ਜੀ ਐੱਸ ਪੰਨੂ
ਪਟਿਆਲਾ, 7 ਮਈ 2019 - ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮਦੀਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ ਸੈਂਟੀ ਦੀ ਪ੍ਰੇਰਨਾਂ ਸਦਕਾ ਨਾਭਾ ਸ਼ਹਿਰ ਦੇ 4 ਅਕਾਲੀ ਭਾਜਪਾ ਕੌਂਸਲਰਾਂ ਨੇ ਆਪਣੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਦਾ ਪੱਲਾ ਫੜ ਲਿਆ। ਉਹਨਾਂ ਨੇ ਕਾਂਗਰਸ ਦੀ ਇੱਕ ਚੋਣ ਰੈਲੀ ਦੌਰਾਨ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਹਾਜਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਇਹਨਾਂ ਕੌਂਸਲਰਾਂ ਨੇ ਕਿਹਾ ਕਿ ਉਹ ਅਕਾਲੀ ਭਾਜਪਾ ਪਾਰਟੀ ਵਿੱਚ ਘੁੱਟਣ ਮਹਿਸੂਸ ਕਰ ਰਹੇ ਸਨ ਅਤੇ ਉਹਨਾਂ ਨੇ ਕਾਂਗਰਸ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਾਭਾ ਹਲਕੇ ਨੂੰ ਦਿੱਤੀਆਂ ਗਈਆਂ ਗਰਾਟਾਂ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰੇਰਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਕਾਲੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿੱਚ ਭੋਲਾ ਰਾਮ, ਕਸ਼ਮੀਰੀ ਲਾਲਕਾ, ਸੁਖਵਿੰਦਰ ਕੌਰ ਅਤੇ ਭਾਜਪਾ ਦੀ ਕੌਂਸਲਰ ਸੁਜਾਤਾ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ। ਇਹਨਾਂ ਕੌਂਸਲਰਾਂ ਦੇ ਅਕਾਲੀ ਭਾਜਪਾ ਨੂੰ ਛੱਡਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਪਰਨੀਤ ਕੌਰ ਅਤੇ ਸਾਧੂ ਸਿੰਘ ਧਰਮਸੋਤ ਨੇ ਸੁਆਗਤ ਕਰਦਿਆਂ ਕਿਹਾ ਕਿ ਇਹਨਾਂ ਕੌਂਸਲਰਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਹਨਾਂ ਦੇ ਇਲਾਕੇ ਦੇ ਕੰਮ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।