ਵਿਧਾਇਕ ਸੁਰਜੀਤ ਧੀਮਾਨ, ਰਾਜਾ ਵੜਿੰਗ, ਵਿਜੇਇੰਦਰ ਸਿੰਗਲਾ ਤੇ ਦਲਵੀਰ ਗੋਲਡੀ ਵੱਲੋਂ ਵੀ ਸ਼ਰਧਾਂਜਲੀਆਂ ਭੇਟ
ਸੁਨਾਮ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਕਾਂਗਰਸ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ : ਦਾਮਨ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਜੁਲਾਈ, 2017 : ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਕੌਮ ਦੇ ਮਹਾਨ ਸ਼ਹੀਦਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸੁਨਾਮ ਦੀ ਧਰਤੀ 'ਤੇ ਪੈਦਾ ਹੋ ਕੇ ਦੁਨੀਆਂ ਦੇ ਨਕਸ਼ੇ 'ਤੇ ਸੁਨਾਮ ਦਾ ਨਾਮ ਚਮਕਾਉਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਅੱਜ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਸ ਗੱਲ ਨੂੰ ਸਾਬਤ ਵੀ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਮਹਾਨ ਵਿਰਸੇ ਅਤੇ ਸੂਰਵੀਰਾਂ ਦੀਆਂ ਕੁਰਬਾਨੀਆਂ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।
ਮੰਚ 'ਤੇ ਸ਼ਹੀਦ ਊਧਮ ਸਿੰਘ ਜੀ ਦੀ ਵਡ ਅਕਾਰੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ 1919 ਵਿੱਚ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਵੱਡੇ ਦੁਖਾਂਤ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਲਈ ਮਜ਼ਬੂਤ ਨੀਂਹ ਰੱਖੀ ਅਤੇ 21 ਵਰ੍ਹਿਆਂ ਤੱਕ ਆਪਣੇ ਮਨ ਅੰਦਰ ਦ੍ਰਿੜਤਾ ਨਾਲ ਇਰਾਦਾ ਪੂਰਾ ਕਰਨ ਦਾ ਜ਼ਜਬਾ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਸਮੇਤ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਂਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਦਾ ਪ੍ਰਣ ਲੈਣ ਦੀ ਲੋੜ ਹੈ।
ਸ. ਧਰਮਸੋਤ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨ ਲਈ ਅਜਿਹੇ ਦਿਹਾੜੇ ਕੇਵਲ ਰਾਜ ਪੱਧਰ ਤੱਕ ਹੀ ਸੀਮਤ ਨਹੀਂ ਬਲਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਵੀ ਸ਼ਹੀਦ ਦੀ ਸ਼ਹਾਦਤ ਤੋਂ ਪ੍ਰਭਾਵਿਤ ਸੰਗਤਾਂ ਪੂਰੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਵਿਦੇਸ਼ ਦੇ ਦੌਰਿਆਂ ਦੌਰਾਨ ਸਾਰੇ ਧਰਮਾਂ ਵਿੱਚ ਇਕਜੁਟਤਾ ਦਾ ਸ਼ੰਦੇਸ਼ ਦਿੱਤਾ ਤਾਂ ਜੋ ਮਿਲਜੁਲ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵਹਾਏ ਗਏ ਖੂਨ ਦੇ ਇੱਕ ਇੱਕ ਕਤਰੇ ਦਾ ਪੂਰਾ ਮਾਣ ਕਰਦਿਆਂ ਦੇਸ਼ ਦੀ ਆਨ ਅਤੇ ਸ਼ਾਨ ਪ੍ਰਤੀ ਸਮਰਪਿਤ ਰਹਿਣਾ ਚਾਹੀਦਾ ਹੈ। ਆਪਣੇ ਭਾਸ਼ਣ ਦੌਰਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਸੁਨਾਮ ਵਿਖੇ ਅਜਾਇਬ ਘਰ ਦੇ ਨਿਰਮਾਣ ਸਬੰਧੀ ਕੀਤੇ ਗਏ ਵੱਡੇ ਵਾਅਦੇ ਖੋਖਲੇ ਸਾਬਤ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਲਾਹਾ ਲੈਣ ਲਈ ਸ਼ਹੀਦਾਂ ਦੇ ਨਾਮ ਦੀ ਵਰਤੋਂ ਕੀਤੀ ਜਦਕਿ 4 ਏਕੜ ਵਿੱਚ 12 ਕਰੋੜ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ਬਣਾਉਣ ਦਾ ਲਾਰਾ ਲਾ ਕੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਜਾਣੂ ਕਰਵਾਉਣਗੇ ਤਾਂ ਜੋ ਸ਼ਹੀਦ ਊਧਮ ਸਿੰਘ ਜੀ ਨਾਲ ਸਬੰਧਤ ਹੋਰ ਅਹਿਮ ਮਾਮਲਿਆਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੁਨਾਮ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਏਨੀ ਵੱਡੀ ਤਾਦਾਦ ਵਿੱਚ ਲੋਕਾਂ ਦੀ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਵਿਧਾਇਕ ਅਮਰਗੜ੍ਹ ਸ਼੍ਰੀ ਸੁਰਜੀਤ ਸਿੰਘ ਧੀਮਾਨ ਅਤੇ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਵੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸੂਰਵੀਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਮਾਹੌਲ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਨਸ਼ਿਆਂ ਖਿਲਾਫ਼ ਇਕਜੁਟ ਹੁੰਦੇ ਹੋਏ ਪੰਜਾਬ ਨੂੰ ਨਸ਼ਿਆਂ ਤੋਂ ਆਜ਼ਾਦ ਕਰਵਾਉਣ ਲਈ ਵਿਆਪਕ ਉਪਰਾਲੇ ਕੀਤੇ ਜਾਣ। ਸਮਾਗਮ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਸੱਚ ਤੇ ਹੱਕ ਦੀ ਲੜਾਈ ਲੜਨ ਦੀ ਸੇਧ ਦਿੱਤੀ ਜਿਸ ਤੋਂ ਹਰੇਕ ਨਾਗਰਿਕ ਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦ੍ਰਿੜ ਇਰਾਦਿਆਂ ਨਾਲ ਹੀ ਸਫ਼ਲਤਾ ਮਿਲਦੀ ਹੈ ਅਤੇ ਸ਼ਹੀਦਾਂ ਦੀਆਂ ਜੀਵਨੀਆਂ ਸਾਨੂੰ ਸਮਾਜ ਸੁਧਾਰ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਿਧਾਇਕ ਸੰਗਰੂਰ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੀ ਸੋਚ 'ਤੇ ਪਹਿਰਾ ਦਿੰਦੇ ਹੋਏ ਜਨਰਲ ਓਡਵਾਇਰ ਨੂੰ ਮਾਰ ਕੇ ਬਦਲਾ ਲੈ ਲਿਆ ਸੀ ਅਤੇ ਫਾਂਸੀ ਦਾ ਰੱਸਾ ਹੱਸ ਕੇ ਚੁੰਮਿਆ। ਉਨ੍ਹਾਂ ਕਿਹਾ ਕਿ ਅਜੋਕੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਤੋਂ ਪ੍ਰੇਰਨਾ ਲੈ ਕੇ ਪੰਜਾਬ ਦੇ ਮਿਆਰੀ ਭਵਿੱਖ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਉਪਰੰਤ ਸ. ਸਾਧੂ ਸਿੰਘ ਧਰਮਸੋਤ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਸਮੇਤ ਹੋਰ ਵੱਖ ਵੱਖ ਸਮਾਜ ਸੇਵੀ ਸੰਗਠਨਾਂ ਵੱਲੋਂ ਵੀ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਜ਼ ਚਾਰ ਮਹੀਨਿਆਂ ਅੰਦਰ ਕਿਸਾਨਾਂ ਨੂ ੰ8 ਘੰਟੇ ਨਿਰਵਿਘਨ ਬਿਜਲੀ, ਉਦਯੋਗਾਂ ਦੀ ਹਾਲਤ ਨੂੰ ਸੁਧਾਰਨ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਪੈਨਸ਼ਨ ਤੇ ਸ਼ਗਨ ਸਕੀਮ ਤਹਿਤ ਵਿੱਤੀ ਮਦਦ ਵਿੱਚ ਵਾਧਾ ਸਮੇਤ ਹੋਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਜੰਗਲਾਂ ਹੇਠਲੇ ਰਕਬੇ ਵਿੱਚ ਵੀ ਵਾਧਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਸਮਾਗਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮੁੱਖ ਮਹਿਮਾਨ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਵਿਜੇਇੰਦਰ ਸਿੰਗਲਾ, ਵਿਧਾਇਕ ਦਲਵੀਰ ਸਿੰਘ ਗੋਲਡੀ, ਮੀਤ ਪ੍ਰਧਾਨ ਯੂਥ ਕਾਂਗਰਸ ਸ਼੍ਰੀਮਤੀ ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ 'ਤੇ ਰੀਥਾਂ ਰੱਖ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ।
ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਹੁਲਇੰਦਰ ਸਿੰਘ ਸਿੱਧੂ, ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜ੍ਹਬਾ, ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲਾਂ, ਚੇਅਰਮੈਨ ਬਾਜੀਗਰ ਸੈਲ ਪੰਜਾਬ ਜੱਗਾ ਰਾਮ ਧਰਮਸੋਤ, ਮਨਜੀਤ ਸਿੰਘ ਜਵੰਧਾ, ਖੁਸ਼ਦੀਪ ਸਿੰਘ ਜਖੇਪਲ, ਪੂਨਮ ਕਾਂਗੜਾ, ਬਲਜਿੰਦਰ ਕੌਰ ਰੂਬੀ, ਗੀਤਾ ਸ਼ਰਮਾ, ਘਨਸ਼ਿਆਮ ਕਾਂਸਲ, ਬਲਵੰਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਸੁਨਾਮ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ਐਸ.ਪੀ ਸੁਨਾਮ ਵਿਲੀਅਮਜੀਤ ਸਿੰਘ ਜੇਜੀ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਤੇ ਅਧਿਕਾਰੀ ਵੀ ਹਾਜ਼ਰ ਸਨ।