ਚੰਡੀਗੜ੍ਹ, 21 ਜਨਵਰੀ, 2017 : ਸਹਿਜ਼ਧਾਰੀ ਸਿੱਖ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਬਗੈਰ ਕਿਸੇ ਸ਼ਰਤ ਸਮਰਥਨ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਲਿੱਖੀ ਇਕ ਚਿੱਠੀ 'ਚ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਨੂ ਨੇ ਕਿਹਾ ਹੈ ਕਿ ਸਹਿਜ਼ਧਾਰੀ ਸਿੱਖ ਪਾਰਟੀ ਦੀ ਰਾਸ਼ਟਰੀ ਕਾਉਂਸਿਲ ਨੇ ਸਰਬਸੰਮਤੀ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਪੂਰੀ ਤਰ੍ਹਾਂ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ, ਜਿਵੇਂ ਉਹ 2002 ਚੋਣਾਂ ਤੋਂ ਕਰਦੀ ਆ ਰਹੀ ਹੈ।
ਡਾ. ਰਾਨੂ ਨੇ ਕਿਹਾ ਹੈ ਕਿ ਪੰਜਾਬ 'ਚ ਕਰੀਬ 70 ਲੱਖ ਸਹਿਜ਼ਧਾਰੀ ਸਿੱਖ ਹਨ, ਜਿਹੜੇ ਪੂਰੀ ਤਰ੍ਹਾਂ ਮਹਿਸੂਸ ਕਰਦੇ ਹਨ ਕਿ ਅਕਾਲੀ ਭਾਜਪਾ ਸ਼ਾਸਨ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕਰਨ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਨੇ ਅਕਾਲੀ ਭਾਜਪਾ ਸਰਕਾਰ 'ਤੇ ਸੰਪ੍ਰਦਾਇਕ ਤੌਰ 'ਤੇ ਵੰਡਣ ਵਾਲੇ ਕੁਝ ਬਿੱਲ ਤੇ ਕਾਨੂੰਨ ਸੰਸਦ 'ਚ ਪਾਸ ਕਰਕੇ ਘੱਟ ਗਿਣਤੀਆਂ ਨੂੰ ਵੰਡਣ ਦਾ ਦੋਸ਼ ਲਗਾਇਆ ਹੈ। ਇਸ ਕਾਰਨ ਉਹ ਸਿਰਫ ਕਾਂਗਰਸ ਪਾਰਟੀ ਦੀ ਧਰਮ ਨਿਰਪੱਖਤਾ 'ਚ ਹੀ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ।