← ਪਿਛੇ ਪਰਤੋ
ਚੰਡੀਗੜ੍ਹ, 25 ਦਸੰਬਰ, 2016 : ਭਾਰਤੀ ਜਨਤਾ ਪਾਰਟੀ ਦੀ 'ਵਿਜੇ ਸੰਕਲਪ ਰਥ ਯਾਤਰਾ' ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਹੁਣ 29 ਦਸੰਬਰ 2016 ਨੂੰ ਹੁਸੈਨੀਵਾਲਾ ਤੋਂ ਸ਼ੁਰੂ ਹੋਵੇਗੀ ਅਤੇ ਇਸ ਯਾਤਰਾ ਦਾ ਅਖੀਰਲਾ ਪੜਾਅ 8 ਜਨਵਰੀ 2017 ਨੂੰ ਸ੍ਰੀ ਅੰਮ੍ਰਿਤਸਰ ਹੋਵੇਗਾ। ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਪ੍ਰਚਾਰ ਤੇ ਜਨਸੰਪਰਕ ਮੁਹਿੰਮ ਤਹਿਤ ਇਹ 'ਵਿਜੇ ਸੰਕਲਪ ਰਥ ਯਾਤਰਾ' ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਵੱਖ-ਵੱਖ ਮੌਕਿਆਂ 'ਤੇ ਭਾਜਪਾ ਦੇ ਕੌਮੀਂ ਆਗੂ ਵੀ ਸ਼ਮੂਲੀਅਤ ਕਰਨਗੇ ਅਤੇ ਯਾਤਰਾ ਲਈ ਰਥ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਇਆ ਜਾ ਰਿਹਾ ਹੈ। ਸ੍ਰੀ ਜੋਸ਼ੀ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਸੂਬਾ ਜਥੇਬੰਦਕ ਜਨਰਲ ਸਕੱਤਰ ਸ੍ਰੀ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਰਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ ਹੈ।
Total Responses : 266