ਸੰਗਰੂਰ/ਚੰਡੀਗੜ 24 ਮਾਰਚ 2019 : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪਿ੍ਰੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪਿ੍ਰੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿਚ ਸ੍ਰੀ ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਸ੍ਰੀ ਫਤਿਗਹੜ ਸਾਹਿਬ ਤੋਂ ਬਲਜਿੰਦਰ ਸਿੰਘ ਚੌਦਾਂ, ਜਲੰਧਰ ਤੋਂ ਜਸਟਿਸ ਜੋਰਾ ਸਿੰਘ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।
ਸ੍ਰੀ ਫ਼ਤਿਹਗੜ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਬਲਜਿੰਦਰ ਸਿੰਘ ਚੌਦਾਂ ਆਮ ਆਦਮੀ ਪਾਰਟੀ ਦੇ 2014 ਤੋਂ ਇੱਕ ਸਰਗਰਮ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ। ਉਨਾਂ ਦੇ ਦਾਦਾ ਜੀ ਨੇ ਧਰਮ ਸੁਧਾਰ ਅੰਦੋਲਨ ਦੇ ਦੌਰਾਨ ਜੈਤੋ ਦੇ ਮੋਰਚੇ ਵਿਚ ਆਪਣੇ ਸਾਥੀਆਂ ਸਮੇਤ ਜੇਲ ਕੱਟੀ ਸੀ। ਚੌਦਾਂ ਇਸ ਸਮੇਂ ਖੰਨਾ, ਸਾਹਨੇਵਾਲ ਅਤੇ ਸਮਰਾਲਾ ਹਲਕਿਆਂ ਦੇ ਅਬਜ਼ਰਵਰ ਵਜੋਂ ਕੰਮ ਕਰ ਰਹੇ ਹਨ। ਉਹ ਖੰਨਾ, ਸਮਰਾਲਾ ਅਤੇ ਸਾਹਨੇਵਾਲ ਸੈਕਟਰ ਦੇ ਐਸ.ਸੀ ਵਿੰਗ ਦੇ ਇੰਚਾਰਜ ਵੀ ਹਨ। ਇਸ ਤੋਂ ਬਿਨਾ ਉਹ ਐਸ.ਸੀ/ਐਸਟੀ ਵਿੰਗ ਦੇ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਪਿਛਲੇ ਸਮੇਂ ਦੌਰਾਨ ਨਿਆਂ ਪਾਲਿਕਾ ਵਿਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਵੀ ਆਪਣੀ ਸੇਵਾ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਸਨ। ਉਨਾਂ ਨੇ ਇਸ ਕੇਸ ਵਿਚ ਤੱਥਾਂ ਦੇ ਆਧਾਰ ‘ਤੇ ਆਪਣੀ ਰਿਪੋਰਟ ਪੇਸ਼ ਕੀਤੀ ਸੀ। 2018 ਵਿਚ ਉਨਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ।
ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਮਸੀਹ ਚੀਦਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹ ਗੁਰਦਾਸਪੁਰ ਖੇਤਰ ਵਿਚ ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਕਾਰਜ ਕਰਦੇ ਆ ਰਹੇ ਹਨ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ, ਅਮਿ੍ਰਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।
ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਕਮੇਟੀ ਦੇ ਚੇਅਰਮੈਨ ਪਿੰ੍ਰਸੀਪਲ ਬੁੱਧ ਰਾਮ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਡਾਕਟਰ ਬਲਵੀਰ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜ ੈਕਿਸਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮੈਂਬਰ ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਦਲਵੀਰ ਸਿੰਘ ਢਿੱਲੋਂ, ਜਮੀਲ-ਉਰ-ਰਹਿਮਾਨ, ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸੇਰਗਿੱਲ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।