ਮਾਧੋਪੁਰ ਖੇਡ ਸਟੇਡੀਅਮ ਤੋਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣ ਤੋਂ ਪਹਿਲਾਂ ਚੋਣ ਸਮੱਗਰੀ ਨਾਲ ਚੋਣ ਅਮਲਾ।
ਫ਼ਤਹਿਗੜ੍ਹ ਸਾਹਿਬ, 29 ਦਸੰਬਰ 2018: ਪੰਚਾਇਤੀ ਚੋਣਾਂ ਸਬੰਧੀ 30 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਜ਼ਿਲ੍ਹੇ ਦੇ ਪਿੰਡਾਂ ਦੇ ਵੋਟਰ 295 ਸਰਪੰਚਾਂ ਅਤੇ 1060 ਪੰਚਾਂ ਦੀ ਚੋਣ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 367 ਪੋਲਿੰਗ ਬੂਥਾਂ ਉੱਤੇ ਵੋਟਾਂ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਪੈਣਗੀਆਂ ਅਤੇ ਵੋਟਿੰਗ ਉਪਰੰਤ ਮੌਕੇ 'ਤੇ ਹੀ ਗਿਣਤੀ ਕਰਵਾਈ ਜਾਵੇਗੀ। ਚੋਣਾਂ ਲਈ ਲਗਭਗ 1835 ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਹਰੇਕ ਬੂਥ 'ਤੇ 5 ਕਰਮਚਾਰੀਆਂ ਦੀ ਬਤੌਰ ਪੋਲਿੰਗ ਸਟਾਫ ਡਿਊਟੀ ਲਗਾਈ ਗਈ ਹੈ ਅਤੇ ਇਨ੍ਹਾਂ ਪੋਲਿੰਗ ਪਾਰਟੀਆਂ ਦੀ ਮਦਦ ਤੇ ਨਿਗਰਾਨੀ ਲਈ ਚੋਣ ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ 900 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਲਈ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਨਿਰਧਾਰਤ ਥਾਵਾਂ ਤੋਂ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਬਲਾਕ ਵਿੱਚ 02-02 ਮਾਡਲ ਪੋਲਿੰਗ ਬੂਥ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਅਮਲੋਹ ਦੇ ਪਿੰਡ ਤੰਗਰਾਲਾ ਤੇ ਕੌਲਗੜ੍ਹ, ਬਲਾਕ ਬਸੀ ਪਠਾਣਾ ਦੇ ਪਿੰਡ ਮਾਰਵਾ ਤੇ ਸ਼ਹੀਦਗੜ੍ਹ, ਬਲਾਕ ਖਮਾਣੋਂ ਦੇ ਪਿੰਡ ਮਨੈਲਾ ਤੇ ਕਾਲੇਵਾਲ (ਖੇੜੀ), ਬਲਾਕ ਖੇੜਾ ਦੇ ਪਿੰਡ ਰੰਧਾਵਾ ਤੇ ਹਰਨਾਂ ਅਤੇ ਬਲਾਕ ਸਰਹਿੰਦ ਦੇ ਪਿੰਡ ਜਲਵੇੜੀ ਧੂੰਮੀ ਅਤੇ ਬਹਿਲੋਲਪੁਰ ਵਿੱਚ ਮਾਡਲ ਬੂਥ ਬਣਾਏ ਗਏ ਹਨ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਆਪਣਾ ਯੋਗਦਾਨ ਪਾਉਣ। ਜ਼ਿਲ੍ਹਾ ਪੁਲਿਸ ਵੱਲੋਂ ਚੋਣ ਪ੍ਰਕ੍ਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨਾ ਕੀਤੀ ਜਾਵੇ।