ਬਠਿੰਡਾ, 3 ਜਨਵਰੀ, 2017 : ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਿਰਕਤ ਕਰਨ ਅਤੇ ਨਤਮਸਤਕ ਹੋਣ ਲਈ ਜ਼ਿਲ੍ਹਾ ਬਠਿੰਡਾ, ਮੁਕਤਸਰ ਅਤੇ ਮਾਨਸਾ ਦੀਆਂ ਸੰਗਤਾਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਬਠਿੰਡਾ ਰੇਲਵੇ ਸਟੇਸ਼ਨ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬਠਿੰਡਾ, ਮੁਕਤਸਰ ਅਤੇ ਮਾਨਸਾ ਦੇ 1000 ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਇਸ ਵਿਸ਼ੇਸ਼ ਰੇਲ ਗੱਡੀ ਦੇ 13 ਡੱਬਿਆਂ ਵਿਚ ਸਵਾਰ ਹੋ ਕੇ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅਗਰਵਾਲ ਨੇ ਦੱਸਿਆ ਕਿ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਉਪਰੰਤ 6 ਜਨਵਰੀ ਨੂੰ ਵਿਸ਼ੇਸ਼ ਟਰੇਨ ਰਾਹੀਂ ਬਠਿੰਡਾ ਪੁੱਜਣਗੇ। ਡਾ. ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਪਹਿਲਾਂ ਵੀ ਵਿਸ਼ੇਸ਼ ਰੇਲ ਗੱਡੀਆਂ ਸ਼ਰਧਾਲੂਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾ ਚੁੱਕੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਵੀ ਮੌਜੂਦ ਸਨ।