ਮੋਗਾ, 7 ਜਨਵਰੀ, 2017: ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਪ੍ਰਵੀਨ ਕੁਮਾਰ ਥਿੰਦ ਅਤੇ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਸਾਰੇ ਅਸਲਾਧਾਰੀਆਂ ਨੂੰ ਆਪਣਾ-ਆਪਣਾ ਅਸਲਾ ਨੇੜੇ ਪੈਂਦੇ ਪੁਲਿਸ ਸਟੇਸ਼ਨਾਂ ਜਾਂ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਉੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਬੁਲਾਈ ਸਾਂਝੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕ 12 ਜਨਵਰੀ, 2017 ਦੀ ਸ਼ਾਮ ਤੱਕ ਹਰ ਹਾਲਤ ਵਿੱਚ ਆਪਣੇ ਹਥਿਆਰ ਜਮਾਂ ਕਰਵਾਉਣ ਦੇ ਪਾਬੰਦ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੰਸ ਵੀ ਰੱਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 4 ਫ਼ਰਵਰੀ, 2017 ਨੂੰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਇਨ੍ਹਾਂ ਚੋਣਾਂਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਜਿਹਾ ਕਰਨਾ ਅਤੀ ਜ਼ਰੂਰੀ ਹੈ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਲੋਕ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਪੈਰਾ ਮਿਲਟਰੀ ਫ਼ੋਰਸ ਦੀਆਂ 16 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਜਿੰਨ੍ਹਾਂ ਵਿੱਚੋਂ 3 ਕੰਪਨੀਆਂ ਜ਼ਿਲ੍ਹੇ 'ਚ ਪਹੁੰਚ ਵੀ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਸੁਖਾਵੇਂ ਮਾਹੌਲ 'ਚ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਗੈਰ-ਸਮਾਜੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਜੇ ਕੁਮਾਰ ਸੂਦ, ਸਹਾਇਕ ਕਮਿਸ਼ਨਰ ਡਾ: ਪਾਲਿਕਾ ਅਰੋੜਾ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਐਸ.ਪੀ.(ਹੈਡ) ਤਰੁਨ ਰਤਨ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।