ਜਾਣਕਾਰੀ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਮਨਪ੍ਰੀਤ ਸਿੰਘ ਛੱਤਵਾਲ ।
ਜਗਦੀਸ਼ ਥਿੰਦ
ਫਾਜ਼ਿਲਕਾ 29 ਦਸੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਅਮਲੇ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਪੋਲਿੰਗ ਉਪਰੰਤ ਹੀ ਪੰਚਾਇਤੀ ਚੋਣਾਂ ਦੇ ਨਤੀਜੇ ਵੀ ਐਲਾਨੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ 690 ਪੋਲਿੰਗ ਪਾਰਟੀਆਂ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ 21 ਪੰਚਾਇਤਾਂ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ 11 ਪਿੰਡਾਂ ਦੇ ਸਰਪੰਚ ਸਬੰਧਤ ਪਿੰਡਾਂ ਵਾਸੀਆਂ ਵੱਲੋਂ ਸਰਵਸੰਮਤੀ ਨਾਲ ਚੁਣੇ ਗਏ ਹਨ ਪਰ ਇਨ੍ਹਾਂ ਪਿੰਡਾਂ 'ਚ ਪੰਚਾਂ ਲਈ ਵੋਟਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਵਸੰਮਤੀ ਤੋਂ ਬਾਅਦ ਜ਼ਿਲ੍ਹੇ ਅੰਦਰ ਬਾਕੀ ਰਹਿ ਗਈਆਂ 402 ਪੰਚਾਇਤਾਂ ਲਈ ਚੋਣਾਂ ਹੋਣਗੀਆਂ।
ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਹੋਰ ਕਿਹਾ ਕਿ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਨੂੰ ਸ਼ਾਤੀਪੂਰਵਕ ਨੇਪਰੇ ਚੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਨ।