ਸੁਖਪਾਲ ਸਿੰਘ ਖਹਿਰਾ ਨੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
ਵਿਸ਼ੇਸ਼ ਪ੍ਰਤੀਨਿਧ ਅੰਮ੍ਰਿਤ ਬਰਾੜ
26 ਅਪ੍ਰੈਲ (ਬਠਿੰਡਾ)
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਜਮਹੂਰੀ ਗੱਠਜੋੜ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਬਠਿੰਡਾ ਵਿਖੇ ਭਰਵੀਂ ਜਨਸਭਾ ਕਰਨ ਤੋਂ ਬਾਅਦ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ।
ਸੁਖਪਾਲ ਸਿੰਘ ਖਹਿਰਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੇ ਅਮਰੀਕ ਸਿੰਘ ਰੋਡ ਵਿਖੇ ਪੂਰੇ ਬਠਿੰਡਾ ਲੋਕ ਸਭਾ ਹਲਕੇ ਤੋਂ ਪਹੁੰਚੇ ਪੰਜ ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿਚ ਵੱਡੇ ਕਾਫਲੇ ਦੇ ਨਾਲ ਸ਼ਹਿਰ ਵਿਚੋਂ ਹੁੰਦੇ ਹੋਏ ਮਿੰਨੀ ਸਕੱਤਰੇਤ ਵਿਖੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਉਨ੍ਹਾਂ ਕੈਪਟਨ ਸਰਕਾਰ ਦੀ ਤੁਲਨਾ ਬੁਲੇਟ ਟ੍ਰੇਨਾਂ ਦੇ ਦੌਰ ਵਿੱਚ ਭਾਫ ਇੰਜਣ ਨਾਲ ਕਰਦਿਆਂ ਕਿਹਾ ਕਿ ਲੱਗਦਾ ਹੀ ਨਹੀਂ ਕਿ ਅਸੀਂ 21 ਵੀਂ ਸਦੀ ਦੇ ਪੰਜਾਬ ਵਿਚ ਜੀਅ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਬੇਰੁਜ਼ਗਾਰੀ, ਨਸ਼ੇ, ਕਿਸਾਨ ਮਜਦੂਰ ਖੁਦਕੁਸ਼ੀਆਂ ਅਤੇ ਵਪਾਰ ਘਾਟਾ ਸ਼ਿਖਰਾਂ ਤੇ ਹੈ।
ਉਨ੍ਹਾਂ ਆਪਣੇ ਨੇੜਲੇ ਵਿਰੋਧੀਆਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਤੇ ਜੰਮ ਕੇ ਨਿਸ਼ਾਨੇ ਲਾਏ। ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੇ ਵਿਕਾਸ ਦੇ ਦਾਅਵਿਆਂ ਨੂੰ ਖੋਖਲੇ ਕਰਾਰ ਦਿੰਦਿਆਂ ਖਹਿਰਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਦਸਾਂ ਸਾਲਾਂ ਦਰਮਿਆਨ ਬਠਿੰਡਾ ਜਿਲ੍ਹੇ ਦੀ 60% ਇੰਡਸਟਰੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਬਾਵਜੂਦ ਵੀ ਹਰਸਿਮਰਤ ਕੌਰ ਬਾਦਲ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਪੂਰਾ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਭ ਤੋਂ ਵੱਧ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਬਠਿੰਡਾ ਇਲਾਕੇ ਦੇ ਲੋਕ ਨੇ, ਕੀ ਇਹ ਹਰਸਿਮਰਤ ਦਾ ਵਿਕਾਸ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਰੁਜ਼ਗਾਰ ਲਈ ਸੜਕਾਂ ਤੇ ਰੁਲਦੀਆਂ ਨੰਨ੍ਹੀਆਂ ਛਾਵਾਂ ਦਾ ਚੇਤਾ ਕਿਉਂ ਨਹੀਂ ਆਇਆ।
ਰਾਜਾ ਵੜਿੰਗ ਨੂੰ ਨੌਨ ਸੀਰੀਅਸ ਆਗੂ ਕਰਾਰ ਦਿੰਦਿਆਂ ਖਹਿਰਾ ਨੇ ਕਿਹਾ ਕਿ ਜਿਹੜਾ ਆਪਣੇ ਲੋਕਾਂ ਨੂੰ ਮਜਾਕ ਦਾ ਪਾਤਰ ਬਣਾ ਕੇ ਪੇਸ਼ ਕਰੇ ਅਤੇ ਗੁਰੂ ਨਾਨਕ ਸਾਹਿਬ ਦਾ ਨਿਰਾਦਰ ਕਰੇ ਉਸਨੂੰ ਵੋਟ ਦਾ ਕੋਈ ਹੱਕ ਨਹੀਂ।
ਇਸ ਮੌਕੇ ਵਿਸ਼ੇਸ਼ ਤੌਰ ਪਹੁੰਚੇ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੀ ਲੋਕਾਂ ਨੂੰ ਸੁਖਪਾਲ ਸਿੰਘ ਖਹਿਰਾ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਕਾਮਰੇਡ ਹਰਦੇਵ ਅਰਸ਼ੀ, ਕਾਮਰੇਡ ਜਗਜੀਤ ਸਿੰਘ ਜੋਗਾ, ਕਾਮਰੇਡ ਮੰਗਤ ਰਾਮ ਪਾਸਲਾ, ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਿਲ ਸਿੰਘ ਖਾਲਸਾ ਵਿਧਾਇਕ, ਜੱਗਾ ਹਿੱਸੋਵਾਲ ਵਿਧਾਇਕ, ਦੀਪਕ ਬਾਂਸਲ, ਬਸਪਾ ਆਗੂ ਕੁਲਦੀਪ ਸਿੰਘ , ਨਵਜੋਤ ਕੌਰ ਲੰਬੀ, ਮੇਜਰ ਸਿੰਘ ਬੀਏ, ਰਾਜਪਾਲ ਸਿੰਘ, ਨਾਟੀ ਸਰਪੰਚ ਲੰਬੀ, ਦਵਿੰਦਰ ਸਿੰਘ ਬੀਹਲਾ ਅਤੇ ਸੁਖਜਿੰਦਰ ਰੋਮਾਣਾ ਆਦਿ ਆਗੂ ਹਾਜ਼ਰ ਸਨ।