← ਪਿਛੇ ਪਰਤੋ
ਨਕੋਦਰ (ਜਲੰਧਰ), 26 ਫ਼ਰਵਰੀ, 2017 : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਜਲੰਧਰ 'ਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਾਰਟੀ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਖ਼ਰੀਦ ਦੇ ਸੀਜ਼ਨ ਉੱਤੇ ਪੂਰੀ ਨਜ਼ਰ ਰੱਖੇਗੀ ਅਤੇ ਇਸ ਸਬੰਧੀ ਪਾਰਟੀ ਭਲਕੇ ਇੱਕ ਕਾਰਜ-ਯੋਜਨਾ ਉਲੀਕੇਗੀ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਦਖ਼ਲ ਦੇਣ ਲਈ ਆਖੇਗੀ। ਇਸ ਮੌਕੇ ਸੰਜੇ ਸਿੰਘ ਨਾਲ ਸੀਨੀਅਰ ਆਪ ਆਗੂ ਐਚ.ਐਸ. ਫੂਲਕਾ ਮੌਜੂਦ ਸਨ। ਸੱਤਾ ਤੋਂ ਲਾਂਭੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਾ ਕੀਤੇ ਜਾਣ ਉੱਤੇ ਚਿੰਤਾ ਪ੍ਰਗਟਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਹੁਤ ਔਖੀ ਹਾਲਤ ਵਿੱਚ ਛੱਡ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਹਾਲੇ ਤੱਕ ਕੈਸ਼ ਕ੍ਰੈਡਿਟ ਲਿਮਿਟ ਲੈਣ ਦੀ ਪ੍ਰਕਿਰਿਆ ਹੀ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹੋਏ ਬਹੁ-ਕਰੋੜੀ ਅਨਾਜ ਘੁਟਾਲ਼ੇ ਦੀ ਜਾਂਚ ਕਰੇਗੀ, ਜਿਸ ਵਿੱਚ ਮੁੱਖ ਮੰਤਰੀ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਿੱਧੇ ਤੌਰ ਉੱਤੇ ਸ਼ਾਮਲ ਸਨ। ਸੰਜੇ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ ਕਿ ਬਿਕਰਮ ਮਜੀਠੀਆ ਨੂੰ 15 ਅਪ੍ਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਦੋਸ਼ੀ ਇੱਕ ਮਹੀਨੇ ਦੇ ਅੰਦਰ ਜੇਲ 'ਚ ਹੋਣਗੇ।
Total Responses : 265