← ਪਿਛੇ ਪਰਤੋ
ਚੰਡੀਗੜ੍ਹ, 11 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਤਕ ਤੇ ਕਦੇ ਵੀ ਮੁਆਫ ਨਾ ਕੀਤੇ ਜਾਣ ਵਾਲਾ ਕਰਾਰ ਦਿੱਤਾ ਜਿਸ ਵਿਚ ਉਹਨਾਂ ਨੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਖੂਨੀ ਪੰਜੇ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਈ ਤਸਵੀਰਾ ਵਿਚ ਵਿਖਾਏ ਹੱਥ ਨਾਲ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਭਾਸ਼ਣ ਨਾਲ ਦੁਨੀਆਂ ਭਰ ਵਿਚ ਬੈਠੀ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਹੋਰ ਸਿੱਖ ਆਗੂਆਂ ਨੂੰ ਰਾਹੁਲ ਗਾਂਧੀ ਦੇ ਇਸ ਅਪਮਾਨਯੋਗ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਨ ਲਈ ਆਖਿਆ ਹੈ ਕਿਉਂਕਿ ਕੋਈ ਵੀ ਵਿਅਕਤੀ ਆਪਣੇ ਹੋਸ਼ੋ ਹਵਾਸ ਵਿਚ ਅਜਿਹੀ ਤੁਲਨਾ ਕਦੇ ਨਹੀਂ ਕਰ ਸਕਦਾ। ਪਾਰਟੀ ਦੇ ਸਕੱਤਰ ਜਨਰਲ ਤੇ ਮੈਂਬਰ ਪਾਰਲੀਮੈਂਟ ਸ੍ਰੀ ਸੁਖਦੇਵ ਸਿੰਘ ਢੀਡਸਾ ਨੇ ਇਥੇ ਜਾਰੀ ਕੀਤੇ ਇਕ ਸਖ਼ਦ ਸ਼ਬਦਾਂ ਵਾਲੇ ਬਿਆਨ ਵਿਚ ਕਿਹਾ ਕਿ ਕੀ ਉਹ ਸੱਚਮੁੱਚ ਪਾਗਲ ਹੋ ਗਏ ਹਨ ? ਜਦੋਂ ਉਹਨਾਂ ਨੇ ਇਹ ਹੈਰਾਨੀਜਨਕ ਭਾਸ਼ਣ ਦਿੱਤਾ ਤਾਂ ਕੀ ਉਦੋਂ ਉਹ ਪੂਰੇ ਹੋਸ਼ੋ ਹਵਾਸ ਵਿਚ ਸਨ ? ਇਹ ਹੈਰਾਨੀ ਵਾਲੀ ਗੱਲ ਹੈ ਜਿਸ 'ਤੇ ਵਿਸ਼ਵਾਸ ਕੀਤਾ ਜਾ ਸਕੇ ਕਿ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੇ ਖੂਨੀ ਹੱਥ ਪੰਜੇ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੱਥ ਨਾਲ ਕੀਤੀ। ਸੀਨੀਅਰ ਅਕਾਲੀ ਆਗੂ ਅੱਜ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੇ ਉਸ ਬਿਆਨ 'ਤੇ ਪ੍ਰਤੀਕਰਮ ਦੇ ਰਹੇ ਸਨ ਜਿਸ ਵਿਚ ਰਾਹੁਲ ਗਾਂਧੀ ਨੇ ਆਖਿਆ ਸੀ ਕਿ ਜਦੋਂ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੇਖਦੇ ਹਨ ਤਾਂ ਉਹਨਾਂ ਨੂੰ ਕਾਂਗਰਸ ਦਾ ਚੋਣ ਨਿਸ਼ਾਨ ਹੱਥ ਉਹਨਾਂ ਦੇ ਹੱਥ ਵਿਚ ਨਜ਼ਰ ਆਉਂਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਦਾ ਹੱਥ ਪੰਜਾ ਸ੍ਰੀ ਗੁਰੂ ਨਾਨਕ ਦੇਵ ਦੇ ਸ਼ਰਧਾਲੂ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਨਾਲ ਰੰਗਿਆ ਹੋਇਆ ਹੈ। ਉਹਨਾਂ ਕਿਹਾ ਕਿ ਰਾਹੁਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਲਿਕ ਭਾਗੋ ਦੀ ਰੋਟੀ ਵਿਚੋਂ ਲਹੂ ਨਿਕਲਦਾ ਵਿਖਾਇਆ ਸੀ ਤੇ ਇਹੀ ਕਾਂਗਰਸ ਦੇ ਹੱਥ ਪੰਜੇ ਵਿਚੋਂ ਵੀ ਨਿਕਲ ਰਿਹਾ ਹੈ।
Total Responses : 265