ਬਟਾਲਾ, 7 ਅਕਤੂਬਰ, 2017 : ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਇਸ ਚੋਣ ਵਿਚ ਕਾਂਗਰਸ ਪਾਰਟੀ ਦੀ ਜਿੱਤ 2019 ਵਿਚ ਦੇਸ਼ ਅੰਦਰ ਬਣਨ ਵਾਲੀ ਕਾਂਗਰਸ ਸਰਕਾਰ ਦੀ ਨੀਂਹ ਰੱਖੇਗੀ। ਉਨ੍ਹਾਂ ਇਹ ਵਿਚਾਰ ਅੱਜ ਇਸ ਇਲਾਕੇ ਦੇ ਪਿੰਡ ਦਾਲਮ ਅਤੇ ਭਾਗੋਵਾਲ ਵਿਚ ਹੋਈਆਂ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਸ੍ਰੀ ਜਾਖੜ ਇਕ ਸੁਲਝੇ ਹੋਏ ਸਿਆਸਤਦਾਨ ਅਤੇ ਗ਼ਰੀਬਾਂ ਦੇ ਹਮਦਰਦ ਹੋਣ ਦੇ ਨਾਲ-ਨਾਲ ਇਕ ਪ੍ਰਭਾਵਸ਼ਾਲੀ ਅਤੇ ਦਲੇਰ ਬੁਲਾਰੇ ਵੀ ਹਨ। ਇਸ ਲਈ ਉਹ ਲੋਕ ਸਭਾ ਵਿਚ ਜਾ ਕੇ ਪੰਜਾਬ ਖਾਸ ਕਰਕੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਭਾਜਪਾ ਵੱਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਉਮੀਦਵਾਰ ਅਨਾੜੀ ਅਤੇ ਲਾਲਚੀ ਕਿਸਮ ਦਾ ਵਪਾਰੀ ਹੈ, ਜਿਸ ਤੋਂ ਕਿਸੇ ਕਿਸਮ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ।
ਪੰਜਾਬ ਵਿਚ 10 ਸਾਲ ਰਾਜ ਕਰਕੇ ਗਈਆਂ ਪਾਰਟੀਆਂ ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ ਦੇ ਹਰ ਖੇਤਰ ਵਿਚ ਆਏ ਨਿਘਾਰ ਲਈ ਜਿੰਮੇਵਾਰ ਗਰਦਾਨਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ ਨੂੰ ਲੁੱਟਣ, ਕੁੱਟਣ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿਚ ਧੱਕਣ ਤੋਂ ਬਗੈਰ ਹੋਰ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਉੱਤੇ ਵਿਸ਼ਵਾਸ਼ ਰੱਖਣ, ਉਹ ਪੰਜਾਬੀਆਂ ਨਾਲ ਕੀਤਾ ਗਿਆ ਹਰ ਵਾਅਦਾ ਨਿਭਾਉਣਗੇ। ਮਹਾਰਾਣੀ ਨੇ ਕਿਹਾ ਕਿ ਜਿਸ ਤਰ੍ਹਾਂ ਪੂਰੀ ਤਰ੍ਹਾਂ ਡਿੱਗ ਚੁੱਕੀ ਇਮਾਰਤ ਨੂੰ ਮੁੜ ਉਸਾਰਣ ਲਈ ਕੁਝ ਸਮਾਂ ਚਾਹੀਦਾ ਹੁੰਦਾ ਹੈ, ਉਸੇ ਤਰ੍ਹਾਂ ਹੀ ਅਕਾਲੀਆਂ ਵੱਲੋਂ ਲੁੱਟੇ-ਪੁੱਟੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਵਿਚ ਕੁਝ ਸਮਾਂ ਲੱਗੇਗਾ ਅਤੇ ਉਸ ਤੋਂ ਬਾਅਦ ਪੰਜਾਬੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਮਾਝੇ ਦੇ ਲੋਕਾਂ ਨਾਲ ਅਪਣੱਤ ਦਾ ਰਿਸ਼ਤਾ ਜੋੜਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਉਸਦੇ ਪੇਕੇ ਗੁਰਦਾਸਪੁਰ ਨਾਲ ਸਬੰਧ ਰੱਖਦੇ ਸਨ, ਇਸ ਲਈ ਮਾਝੇ ਦੀ ਧੀ ਹੁੰਦਿਆਂ ਉਹ ਮਾਝੇ ਦੇ ਅਣਖੀਲੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਾਲੀਆਂ ਪਾਰਟੀਆਂ ਨੂੰ ਨਕਾਰ ਕੇ ਕਾਂਗਰਸ ਦੇ ਉਮੀਦਵਾਰ ਨੂੰ ਜਿਤਾ ਕੇ ਲੋਕ ਸਭਾ ਵਿਚ ਭੇਜਣਗੇ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਜੰਮਕੇ ਅਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੇ ਹਰ ਕਾਰੋਬਾਰ ਉੱਤੇ ਕਬਜ਼ਾ ਕਰਕੇ ਲੋਕਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਤੇ ਉਸਦੇ ਨਿਰਮਲ ਸਿੰਘ ਕਾਹਲੋਂ ਵਰਗੇ ਚਹੇਤਿਆਂ ਨੇ ਲੋਕਾਂ ਤੋਂ ਡਰਾ ਧਮਕਾ ਕੇ ਬੱਸਾਂ ਦੇ ਪਰਮਿਟ ਆਪਣੇ ਨਾਮ ਕਰਵਾ ਕੇ ਉਨ੍ਹਾਂ ਦਾ ਰੁਜ਼ਗਾਰ ਖ਼ੋਹਿਆ। ਸ. ਸਿੱਧੂ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਹੀ ਸੁਖਬੀਰ ਤੇ ਨਿਰਮਲ ਸਿੰਘ ਕਾਹਲੋਂ ਦੀਆਂ ਨਜ਼ਾਇਜ ਚੱਲਦੀਆਂ ਬੱਸਾਂ ਥਾਣਿਆਂ ਵਿਚ ਬੰਦ ਹੋਣਗੀਆਂ।
ਹਲਕੇ ਦੇ ਵਿਧਾਇਕ ਅਤ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਸੁਨੀਲ ਜਾਖੜ ਨੂੰ ਪਾਈ ਗਈ ਇਕ-ਇਕ ਵੋਟ ਉਨ੍ਹਾਂ ਉੱਤੇ ਕੀਤਾ ਗਿਆ ਨਿੱਜੀ ਅਹਿਸਾਨ ਹੋਵੇਗਾ ਅਤੇ ਇਸ ਅਹਿਸਾਨ ਦੀ ਕੀਮਤ ਤਨਦੇਹੀ ਤੇ ਈਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਕੇ ਚੁਕਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜ਼ਮੀਰ ਦੀ ਆਵਾਜ਼ ਅਨੁਸਾਰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਆਗੂਆਂ ਕਾਹਲੋਂ ਪਿਉ-ਪੁੱਤਰ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਡਰਾਵਿਆਂ ਤੋਂ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸ. ਬਾਜਵਾ ਨੇ ਕਿਹਾ ਕਿ ਉਹ ਡਰਾਵਿਆਂ ਅਤੇ ਧਮਕੀਆਂ ਦੇਣ ਦੀ ਥਾਂ ਲੋਕਾਂ ਦੀ ਸੇਵਾ ਨਾਲ ਉਨ੍ਹਾਂ ਦੇ ਦਿਲ ਜਿੱਤਣ ਵਿਚ ਵਿਸ਼ਵਾਸ਼ ਰੱਖਦੇ ਹਨ।
ਇਨ੍ਹਾਂ ਚੋਣ ਰੈਲੀਆਂ ਨੂੰ ਹੋਰਨਾਂ ਤੋਂ ਇਲਾਵਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਪਾਰਲੀਮਾਨੀ ਸਕੱਤਰ ਮਹਿੰਦਰ ਕੁਮਾਰ ਰਿਣਵਾ ਅਤੇ ਸਥਾਨਕ ਆਗੂਆਂ ਨੇ ਵੀ ਸੰਬੋਧਨ ਕੀਤਾ।