ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫੰਰਸ ਹਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣਗੀਆਂ ਅਤੇ ਗਿਣਤੀ 23 ਮਈ ਨੂੰ ਹੋਵੇਗੀ
ਸੀ-ਵਿਜਲ ਮੋਬਾਈਲ ਐਪ ਰਾਹੀਂ ਆਮ ਲੋਕ ਵੀ ਰੱਖ ਸਕਣਗੇ ਚੋਣ ਜ਼ਾਬਤੇ 'ਤੇ ਨਜ਼ਰ
ਐਨ.ਆਰ.ਈਜ਼ ਸਮੇਤ ਨੌਜਵਾਨਾਂ ਨੂੰ ਵੋਟਾਂ ਬਨਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ
ਫ਼ਤਹਿਗੜ੍ਹ ਸਾਹਿਬ, 11 ਮਾਰਚ 2019: ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ ਅਤੇ ਪੂਰਨ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਤੇ ਇਸ ਸਬੰਧੀ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਮੱਤਦਾਨ 19 ਮਈ ਨੂੰ ਹੋਵੇਗਾ ਤੇ 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਖਿਆ ਕਿ ਲੋਕ ਸਭਾ ਚੋਣਾਂ ਦੀ ਡਿਊਟੀ ਸਭ ਤੋਂ ਮਹਤੱਵਪੂਰਨ ਹੁੰਦੀ ਹੈ। ਇਸ ਲਈ ਉਹ ਆਪਣੀ ਡਿਊਟੀ ਨਿਰਪੱਖ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਆਪਸੀ ਤਾਲਮੇਲ ਬਣਾਈ ਰੱਖਣ ਨੂੰ ਵੀ ਯਕੀਨੀ ਬਨਾਉਣ। ਉਨ੍ਹਾਂ ਹੋਰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜ਼ਾਬਤੇ ਨੂੰ ਇਨ ਬਿਨ ਲਾਗੂ ਕੀਤਾ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਆਮ ਲੋਕ ਵੀ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਣਗੇ। ਜਿਸ ਲਈ ਚੋਣ ਕਮਿਸ਼ਨ ਵੱਲੋਂ ਸੀ-ਵਿਜਲ ਮੋਬਾਈਲ ਐਪ ਲਾਂਚ ਕੀਤਾ ਗਿਆ ਹੈ ਅਤੇ ਇਸ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ। ਇਸ ਤਰੀਕੇ ਨਾਲ ਪ੍ਰਾਪਤ ਸ਼ਿਕਾਇਤ 'ਤੇ 100 ਮਿੰਟ ਵਿੱਚ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 1950 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿੱਥੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਨਾਲ ਸ਼ਿਕਾਇਤ ਵੀ ਦਰਜ ਕਰਵਾਈ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਮੁੱਲ ਦੀਆਂ ਖ਼ਬਰਾਂ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਸੋਸ਼ਲ ਮੀਡੀਆ 'ਤੇ ਵੀ ਚੋਣ ਕਮਿਸ਼ਨ ਵੱਲੋਂ ਗਠਿਤ ਐਮ.ਸੀ.ਐਮ.ਸੀ. ਟੀਮ ਨਿਗਰਾਨੀ ਰੱਖੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਜ਼ਿਲ੍ਹੇ ਦੇ ਐਨ.ਆਰ.ਆਈ. ਵੋਟਰਜ਼ ਅਤੇ ਖ਼ਾਸਕਰ ਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ 01 ਜਨਵਰੀ 2019 ਨੂੰ ਉਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਬਣਦੀ ਹੈ ਉਹ ਆਪਣੀ ਵੋਟ ਬਨਵਾਉਣ ਲਈ ਫਾਰਮ ਨੰਬਰ 06 ਭਰ ਕੇ ਅਤੇ ਐਨ.ਆਰ.ਆਈ. ਆਪਣੀ ਵੋਟ ਬਨਵਾਉਣ ਲਈ ਫਾਰਮ ਨੰਬਰ 06-ਏ ਭਰ ਕੇ ਆਪਣੇ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਾਂ ਆਪਣੇ ਬੀ.ਐਲ.ਓ. ਕੋਲ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਬਿਨਾਂ ਆਪਣੀ ਵੋਟ ਬਨਵਾਉਣ ਲਈ www.nvsp.in 'ਤੇ ਵੀ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਨੇ ਚੋਣ ਜ਼ਾਬਤੇ ਸਬੰਧੀ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਹਰਕਤ ਵਿੱਚ ਆ ਕੇ ਆਪਣੀ ਆਪਣੀ ਡਿਊਟੀ ਸੰਭਾਲਣ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਡੀਓ ਸਰਵੀਲੈਂਸ ਟੀਮਾਂ, ਅਕਾਊਂਟਿੰਗ ਟੀਮ, ਫਲਾਈਂਗ ਸਕੁਐਡ, ਐਮ.ਸੀ.ਐਮ.ਸੀ., ਆਦਿ ਦਾ ਗਠਨ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸ਼ਹਿਰਾਂ ਤੇ ਪਿੰਡਾਂ ਵਿੱਚ ਲਗਾਏ ਗਏ ਰਾਜਸੀ ਪਾਰਟੀਆਂ ਦੇ ਹੋਰਡਿੰਗ, ਪੋਸਟਰ, ਬੈਨਰ ਆਦਿ ਨੂੰ ਤੁਰੰਤ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਡੀ) ਸ. ਹਰਪਾਲ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ. ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਡੀ.ਡੀ.ਪੀ.ਓ. ਰਵਿੰਦਰ ਸਿੰਘ ਸੰਧੂ, ਤਹਿਸੀਲਦਾਰ (ਚੋਣਾਂ) ਸ. ਲਾਭ ਸਿੰਘ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।