ਫ਼ਤਹਿਗੜ੍ਹ ਸਾਹਿਬ, 27 ਜਨਵਰੀ, 2017 : 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 54 ਬਸੀ ਪਠਾਣਾਂ, 55 ਫਤਹਿਗੜ੍ਹ ਸਾਹਿਬ ਤੇ 56 ਅਮਲੋਹ ਲਈ ਨਿਯੁਕਤ ਕੀਤੇ ਗਏ ਜਨਰਲ ਚੋਣ ਨਿਗਰਾਨ ਸ੍ਰੀ ਦਿਗਵਿਜੇ ਸਿੰਘ ਨੇ ਅੱਜ ਸਮੂਹ ਮਾਈਕਰੋ ਅਬਜ਼ਰਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਇਸ ਮੌਕੇ ਸਮੂਹ ਮਾਈਕਰੋ ਅਬਜ਼ਰਬਰਾਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੇ ਫਰਜ਼ ਪੂਰੀ ਇਮਾਨਦਾਰੀ ਨਾਲ ਅਦਾ ਕਰਨ ਬਾਰੇ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਸਮੂਹ ਮਾਈਕਰੋ ਅਬਜ਼ਰਬਰਾਂ ਨੂੰ ਇਹ ਵੀ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਮੋਬਾਇਲ ਨੰਬਰ 79732-35615 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਸਮੂਹ ਮਾਈਕਰੋ ਅਬਜ਼ਰਬਰਾਂ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਜਨਰਲ ਚੋਣ ਅਬਜ਼ਰਬਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਰੇ ਪੋਲਿੰਗ ਬੂਥਾਂ 'ਤੇ ਕੀਤੇ ਗਏ ਕੰਮਾਂ ਦੀ ਰਿਪੋਰਟ ਉਨ੍ਹਾਂ ਨੂੰ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੇ ਅਮਲੋਹ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਇੱਕ ਪ੍ਰੋਜਾਈਡਿੰਗ ਅਫਸਰ ਤੇ 3 ਪੋਲਿੰਗ ਅਫਸਰ ਹੋਣਗੇ ਜਦੋਂ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ.ਵੀ. ਪੈਟ ਨਾਲ ਵੋਟਾਂ ਪੈਣ ਕਾਰਨ ਇੱਕ ਪ੍ਰੋਜਾਈਡਿੰਗ ਅਫਸਰ ਤੇ 4 ਪੋਲਿੰਗ ਅਫਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਉਮੀਦਵਾਰ ਤਿੰਨ ਪੋਲਿੰਗ ਏਜੰਟ ਬਣਾ ਸਕਦਾ ਹੈ ਪ੍ਰੰਤੂ ਪੋਲਿੰਗ ਸਟੇਸ਼ਨ ਦੇ ਅੰਦਰ ਕੇਵਲ ਇੱਕ ਸਮੇਂ ਇੱਕ ਪੋਲਿੰਗ ਏਜੰਟ ਹੀ ਬੈਠ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 3 ਵਜੇ ਤੋਂ ਬਾਅਦ ਪੋਲਿੰਗ ਏਜੰਟ ਬਦਲਿਆ ਨਹੀਂ ਜਾ ਸਕੇਗਾ।
ਸ. ਸੰਘਾ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਕੋਈ ਵੀ ਵਾਹਨ ਨਹੀਂ ਜਾ ਸਕਦਾ ਅਤੇ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ 'ਚ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਦੀ ਚੋਣ ਪ੍ਰਚਾਰ ਸਮੱਗਰੀ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣਾ ਬੂਥ ਵੀ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੇ ਘੇਰੇ ਤੋਂ ਬਾਹਰ ਲਗਾ ਸਕਦੇ ਹਨ। ਉਨ੍ਹਾਂ ਮਾਈਕਰੋ ਅਬਜ਼ਰਬਰਾਂ ਨੂੰ ਇਹ ਵੀ ਕਿਹਾ ਕਿ ਇਸ ਵਾਰ ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਇੱਕ ਵੋਟਰ ਫੈਸਲੀਟੇਸ਼ਨ ਬੂਥ ਲਗਾਇਆ ਜਾਵੇਗਾ, ਇਸ ਬੂਥ ਤੋਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਸਬੰਧੀ ਪਰਚੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਵੋਟਰਾਂ ਨੂੰ ਪਰਚੀ ਦਿੰਦਾ ਹੈ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਉਸ ਪਰਚੀ 'ਤੇ ਉਮੀਦਵਾਰ ਦਾ ਨਾਮ ਜਾਂ ਉਸ ਦਾ ਚੋਣ ਨਿਸ਼ਾਨ ਨਹੀਂ ਹੋਣਾ ਚਾਹੀਦਾ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ ਅੰਦਰ ਸੁਰੱਖਿਆ ਕਰਮੀ ਜਾਂ ਵੋਟਰ ਹਥਿਆਰ ਲੈ ਕੇ ਨਹੀਂ ਜਾ ਸਕਦੇ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕ੍ਰਿਆ ਦੀ ਮੀਡੀਆ ਕਵਰੇਜ ਕਰਨ ਲਈ ਪੱਤਰਕਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਅਥਾਰਟੀ ਪੱਤਰ ਜਾਰੀ ਕੀਤੇ ਜਾਣਗੇ ਅਤੇ ਉਹ ਵੀ ਪੋਲਿੰਗ ਸਟੇਸ਼ਨ ਦੇ ਅੰਦਰ ਜਿਥੇ ਵੋਟ ਪਾਈ ਜਾਂਦੀ ਹੈ, ਉਸ ਥਾਂ ਦੀ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਨਹੀਂ ਕਰ ਸਕਣਗੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਏ.ਡੀ.ਸੀ. ਸ. ਉਪਕਾਰ ਸਿੰਘ, ਐਸ.ਡੀ.ਐਮ. ਅਮਲੋਹ ਸ੍ਰੀ ਅਮਨਦੀਪ ਸਿੰਘ ਭੱਟੀ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਸੂਚਨਾ ਅਫਸਰ ਸ੍ਰੀ ਐਸ.ਕੇ. ਬਾਂਗਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜੋਬਨਦੀਪ ਕੌਰ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਤਰਲੋਚਨ ਸਿੰਘ ਤੋਂ ਇਲਾਵਾ ਸਮੂਹ ਮਾਈਕਰੋ ਆਬਜ਼ਰਬਰ ਤੇ ਹੋਰ ਅਧਿਕਾਰੀ ਹਾਜਰ ਸਨ।