ਚੰਡੀਗੜ੍ਹ, 19 ਜਨਵਰੀ, 2017 : ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਵਧਾਉਣ ਬਾਰੇ ਝੂਠੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਕਿਸਾਨਾਂ ਦੀਆਂ ਫਸਲਾਂ ਦੇ ਭਾਅ ਸੂਬਾ ਸਰਕਾਰ ਨਹੀਂ ਸਗੋਂ ਕੇਂਦਰ ਸਰਕਾਰ ਤੈਅ ਕਰਦੀ ਹੈ।
ਇਹ ਸ਼ਬਦ ਸ੍ਰæੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਉੁਪ ਮੁੱਖ ਮੰਤਰੀ ਦੇ ਸਲਾਹਕਾਰ ਸ਼ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੇ। ਉਹ ਆਪ ਮੁਖੀ ਵੱਲੋਂ ਚੋਣ ਰੈਲੀਆਂ ਵਿਚ ਵਾਰ ਵਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੇ ਦਿੱਤੇ ਜਾ ਰਹੇ ਬਿਆਨ ਉੱਤੇ ਟਿੱਪਣੀ ਕਰ ਰਹੇ ਸਨ।
ਸ਼ ਸਿਰਸਾ ਨੇ ਕਿਹਾ ਕਿ ਸਾਡੇ ਦੇਸ਼ ਵਿਚ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਸੂਬਾ ਸਰਕਾਰਾਂ ਵੱਲੋਂ ਨਹੀਂ ਸਗੋਂ ਕੇਂਦਰ ਸਰਕਾਰ ਵੱਲੋਂ ਤੈਅ ਕੀਤਾ ਜਾਂਦਾ ਹੈ। ਸੂਬਾ ਸਰਕਾਰ ਸਿਰਫ ਫਸਲਾਂ ਦੇ ਮੁੱਲ ਵਿਚ ਵਾਧੇ ਲਈ ਸੁਝਾਅ ਦੇ ਸਕਦੀ ਹੈ, ਉਹਨਾਂ ਸੁਝਾਵਾਂ ਨੂੰ ਲਾਗੂ ਕਰਨਾ ਕੇਂਦਰ ਸਰਕਾਰ ਦੇ ਹੱਥ ਵਿਚ ਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਮੂਹਰੇ ਵੱਡੇ-ਵੱਡੇ ਗੱਪ ਮਾਰ ਰਿਹਾ ਹੈ ਕਿ ਉਹ ਫਸਲਾਂ ਦੇ ਭਾਅ ਦੁੱਗਣੇ ਕਰ ਦੇਵੇਗਾ, ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰ ਦੇਵੇਗਾ। ਉਹ ਸਿਰਫ ਸੱਤਾ ਹਾਸਿਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਵਿਚ ਲੋਕਾਂ ਨੂੰ ਵੱਡੇ ਵੱਡੇ ਝੂਠ ਬੋਲ ਕੇ ਕੁਰਸੀ ਉੱਤੇ ਬੈਠ ਗਿਆ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਸ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਉਹੀ ਤਰੀਕਾ ਉਹ ਪੰਜਾਬ ਵਿਚ ਅਪਣਾ ਰਿਹਾ ਹੈ। ਕਦੇ ਉਹ 25 ਲੱਖ ਨੌਕਰੀਆਂ ਦੇਣ ਦੀ ਗੱਲ ਕਰਦਾ ਹੈ, ਕਦੇ ਦਲਿਤ ਨੂੰ ਉਪ ਮੱਖ ਮੰਤਰੀ ਬਣਾਉਣ ਦਾ ਲਾਰਾ ਲਾਉਂਦਾ ਹੈ। ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਦਿੱਲੀ ਵਿਚ ਨਾ ਤਾਂ ਕੇਜਰੀਵਾਲ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨਾ ਹੀ ਦਿੱਲੀ ਵਿਚ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਇਆ ਹੈ।
ਸ਼ ਸਿਰਸਾ ਨੇ ਕਿਹਾ ਕਿ ਆਪ ਦੇ ਸਾਰੇ ਗੈਰ-ਪੰਜਾਬੀ ਆਗੂਆਂ ਦਾ ਟੋਲਾ ਪੰਜਾਬ ਉੱਤੇ ਕਬਜ਼ਾ ਕਰਨ ਦੇ ਮਕਸਦ ਨਾਲ ਇੱਥੇ ਆਇਆ ਹੈ। ਪਹਿਲਾਂ ਉਹਨਾਂ ਨੇ ਟਿਕਟਾਂ ਵੇਚ ਕੇ ਕਰੋੜਾਂ ਰੁਪਏ ਇਕੱਠੇ ਕਰ ਲਏ ਹਨ। ਉਸ ਤੋਂ ਬਾਅਦ ਪਾਰਟੀ ਦੇ ਸਿੱਖ ਅਤੇ ਪੰਜਾਬੀ ਆਗੂਆਂ ਨੂੰ ਅਜਿਹੇ ਹਲਕਿਆਂ ਤੋਂ ਖੜ੍ਹਾ ਕਰ ਦਿੱਤਾ ਹੈ ਕਿ ਉਹਨਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨ ਵਾਸਤੇ ਸਾਰੀਆਂ ਚਾਲਾਂ ਚੱਲ ਰਿਹਾ ਹੈ। ਪਰ ਪੰਜਾਬ ਦੇ ਲੋਕ ਉਸ ਦੀ ਅਸਲੀਅਤ ਨੂੰ ਵੇਖ ਚੁੱਕੇ ਹਨ ਅਤੇ 4 ਫਰਵਰੀ ਨੂੰ ਉਹ ਟੋਪੀ ਵਾਲਿਆਂ ਦਾ ਸਦਾ ਲਈ ਬਿਸਤਰਾ ਗੋਲ ਕਰ ਦੇਣਗੇ।