← ਪਿਛੇ ਪਰਤੋ
ਚੰਡੀਗੜ੍ਹ, 13 ਅਪ੍ਰੈਲ 2019: ਸ਼ਰੋਮਣੀ ਆਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਵੱਲੋਂ ਮਨੀਸ਼ ਤਿਵਾੜੀ ਨੂੰ ਉਹਨਾਂ ਖਿਲਾਫ਼ ਚੋਣ ਮੈਦਾਨ ‘ਚ ਉਤਾਰਨ ਨਾਲ ਆਕਾਲੀ ਦਲ ਨੇ ਅੱਧੀ ਜੰਗ ਤਾਂ ਪਹਿਲਾਂ ਹੀ ਜਿੱਤ ਲਈ ਹੈ। ਉਹਨਾਂ ਕਿਹਾ ਕਿ ਸ੍ਰੀ ਤਿਵਾੜੀ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕਾਂਗਰਸ ਨੂੰ ਇੱਕ ਅਜਿਹੇ ਉਮੀਦਵਾਰ ਨੂੰ ਟਿਕਟ ਦੇਣ ਲਈ ਮਜਬੂਰ ਹੋਣਾ ਪਿਆ ਜਿਸਨੇ ਪਿਛਲੀਆਂ ਚੋਣਾਂ ‘ਚ ਲੁਧਿਆਣਾ ਤੋਂ ਟਿਕਟ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਹਾਲਾਂਕਿ ਉਸ ਸਮੇਂ ਲੁਧਿਆਣਾ ਹਲਕੇ ਦੀ ਨੁਮਾਇੰਦਗੀ ਕਰ ਰਿਹਾ ਸੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹਾ ਕਰਕੇ ਉਹਨਾਂ ਆਪਣੇ ਹਲਕੇ ਦੇ ਲੋਕਾਂ ਨਾਲ ਧੋਖਾ ਕੀਤਾ। ਉਹਨਾਂ ਕਿਹਾ ਕਿ ਸਾਫ਼ ਜ਼ਾਹਰ ਹੈ ਕਿ ਕਾਂਗਰਸ ਕੋਲ ਕੋਈ ਯੋਗ ਉਮੀਦਵਾਰ ਹੀ ਨਹੀਂ ਹੈ। ਉਹਨਾਂ ਕਿਹਾ ਕਿ ਤਿਵਾੜੀ ਵਰਗਾ ਬੰਦਾ ਕਿਸ ਤਰ੍ਹਾਂ ਆਪਣੇ ਲੋਕਾਂ ਨਾਲ ਵਫ਼ਾਦਾਰ ਹੋ ਸਕਦਾ ਹੈ ਜੋ ਆਪਣੀ ਪਾਰਟੀ ਨਾਲ ਵਚਨਬੱਧ ਨਹੀਂ ਹੈ। ਪ੍ਰੋ. ਚੰਦੂਮਾਜਰਾ ਨੇ ਆਪਣੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਵਾੜੀ ਨੂੰ ਵੱਡੇ ਫਰਕ ਨਾਲ ਹਰਾ ਕੇ ਢੁਕਵਾਂ ਜਵਾਬ ਦਿੱਤਾ ਜਾਵੇ ਕਿਉਂ ਕਿ ਅਜਿਹੇ ਨੇਤਾ ਲੋਕਾਂ ਦੀ ਸੇਵਾ ਕਰਨ ਤੋਂ ਭੱਜਦੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਦੇ ਲੋਕ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਤੰਗ ਆ ਚੁੱਕੇ ਨੇ ਜੋ ਹਰ ਮੁਹਾਜ਼ ਤੇ ਫੇਲ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ ਨਹੀਂ ਹੈ ਦਿਨ-ਬ-ਦਿਨ ਅਮਨ ਕਾਨੂੰਨ ਦੀ ਹਾਲਤ ਵਿਗੜ ਰਹੀ ਹੈ।
Total Responses : 265