ਪਟਿਆਲਾ, 18 ਜਨਵਰੀ, 2017 : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਰਾਮਵੀਰ ਸਿੰਘ ਨੇ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਕਾਰਨ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ, ਆਈ.ਟੀ.ਆਈ., ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ, ਏਡਿਡ, ਐਫੀਲੀਏਟਿਡ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ ਤਬਦੀਲੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਤਹਿਤ ਸੰਘਣੀ ਧੁੰਦ ਅਤੇ ਸਰਦ ਰੁੱਤ ਕਾਰਨ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜ਼ਿਆਦਾ ਡਰ ਬਣਿਆ ਰਹਿੰਦਾ ਹੈ ਅਤੇ ਇਸ ਧੁੰਦ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਕੂਲੀ ਬੱਸਾਂ ਨਾਲ ਹਾਦਸੇ ਵਾਪਰਨ ਕਾਰਨ ਕਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਦੀਆਂ ਕੀਮਤੀ ਜਾਨਾਂ ਵੀ ਅਜਾਈ ਜਾ ਚੁੱਕੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਛੋਟੇ ਬੱਚਿਆਂ ਅਤੇ ਅਧਿਆਪਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਅਤੇ ਜਾਨੀ ਨੁਕਸਾਨ ਦੇ ਖਦਸ਼ੇ ਨੂੰ ਮੱਦੇ ਨਜ਼ਰ ਰੱਖਦੇ ਹੋਏ 18 ਜਨਵਰੀ 2017 ਤੋਂ 28 ਜਨਵਰੀ 2017 ਤੱਕ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ, ਆਈ.ਟੀ.ਆਈ., ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ, ਏਡਿਡ, ਐਫੀਲੀਏਟਿਡ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦ ਖੁੱਲ੍ਹਣ ਦਾ ਸਮਾਂ ਸਵੇਰੇ10.00ਵਜੇ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਹਨ ਅਤੇ ਸਾਰੇ ਸਕੂਲਾਂ ਦਾ ਬੰਦ ਹੋਣ ਦਾ ਸਮਾਂ ਆਮ ਵਾਂਗ ਹੀ ਰਹੇਗਾ।