ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀ ਮਦਰਾਸੀ ਕਲੌਨੀ ਵਿਖੇ ਵੋਟਰਾਂ ਨੂੰ ਬੇਖੌਫ ਹੋ ਕੇ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਦੇ ਹੋਏ।
ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤ ਲਈ ਟੈਲੀਫੋਨ ਨੰਬਰ 98885-16004 'ਤੇ ਕੀਤੀ ਜਾ ਸਕਦੀ ਹੈ
ਫ਼ਤਹਿਗੜ੍ਹ ਸਾਹਿਬ, 15 ਜਨਵਰੀ 2017:
4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਮਨ ਸ਼ਾਂਤੀ ਤੇ ਬਿਨਾਂ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਸੀ.ਆਰ.ਪੀ.ਐਫ. ਤੇ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਟੁਕੜੀਆਂ ਨਾਲ ਸਰਹਿੰਦ ਦੀ ਮਦਰਾਸੀ ਕਲੌਨੀ, ਭਗਤ ਕਲੌਨੀ, ਜੀ.ਟੀ. ਰੋਡ ਬਾੜਾ ਅਤੇ ਆਦਰਸ਼ ਕਲੌਨੀ ਦਾ ਦੌਰਾ ਕੀਤਾ।
Çੲਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਕਲੌਨੀਆਂ ਦੇ ਵਾਸੀਆਂ ਨੂੰ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਦਬਾਅ ਤੇ ਡਰ ਭੈਅ ਤੋਂ ਕਰਨ ਲਈ ਜਾਗਰੂਕ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਆਪਣੀ ਵੋਟ ਦਾ ਇਸਤੇਮਾਲ ਬੇਖੌਫ ਹੋ ਕੇ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਸਿਆਸੀ ਪਾਰਟੀ ਜਾਂ ਉਮੀਦਵਾਰ ਉਨ੍ਹਾਂ ਨੂੰ ਕਿਸੇ ਕਿਸਮ ਦਾ ਲਾਲਚ ਦਿੰਦਾ ਹੈ ਜਾਂ ਦਬਾਅ ਜਾਂ ਡਰ ਵਿਖਾ ਕੇ ਵੋਟ ਪਾਉਣ ਲਈ ਕਹਿੰਦਾ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰ 'ਤੇ ਸਥਾਪਤ ਕੀਤੇ ਗਏ ਹੈਲਪ ਲਾਈਨ ਨੰਬਰ 1800-180-2806 'ਤੇ ਸੂਚਨਾਂ ਦੇ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਚੋਣਾਂ ਸਬੰਧੀ ਵਟਸਐਪ ਨੰਬਰ 94637-06805 'ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੋਟਰਾਂ ਦੇ ਦਿਲਾਂ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨ ਅਤੇ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਸੀ.ਆਰ.ਪੀ.ਐਫ. ਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਾਲ ਲੈ ਕੇ ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ ਪੈਂਦੇ ਸਲੱਮ ਏਰੀਏ ਦਾ ਦੌਰਾ ਕੀਤਾ ਗਿਆ ਹੈ ਤਾਂ ਜੋ ਚੋਣਾਂ ਦੌਰਾਨ ਇਹ ਵੋਟਰ ਆਪਣੀ ਵੋਟ ਦਾ ਇਸਤੇਮਾਲ ਸੁਰੱਖਿਅਤ ਮਾਹੌਲ ਵਿੱਚ ਕਰ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਤੇ ਅਮਲੋਹ ਦੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੋਟਰਾਂ ਦੀ ਸੁਰੱਖਿਆ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਚੋਣਾਂ ਸਬੰਧੀ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਹੈਲਪ ਲਾਈਨ 98885-16004 ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ ਮਿਲ ਕੇ ਨਾਕੇ ਲਗਾ ਰਹੇ ਹਨ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜਰ ਰੱਖਣ ਲਈ ਪੁਲਿਸ ਪਾਰਟੀਆਂ ਦਿਨ ਰਾਤ ਲਗਾਤਾਰ ਗਸ਼ਤ ਕਰ ਰਹੀਆਂ ਹਨ।
ਇਸ ਮੌਕੇ ਰਿਟਰਨਿੰਗ ਅਫਸਰ ਫ਼ਤਹਿਗੜ੍ਹ ਸਾਹਿਬ-ਕਮ-ਐਸ.ਡੀ.ਐਮ. ਸ੍ਰੀ ਨਵਰਾਜ ਸਿੰਘ ਬਰਾੜ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰਦੇਵ ਸਿੰਘ ਧਾਲੀਵਾਲ, ਥਾਣਾ ਸਰਹਿੰਦ ਦੇ ਐਸ.ਐਚ.ਓ. ਵਿਜੇ ਕੁਮਾਰ ਵੀ ਹਾਜਰ ਸਨ।