← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ 2019: ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਚੌਥੇ ਦਿਨ ਅੱਜ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ ਲਈ 07 ਉਮੀਦਵਾਰਾਂ ਵੱਲੋਂ ਰਿਟਰਨਿੰਗ ਅਧਿਕਾਰੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਕੋਲ ਕਾਗਜ਼ ਦਾਖਲ ਕਰਵਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਧਿਕਾਰੀ ਡਾ. ਗੋਇਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਜੋਂ ਅਮਰ ਸਿੰਘ ਨੇ ਜਦੋਂ ਕਿ ਕਾਮਿਲ ਅਮਰ ਸਿੰਘ ਨੇ ਉਨ੍ਹਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਆਪਣੇ ਨਾਮਜ਼ਦਗੀ ਪੱਤਰ ਭਰੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰਬਾਰਾ ਸਿੰਘ ਗੁਰੂ ਨੇ ਅਤੇ ਰਣਜੀਤ ਕੌਰ ਗੁਰੂ ਨੇ ਉਨ੍ਹਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਕਾਗਜ਼ ਦਾਖਲ ਕੀਤੇ। ਗੁਰਬਚਨ ਸਿੰਘ ਨੇ ਸਮਾਜ ਅਧਿਕਾਰ ਕਲਿਆਣ ਪਾਰਟੀ ਵੱਲੋਂ ਅਤੇ ਬਲਵਿੰਦਰ ਕੌਰ ਨੇ ਮੁੜ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਉਮੀਦਵਾਰ ਵਜੋਂ ਦੁਬਾਰਾ ਕਾਗਜ਼ ਭਰੇ ਅਤੇ ਲਛਮਣ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ। ਡਾ. ਗੋਇਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ 22 ਅਪ੍ਰੈਲ ਤੋਂ ਨਾਮਜ਼ਦਗੀਆਂ ਭਰਨ ਦੀ ਸ਼ੁਰੂ ਹੋਈ ਪ੍ਰਕਿਰਿਆ ਤਹਿਤ ਹੁਣ ਤੱਕ 09 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ 29 ਅਪ੍ਰੈਲ ਤੱਕ ਜਾਰੀ ਰਹੇਗੀ ਅਤੇ ਸ਼ਨੀਵਾਰ ਮਿਤੀ 27 ਅਪ੍ਰੈਲ ਅਤੇ ਐਤਵਾਰ ਮਿਤੀ 28 ਅਪ੍ਰੈਲ ਨੂੰ ਛੁੱਟੀ ਹੋਣ ਕਾਰਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾ ਸਕਣਗੀਆਂ।
Total Responses : 265