ਅਮਨ ਤੇ ਸ਼ਾਂਤੀ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਹੋਣ 'ਤੇ ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਕੀਤਾ ਗਿਆ ਧੰਨਵਾਦ
ਫ਼ਤਹਿਗੜ੍ਹ ਸਾਹਿਬ, 04 ਫਰਵਰੀ 2017 : ਪੰਜਾਬ ਵਿਧਾਨ ਸਭਾ ਲਈ ਜ਼ਿਲ੍ਹੇ ਵਿੱਚ ਪੈਂਦੇ 54-ਬਸੀ ਪਠਾਣਾਂ, 55-ਫ਼ਤਹਿਗੜ੍ਹ ਸਾਹਿਬ ਤੇ 56-ਅਮਲੋਹ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਵਿੱਚ ਵੋਟਾਂ ਪਾਉਣ ਲਈ ਸਾਰੇ ਪੋਲਿੰਗ ਬੂਥਾਂ 'ਤੇ ਸਵੇਰੇ 8 ਵਜੇ ਤੋਂ ਹੀ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਜ਼ਿਲ੍ਹੇ ਵਿੱਚ 82 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ. ਕਮਲਦੀਪ ਸਿੰਘ ਸੰਘਾ ਨੇ ਨਗਰ ਕੌਂਸਲ ਸਰਹਿੰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਰਹਿੰਦ ਅਤੇ ਪਿੰਡ ਸਾਨੀਪੁਰ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 54-ਬਸੀ ਪਠਾਣਾਂ ਵਿਧਾਨ ਸਭਾ ਹਲਕੇ ਵਿੱਚ ਕਰੀਬ 79 ਫੀਸਦੀ, 55-ਫ਼ਤਹਿਗੜ੍ਹ ਸਾਹਿਬ ਵਿਖੇ 84 ਫੀਸਦੀ ਅਤੇ 56-ਅਮਲੋਹ ਹਲਕੇ 'ਚ 82 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਨੌਜਵਾਨ ਪੀੜ੍ਹੀ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਜਿਨ੍ਹਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਪ੍ਰੀਜਾਈਡਿੰਗ ਅਫਸਰਾਂ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਵੀ ਕੀਤਾ ਗਿਆ ਤਾਂ ਜੋ ਨੌਜਵਾਨ ਭਵਿੱਖ ਵਿੱਚ ਵੀ ਆਪਣੇ ਵੋਟ ਪ੍ਰਤੀ ਜਾਗਰੂਕ ਹੋਣ ਤੇ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੂੰ ਵੀ ਵੋਟ ਦੀ ਮਹੱਤਤਾ ਤੋਂ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਦਾ ਕੰਮ ਪੂਰੇ ਅਮਨ ਸ਼ਾਂਤੀ ਦੇ ਮਾਹੌਲ ਵਿੱਚ ਨੇਪਰੇ ਚੜਿਆ ਜਿਸ ਲਈ ਜ਼ਿਲ੍ਹੇ ਦੇ ਸੂਝਵਾਨ ਵੋਟਰ ਸ਼ਲਾਘਾ ਦੇ ਪਾਤਰ ਹਨ।
ਵੋਟਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਵੋਟਰਾਂ ਦੀ ਸੁਰੱਖਿਆ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਅਤੇ ਉਥੇ ਤਾਇਨਾਤ ਸੁਰੱਖਿਆ ਅਮਲੇ ਨਾਲ ਵੋਟਰਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੋਟਾਂ ਪੈਣ ਦਾ ਕੰਮ ਪੂਰੀ ਤਰ੍ਹਾਂ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੋਟਰਾਂ ਦੀ ਸੁਰੱਖਿਆ ਲਈ ਜ਼ਿਲ੍ਹੇ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡੇ ਕੇ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਵੀ ਮੁਸ਼ਕਲ ਦੀ ਘੜੀ ਵਿੱਚ ਪੁਲਿਸ ਪਾਰਟੀ ਸਿਰਫ 5 ਮਿੰਟ ਵਿੱਚ ਮੌਕੇ 'ਤੇ ਪਹੁੰਚ ਜਾਂਦੀ ਸੀ।
ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜਾਉਣ ਲਈ ਵਿਸ਼ੇਸ ਤੌਰ 'ਤੇ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ ਕੀਤਾ।