ਬਰਨਾਲਾ, 5 ਜਨਵਰੀ, 2017 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ ਰਾਏ ਅਤੇ ਸੀਨੀਅਰ ਪੁਲਿਸ ਕਪਤਾਨ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਐਸ.ਪੀ. (ਇੰਨਵੈਸਟੀਗੇਸ਼ਨ) ਸਵਰਨ ਸਿੰਘ ਖੰਨਾ ਅਤੇ ਡੀ.ਐਸ.ਪੀ. ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਸੀ.ਆਰ.ਪੀ.ਐਫ. ਦੇ ਜਵਾਨਾਂ ਅਤੇ ਬਰਨਾਲਾ ਪੁਲਿਸ ਨੇ ਬਰਨਾਲਾ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਵਿੱਚ ਸ਼ਾਮਲ ਪੰਜਾਬ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਪੈਦਲ/ਗੱਡੀਆਂ ਰਾਹੀਂ ਬੱਸ ਸਟੈਂਡ ਤੋਂ ਫਲੈਗ ਮਾਰਚ ਸ਼ੁਰੂ ਕੀਤਾ ਜੋ ਕਿ ਵਾਲਮੀਕਿ ਚੌਂਕ, ਸਦਰ ਬਾਜ਼ਾਰ, ਪੱਕਾ ਕਾਲਜ/ਕੱਚਾ ਕਾਲਜ ਰੋਡ, ਕਚਹਿਰੀ ਚੌਂਕ, ਧਨੌਲਾ ਸ਼ਹਿਰ ਤੋਂ ਕੱਟੂ, ਸੇਖਾ ਤੋਂ ਸੰਘੇੜਾ ਤੋਂ ਹੁੰਦੇ ਹੋਏ ਪੁਲਿਸ ਲਾਈਨ ਬਰਨਾਲਾ ਵਿਖੇ ਸਮਾਪਤ ਕੀਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਮੈਡਮ ਅਮ੍ਰਿਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਬਿਨਾਂ ਕਿਸੇ ਡਰ, ਭੈਅ ਤੋਂ ਅਮਨ ਤੇ ਸ਼ਾਂਤੀ ਦੇ ਮਾਹੌਲ ਵਿੱਚ ਕਰਵਾਉਣ ਅਤੇ ਹਲਕੇ ਦੇ ਵੋਟਰਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਅੱਜ ਪੰਜਾਬ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਲੋਕ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਨਾਲ ਜਿਥੇ ਲੋਕਾਂ ਦੇ ਦਿਲਾਂ ਵਿੱਚ ਸੁਰੱਖਿਆ ਦੀ ਭਾਵਨਾਂ ਵਿੱਚ ਵਾਧਾ ਹੋਵੇਗਾ ਉਥੇ ਹੀ ਸਮਾਜ ਵਿਰੋਧੀ ਅਨਸਰਾਂ ਦੇ ਦਿਲਾਂ ਵਿੱਚ ਵੀ ਪੁਲਿਸ ਦਾ ਡਰ ਵਧੇਗਾ ਅਤੇ ਉਹ ਚੋਣਾਂ ਦੌਰਾਨ ਕਿਸੇ ਕਿਸਮ ਦੀ ਸਮਾਜ ਵਿਰੋਧੀ ਹਰਕਤ ਕਰਨ ਦੀ ਜੁਰਅਤ ਨਹੀਂ ਕਰਨਗੇ।