ਅੰਮ੍ਰਿਤਸਰ, 27 ਜਨਵਰੀ, 2017 : ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਬੀਤੇ ਦਿਨੀਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਇੱਕ ਗੁਰੂ-ਵਾਕ ਦੀ ਕਥਿਤ ਤੌਰ 'ਤੇ ਨਕਲ ਉਤਾਰਨ ਉਪਰੰਤ ਅੰਮ੍ਰਿਤਸਰ ਦੇ ਇੱਕ ਵਿਅਕਤੀ ਵੱਲੋਂ ਪੁਲਿਸ ਨੂੰ ਸਿੱਧੂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਅਪਰਾਧਿਕ ਮਾਮਲਾ ਦਰਜ ਕਰਨ ਦੀ ਦਿੱਤੀ ਗਈ ਸ਼ਿਕਾਇਤ ਨਾਲ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ।
ਇਸ ਸਬੰਧੀ ਸਤਿਕਰਤਾਰ ਨਗਰ ਛੇਹਰਟਾ ਦੇ ਵਸਨੀਕ ਖ਼ਜ਼ਾਨ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਕਰਤਾ ਨੇ ਲਿਖਿਆ ਹੈ ਕਿ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਇੱਕ ਸਿੱਖ ਪਰਿਵਾਰ ਵਿੱਚ ਜੰਮ੍ਹੇ-ਪਲ੍ਹੇ ਹੋਣ ਕਾਰਨ ਸਿੱਖ ਰਵਾਇਤਾਂ ਤੋਂ ਭਲੀ-ਭਾਂਤ ਜਾਣੂ ਹਨ ਪਰ ਫਿਰ ਵੀ ਉਨ੍ਹਾਂ ਨੇ ਦਸਮ ਗੁਰੂ ਸਾਹਿਬ ਦੇ ਗੁਰੂ-ਵਾਕ ਨੂੰ ਤੋੜ-ਮਰੋੜ ਕੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਕਰਕੇ ਨਵਜੋਤ ਸਿੰਘ ਸਿੱਧੂ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਅਪਰਾਧਿਕ ਮਾਮਲਾ ਦਰਜ ਕਰਨਾ ਬਣਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਦੀ ਇੱਕ ਵੀਡੀਓ ਚਰਚਿਤ ਹੋਈ ਸੀ ਜਿਸ ਵਿੱਚ ਸਿੱਧੂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ-ਵਾਕ ਦੀ ਤਰਜ਼ 'ਤੇ ਕਥਿਤ ਤੌਰ 'ਤੇ ''ਪੰਜਾਬ ਮੇਂ ਜਬ ਤੱਕ ਕਾਂਗਰਸ ਬਹਾਲ ਨਾ ਕਰਾਊਂ, ਤਬ ਤੱਕ ਸਿੱਧੂ ਨਾਮ ਨਾ ਕਹਾਊਂ" ਕਹਿੰਦੇ ਹੋਏ ਦਿਖਾਇਆ ਗਿਆ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਉਪਕਾਰ ਸਿੰਘ ਸੰਧੂ ਅਤੇ ਐਡਵੋਕੇਟ ਜਸਵਿੰਦਰ ਸਿੰਘ ਨੇ ਇਸ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਿੱਧੂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਸਿੱਖ ਧਾਰਮਿਕ ਸੰਸਥਾਵਾਂ ਨੂੰ ਇਸ ਕੁਤਾਹੀ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।