ਜਲੰਧਰ/ਚੰਡੀਗੜ੍ਹ 22 ਜਨਵਰੀ 2017: ਜਲੰਧਰ ਵਿਖੇ ਅੱਜ ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਉਤੇ ਆਪਣਾ ਪ੍ਰਤੀਕਰਮ ਦਿੰਦਿਆ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਜਿਆਦਾ ਮਾੜੀ ਹੋ ਗਈ ਹੈ। ਉਨਾਂ ਕਿਹਾ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ, ਜਿਸ ਕਾਰਨ ਜਲੰਧਰ ਵਿੱਚ ਗੋਲੀਬਾਰੀ ਦੀ ਇਹ ਘਟਨਾ ਵਾਪਰੀ ਹੈ, ਉਹ ਵੀ ਉਸ ਵੇਲੇ ਜਦੋਂ ਚੋਣਾਂ ਕਾਰਨ ਸੁਰੱਖਿਆ ਸਖਤ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਵੜੈਚ ਨੇ ਕਿਹਾ ਕਿ ਅਕਾਲੀਆਂ ਵੱਲੋਂ ਗੈਂਗਸਟਰਾਂ ਦਾ ਇਸਤੇਮਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਬੇਅਦਬੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ, ਦਿਨ-ਦਿਹਾੜੇ ਜੇਲ ਵਿੱਚੋਂ ਕੈਦੀ ਫਰਾਰ ਹੋਏ, ਹਵਾਲਾਤਾਂ ਵਿੱਚੋਂ ਗੈਂਗਸਟਰ ਭੱਜ ਰਹੇ ਹਨ, ਕਤਲ ਅਤੇ ਅਪਰਾਧਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਅਕਾਲੀ ਭਾਜਪਾ ਸਰਕਾਰ ਦੋਸ਼ੀਆਂ ਨੂੰ ਫੜਨ ਅਤੇ ਜੁਰਮ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦਿਨ ਪੂਰੇ ਹੋ ਚੁੱਕੇ ਹਨ ਅਤੇ ਮਾਰਚ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੰਜਾਬੀ ਦੀ ਸੁਰੱਖਿਆ ਲਈ ਵਚਨਬੱਧ ਹੋਵੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ, ਨਾ ਕਿ ਉਨਾਂ ਨੂੰ ਨਸ਼ਿਆਂ ਅਤੇ ਗੈਂਗਵਾਰਾਂ ਵਿੱਚ ਸ਼ਾਮਿਲ ਹੋਣ ਲਈ ਬੇਸਹਾਰਾ ਛੱਡਿਆ ਜਾਵੇਗਾ।
ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਨਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਗੁੰਡਿਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਖੁਦ ਮੰਨ ਚੁੱਕੇ ਹਨ ਕਿ ਇਸ ਵੇਲੇ ਪੰਜਾਬ ਵਿੱਚ 57 ਗੈਂਗ ਸਰਗਰਮ ਹਨ, ਪਰ ਉਹ ਉਨਾਂ ਵਿੱਚੋਂ ਕਿਸੇ ਨੂੰ ਵੀ ਫੜਨ ਵਿੱਚ ਨਾਕਾਮ ਰਹੇ ਹਨ।