ਸੀਨੀਅਰ ਪੁਲਿਸ ਕਪਤਾਨ ਨੇ ਆਮ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ
ਮੋਗਾ, 5 ਜਨਵਰੀ, 2017 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਪਰਮਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ 'ਚ ਸ਼ਰਾਬ ਤੇ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ 'ਡਰੱਗ ਕੰਟਰੋਲ ਕਮੇਟੀ ' ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਜੇ ਕੁਮਾਰ ਸੂਦ ਅਤੇ ਸਹਾਇਕ ਸਿਵਲ ਸਰਜਨ ਅਰੁਣ ਕੁਮਾਰ ਗੁਪਤਾ ਵੀ ਮੌਜੂਦ ਸਨ।
ਇਸ ਮੌਕੇ ਸ. ਗਿੱਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਨੂੰ ਠੱਲ ਪਾਉਣ ਲਈ 'ਡਰੱਗ ਕੰਟਰੋਲ ਕਮੇਟੀ' ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਹਿਤ ਸ਼ਰਾਬ ਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਸਿਹਤ ਵਿਭਾਗ ਦੇ ਅਫ਼ਸਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ 'ਚ ਦਵਾਈਆਂ ਦੇ ਰੂਪ ਵਿੱਚ ਵਿਕ ਰਹੇ ਨਸ਼ਿਆਂ 'ਤੇ ਕਾਬੂ ਪਾਉਣ ਲਈ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਜਾਵੇ।ਇਸ ਤੋਂ ਇਲਾਵਾ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਢਾਬਿਆਂ ਆਦਿ ਥਾਵਾਂ 'ਤੇ ਸ਼ਰਾਬ ਦੇ ਭੰਡਾਰਨ, ਵੇਚਣ ਆਦਿ ਸਬੰਧੀ ਵੀ ਅਚਨਚੇਤ ਚੈਕਿੰਗ ਕੀਤੀ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਆਸੀ ਰੈਲੀਆਂ ਜਾਂ ਹੋਰ ਸਿਆਸੀ ਇਕੱਠਾਂ ਦੌਰਾਨ ਸ਼ਰਾਬ ਦੇ ਠੇਕਿਆਂ 'ਤੇ ਖਾਸ ਨਜ਼ਰ ਰੱਖੀ ਜਾਵੇ ਅਤੇ ਅਜਿਹੀ ਕੋਈ ਵੀ ਗਤੀਵਿਧੀ ਸਾਹਮਣੇ ਆਉਣ 'ਤੇ ਮਾਮਲਾ ਫੌਰੀ ਤੌਰ 'ਤੇ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਨਾਕਾਬੰਦੀ ਨੂੰ ਵੀ ਮਜਬੂਤ ਕੀਤਾ ਜਾਵੇ ਤਾਂ ਜੋ ਗੈਰ-ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਨੇ ਗੈਂਗਸਟਰ ਅਤੇ ਭਗੌੜਿਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀਆਮ ਲੋਕਾਂ ਨੂੰ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਅਤੇ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਤਰੁਨ ਰਤਨ ਐਸ.ਪੀ.(ਹੈਡ), ਸਹਾਇਕ ਕਮਿਸ਼ਨਰ ਡਾ: ਪਾਲਿਕਾ ਅਰੋੜਾ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਸਮੂਹ ਉਪ ਪੁਲਿਸ ਕਪਤਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਮੇਟੀ ਮੈਂਬਰ ਵੀ ਹਾਜ਼ਰ ਸਨ।