ਚੰਡੀਗੜ, 17 ਮਾਰਚ 2017: ਪੰਜਾਬ ਸਰਕਾਰ ਨੇ ਅੱਜ ਸੇਵਾ-ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸੁਰੇਸ਼ ਕੁਮਾਰ ਨੂੰ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਦੇ ਰੈਂਕ 'ਤੇ ਨਿਯੁਕਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ੍ਰੀ ਸੁਰੇਸ਼ ਕੁਮਾਰ ਨੇ ਦਿੱਲੀ ਯੂਨੀਵਰਸਟੀ ਤੋਂ ਕਾਮਰਸ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ। 1983 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਸੁਰੇਸ਼ ਕੁਮਾਰ ਨੇ ਤਲਵੰਡੀ ਸਾਬੋ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਸਾਲ 2016 ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ। ਉਨ•ਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਵਿੱਚ ਡੈਪੂਟੇਸ਼ਨ ਦੌਰਾਨ ਵੱਖ-ਵੱਖ ਅਹੁਦਿਆਂ 'ਤੇ ਆਪਣੀ ਜ਼ਿੰਮੇਵਾਰੀ ਨਿਭਾਈ। ਸ੍ਰੀ ਸੁਰੇਸ਼ ਕੁਮਾਰ ਨੇ ਬਿਜਲੀ, ਜਲ ਸਰੋਤ, ਖੇਤੀਬਾੜੀ, ਸਹਿਕਾਰਤਾ, ਸਿੱਖਿਆ, ਸਨਅਤ, ਕਰ ਤੇ ਆਰਥਿਕ ਪ੍ਰਸ਼ਾਸਨ, ਵਾਤਾਵਰਨ, ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਖੇਤਰ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਈ।