ਕੇਜਰੀਵਾਲ ਦੇ ਰੋਡ ਸ਼ੋਅ ਨੂੰ ਮਿਲਿਆ ਲੋਕਾਂ ਵੱਲੋਂ ਹੁੰਗਾਰਾ
ਅੰਮ੍ਰਿਤਸਰ, 31 ਜਨਵਰੀ, 2017 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੰਮ੍ਰਿਤਸਰ (ਈਸਟ), ਅੰਮ੍ਰਿਤਸਰ (ਸੈਂਟ੍ਰਲ) ਅਤੇ ਅੰਮ੍ਰਿਤਸਰ (ਸਾਊਥ) ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਰੋਡ ਸ਼ੋਅ ਸ਼ੁਰੂ ਕਰਨ ਵੇਲੇ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ। ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਪ੍ਰਵਾਸੀਆਂ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੋਂ ਗੁਰੇਜ ਕੀਤਾ ਜਾਵੇ।
ਉਨਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਲੈ ਕੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਕਾਫੀ ਫਿਕਰਮੰਦ ਹਨ, ਇਸ ਕਾਰਨ ਉਨਾਂ ਵੱਲੋਂ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਉਨਾਂ ਨੇ ਮਹਿਸੂਸ ਕੀਤਾ ਹੈ ਕਿ ਅਕਾਲੀਆਂ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਨੂੰ ਹਮੇਸ਼ਾਂ ਲੁੱਟਿਆ ਹੈ ਅਤੇ ਸਿਰਫ ਆਮ ਆਦਮੀ ਪਾਰਟੀ ਹੀ ਆਪਣੀਆਂ ਨੀਤੀਆਂ ਨਾਲ ਪੰਜਾਬ ਨੂੰ ਖੁਸ਼ਹਾਲ ਕਰ ਸਕਦੀ ਹੈ।
ਕੇਜਰੀਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਬਹੁਤ ਮਿਹਨਤੀ ਅਤੇ ਸਮਝਦਾਰ ਹਨ, ਜਿਨਾਂ ਨੇ ਵਿਦੇਸ਼ਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਨਾਮ ਕਮਾਇਆ ਤੇ ਪ੍ਰਸਿੱਧੀ ਹਾਸਿਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਅਸਲੀ ਅੱਤਵਾਦੀ ਉਹ ਹਨ, ਜਿਨਾਂ ਨੇ ਪੰਜਾਬ ਨੂੰ ਡਰੱਗ ਮਾਫੀਆ, ਭੂ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਟ੍ਰਾਂਸਪੋਰਟ ਮਾਫੀਆ ਨਾਲ ਬਰਬਾਦ ਕਰ ਦਿੱਤਾ ਹੈ।
ਉਨਾਂ ਕਿਹਾ ਕਿ ਬਾਦਲਾਂ ਨੇ ਪੰਜਾਬੀਆਂ ਨੂੰ ਲੁੱਟ ਕੇ ਬੇਹਿਸਾਬੀ ਦੌਲਤ ਇਕੱਠੀ ਕੀਤੀ ਹੈ, ਜਦਕਿ ਵਪਾਰੀ, ਕਾਰੋਬਾਰੀ ਅਤੇ ਕਿਸਾਨ ਘਾਟੇ ਵਿੱਚ ਜਾ ਰਹੇ ਹਨ। ਕਾਰੋਬਾਰੀਆਂ ਨੂੰ ਦੂਜੇ ਰਾਜਾਂ ਵਿੱਚ ਜਾਣਾ ਪੈ ਰਿਹਾ ਹੈ, ਜਦਕਿ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਇਨਾਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਉਨਾਂ ਨਾਲ ਪਾਰਟੀ ਉਮੀਦਵਾਰ ਸਰਬਜੋਤ ਸਿੰਘ, ਡਾ. ਇੰਦਰਬੀਰ ਸਿੰਘ ਨਿੱਝਰ, ਡਾ. ਪੰਕਜ ਗੁਪਤਾ ਅਤੇ ਅੰਮ੍ਰਿਤਸਰ ਲੋਕ ਸਭਾ ਜਿਮਨੀ ਚੋਣ ਲਈ ਪਾਰਟੀ ਉਮੀਦਵਾਰ ਉਪਕਾਰ ਸਿੰਘ ਸੰਧੂ ਵੀ ਮੌਜੂਦ ਸਨ।