ਚੰਡੀਗੜ੍ਹ, 26 ਅਗਸਤ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਵੇਦਨਸ਼ੀਲ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਫੋਨ ’ਤੇ ਗੱਲਬਾਤ ਕੀਤੀ ਜਿਨਾਂ ਨੇ ਸ਼ੁੱਕਰਵਾਰ ਨੂੰ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਅਦਾਲਤੀ ਫੈਸਲੇ ਦੇ ਮੱਦੇਨਜ਼ਰ ਗੁਆਂਢੀ ਸੂਬੇ ਹਰਿਆਣਾ ਵਿੱਚ ਫੈਲੀ ਹਿੰਸਾ ਦੇ ਬਾਵਜੂਦ ਅਜਿਹੇ ਹਾਲਾਤ ਵਿੱਚ ਆਪੋ-ਆਪਣੇ ਜ਼ਿਲਿਆਂ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਸਫਲਤਾ ਹਾਸਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਾਂ ਜ਼ਿਲਿਆਂ ਵਿੱਚ ਕੁਝ ਨਾਜ਼ੁਕ ਥਾਵਾਂ ਦਾ ਦੌਰਾ ਕਰਨ ਦਾ ਵੀ ਪ੍ਰੋਗਰਾਮ ਹੈ ਜਿੱਥੇ ਉਹ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਭੜਕਾਹਟ ਦੇ ਬਾਵਜੂਦ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕਰਨਗੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਐਤਵਾਰ ਨੂੰ ਮਾਨਸਾ, ਮੌੜ, ਬਠਿੰਡਾ, ਬੱਲੂਆਣਾ (ਰੇਲਵੇ ਸਟੇਸ਼ਨ) ਅਤੇ ਮਲੋਟ ਦਾ ਦੌਰਾ ਕਰਨਗੇ। ਉਨਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਨਾਲ ਹੋਣਗੇ ਅਤੇ ਜੇਕਰ ਕੋਈ ਨੁਕਸਾਨ ਹੋਇਆ ਹੈ ਤਾਂ ਉਸ ਦਾ ਵੀ ਪਤਾ ਲਾਇਆ ਜਾਵੇਗਾ।
ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਬੀਤੇ ਦਿਨ ਹਿੰਸਾ ਦੀਆਂ ਵਾਪਰੀਆਂ ਇੱਕਾ-ਦੁੱਕਾ ਘਟਨਾਵਾਂ ਨਾਲ ਜਾਇਦਾਦ ਨੂੰ ਹੋਏ ਨੁਕਸਾਨ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਵੱਲੋਂ ਇਹ ਸੂਚੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਜਾਵੇਗੀ ਕਿਉਂ ਜੋ ਹਾਈ ਕੋਰਟ ਨੇ ਇਸ ਨੁਕਸਾਨ ਦੀ ਭਰਪਾਈ ਡੇਰੇ ਪਾਸੋਂ ਕਰਨ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਫੋਨ ’ਤੇ ਹੋਈ ਸੰਖੇਪ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨਾਂ ਦੇ ਚੰਗੇ ਕੰਮ ਦੀ ਸ਼ਲਾਘਾ ਕੀਤੀ। ਉਨਾਂ ਨੇ ਅਧਿਕਾਰੀਆਂ ਨੂੰ ਹਾਲਾਤ ਆਮ ਵਾਂਗ ਬਹਾਲ ਹੋਣ ਤੱਕ ਸਥਿਤੀ ’ਤੇ ਪੂਰੀ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨਾਂ ਨੇ ਸੋਮਵਾਰ ਨੂੰ ਰਾਮ ਰਹੀਮ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਵੀ ਆਖਿਆ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਉਨਾਂ ਦੇ ਜ਼ਿਲਿਆਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।