੰਡ ਫੂਸ ਮੰਡੀ 'ਚ ਮਿਡਲ ਤੋਂ ਹਾਈ, ਪਿੰਡ ਨੇਹੀਆਂਵਾਲਾ 'ਚ ਹਾਈ ਤੋਂ ਸੀਨੀਅਰ ਸੈਕੰਡਰੀ, ਬੀੜ ਤਲਾਬ ਬਸਤੀ 2 ਅਤੇ 3 ਵਿਚ ਮਿਡਲ ਤੋਂ ਹਾਈ ਪਿੰਡ ਹਰਰਾਏਪੁਰ 'ਚ ਹਾਈ ਤੋਂ ਸੀਨੀਅਰ ਸੈਕੰਡਰੀ ਅਪਗ੍ਰੇਡ ਹੋਏ ਸਕੂਲਾਂ ਦਾ ਨੀਂਹ ਪੱਥਰ ਰੱਖਿਆ।