ਚੰਡੀਗੜ੍ਹ: 1 ਨਵੰਬਰ, 2017 : ਅੱਜ ਪੰਜਾਬ ਦਿਵਸ ਦੇ ਮੌਕੇ ਤੇ ਪੰਜਾਬ ਮੰਡੀ ਬੋਰਡ ਅਤੇ ਰਾਜ ਦੀਆਂ ਸਮੂੰਹ ਮਾਰਕਿਟ ਕਮੇਟੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ|
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਲਈ ਉਹਨਾਂ ਵਲੋਂ ਅੱਜ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਆਪਣਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਉਣ ਅਤੇ ਅਜਿਹਾ ਨਾਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਪੰਜਾਬੀ ਭਾਸ਼ਾ ਸੋਧ ਐਕਟ, 2008 ਦੇ ਉਪਬੰਧਾ ਮੁਤਾਬਿਕ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ|
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੋਰਡ ਦੇ ਦਫਤਰ ਦੀਆਂ ਮਿਸਲਾਂ ਵੇਖਣ ਤੋਂ ਇਹ ਧਿਆਨ ਵਿੱਚ ਆ ਰਿਹਾ ਹੈ ਕਿ ਪੰਜਾਬ ਮੰਡੀ ਬੋਰਡ ਵਿੱਚ ਦਫਤਰੀ ਕੰਮ ਕਾਜ਼ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਨਹੀ ਦਿੱਤਾ ਜਾ ਰਿਹਾ ਅਤੇ ਅਧਿਕਾਰੀ ਅਤੇ ਕਰਮਚਾਰੀਆਂ ਵਲੋਂ ਅਕਸਰ ਦਫਤਰੀ ਕੰਮ-ਕਾਜ਼ ਵਿੱਚ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ| ਬੜੇ ਖੇਦ ਦੀ ਗੱਲ ਹੈ ਕਿ ਰਾਜ ਸਰਕਾਰ ਵਲੋਂ ਦਫਤਰੀ ਕੰਮ ਰਾਜ ਭਾਸ਼ਾ ਪੰਜਾਬੀ ਵਿੱਚ ਕਰਨ ਲਈ ਜਾਰੀ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਇਨ੍ਹਾਂ ਹਦਾਇਤਾਂ ਵੱਲ ਤਵੱਜੋ ਨਹੀ ਦਿੱਤੀ ਜਾ ਰਹੀ ਹੈ|
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਿਵਸ ਮੌਕੇ ਤੇ ਰਾਜ ਵਿੱਚ ਪੰਜਾਬ ਮੰਡੀ ਬੋਰਡ ਦੇ ਸਮੂੰਹ ਦਫਤਰਾਂ ਅਤੇ ਮਾਰਕੀਟ ਕਮੇਟੀਆਂ ਦੇ ਦਫਤਰਾਂ ਵਿੱਚ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਪੰਜਾਬੀ ਭਾਸ਼ਾ ਸੋਧ ਐਕਟ 2008 ਦੀਆਂ ਉਪਬੰਧਾਂ ਅਧੀਨ ਅਨੁਸਾਸ਼ਨੀ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ|