ਪਟਿਆਲਾ, 4 ਮਈ 2019 - ਮੈਂਬਰ ਪਾਰਲੀਮੈਂਟ ਅਤੇ ਪੰਜਾਬ ਜਮਹੂਰੀ ਗਠਜੋੜ ਦੇ ਪਟਿਆਲਾ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਵੱਲੋਂ ਰਾਜਪੁਰਾ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀਆਂ ਦੇ ਝੂਠਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਹੁਣ ਉਹ ਇਹਨਾਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਮੂੰਹ ਨਹੀਂ ਲਗਾ ਰਹੇ।
ਉਹਨਾਂ ਕਿਹਾ ਕਿ ਬਹੁਤ ਚੰਗੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਆਪਣੇ ਵੋਟ ਦੇ ਹੱਕ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਪਿੰਡਾਂ ਤੇ ਸ਼ਹਿਰਾਂ ਵਿੱਚ ਵੋਟਾਂ ਮੰਗਣ ਆਉਣ ਵਾਲੇ ਅਕਾਲੀ ਤੇ ਕਾਂਗਰਸੀ ਲੀਡਰਾਂ ਨੂੰ ਆਪਣੇ ਵਿਕਾਸ ਸੰਬੰਧੀ ਸਵਾਲ ਕਰਨ ਲੱਗ ਪਏ ਹਨ। ਡਾ. ਗਾਂਧੀ ਨੇ ਕਿਹਾ ਹਰੇਕ ਪਾਰਟੀ ਦਾ ਚੁਣਿਆ ਹੋਇਆ ਨੁਮਾਇੰਦਾ ਹਰ ਵੋਟਰ ਨੂੰ ਜਵਾਬਦੇਹ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੈਂ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾ ਰਿਹਾ ਹਾਂ ਉਸੇ ਤਰ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰ ਵੀ ਆਪਣਾ ਰਿਪੋਰਟ ਕਾਰਡ ਲੈ ਕੇ ਸੱਥਾਂ ਵਿਚ ਜਾਣ। ਡਾ. ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਵੋਟਾਂ ਮੰਗਣ ਵਾਲੇ ਹਰ ਲੀਡਰ ਕੋਲੋਂ ਸਵਾਲ ਪੁੱਛਿਆ ਕਰੋ, ਕਿਉਂਕਿ ਉਹ ਤੁਹਾਡੀਆਂ ਵੋਟਾਂ ਨਾਲ ਹੀ ਲੀਡਰ ਬਣਦਾ ਹੈ।
ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਲਗਾਤਾਰ 10 ਸਾਲ ਸੱਤਾ 'ਚ ਰਹੇ ਅਕਾਲੀਆਂ ਨੇ ਬੁਰੀ ਤਰ੍ਹਾਂ ਲੁੱਟਿਆ ਹੈ ਹੁਣ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਕਾਂਗਰਸੀ ਲੀਡਰ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟ ਰਹੇ ਹਨ ਅਤੇ ਆਪਣਾ ਹੱਕ ਮੰਗਣ ਵਾਲੇ ਪੰਜਾਬੀਆਂ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਕੀਤੀਆਂ ਵਧੀਕੀਆਂ ਦਾ ਬਦਲਾ ਲੈਣ ਦਾ ਹੁਣ ਸਮਾਂ ਆ ਗਿਆ, ਇਸ ਲਈ 19 ਮਈ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਹਰਾ ਕੇ ਇਮਾਨਦਾਰ ਉਮੀਦਵਾਰਾਂ ਨੂੰ ਜਿਤਾ ਕੇ ਪਾਰਲੀਮੈਂਟ ਭੇਜਿਆ ਜਾਵੇ ਤਾਂ ਜੋ ਉਹ ਸੂਬੇ ਦਾ ਅਸਲ ਵਿਕਾਸ ਕਰਵਾ ਸਕਣ।