ਚੰਡੀਗੜ੍ਹ, 12 ਮਈ 2019: ਪਿੱਛਲੀ ਰਾਤ ਸੰਗਰੂਰ ਜ਼ਿਲ੍ਹੇ ਵਿਚ ਬੇਅਦਬੀ ਦੀ ਘਟਨਾ ਦੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਇੱਕ ਵਾਰੀ ਫਿਰ ਫੁੱਟ ਪਾਊ ਸ਼ਕਤੀਆਂ ਸੂਬੇ ਵਿਚ ਧਰੂਵੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਕਤੀਆਂ ਨੂੰ ਇਸ ਘਿਨਾਉਣੇ ਕਾਰੇ ਲਈ ਸਖ਼ਤ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ |
ਪੁਲਿਸ ਥਾਣਾ ਅਮਰਗੜ੍ਹ ਦੇ ਪਿੰਡ ਹਥੋਆ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ, ਪਾਲਕੀ ਸਾਹਿਬ ਅਤੇ ਰੁਮਾਲਾ ਸਾਹਿਬ ਨੂੰ ਅਗਨ ਭੇਟ ਕਰਨ ਵਾਲੇ ਦੋਸ਼ੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਗਿ੍ਫਤਾਰ ਕਰਨ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਹਿਲਾ ਕੇ ਰੱਖ ਦੇਣ ਵਾਲੀਆਂ ਘਟਨਾਵਾਂ ਦੀ ਲੜੀ ਦਾ ਹੀ ਇਹ ਘਿਨਾਉਣਾ ਕਾਰਾ ਇੱਕ ਹਿੱਸਾ ਹੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸਪਸ਼ਟ ਤੌਰ 'ਤੇ ਉਹੀ ਸ਼ਕਤੀਆਂ ਮੌਜੂਦਾ ਲੋਕ ਸਭਾ ਚੋਣਾਂ ਨੂੰ ਜਿੱਤਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੀਆਂ ਹਨ | ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਧਰਮ ਨਿਰਪੱਖ ਅਤੇ ਸ਼ਾਂਤੀ ਦੀਆਂ ਤੰਦਾਂ ਨੂੰ ਤਬਾਹ ਕਰਨ ਵਾਲੀਆਂ ਇਹ ਸ਼ਕਤੀਆਂ ਇੱਕ ਵਾਰੀ ਫਿਰ ਚੋਣਾਂ ਦੇ ਮੱਦੇਨਜ਼ਰ ਆਪਣੇ ਹੱਕ ਵਿਚ ਸਿੱਖ ਵੋਟਰਾਂ ਦਾ ਧਰੂਵੀਕਰਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਹੋ ਰਹੀਆਂ ਚੋਣਾਂ ਤੋਂ ਕੇਵਲ ਕੁਝ ਦਿਨ ਪਹਿਲਾਂ ਹੀ ਹੋਈ ਹੈ ਜਿਸ ਤੋਂ ਸਪਸ਼ਟ ਹੈ ਕਿ ਇਹ ਸਿੱਖ ਵੋਟਰਾਂ ਉੱਤੇ ਨਜ਼ਰ ਰੱਖ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਰਣਨੀਤੀ ਸਾਲ 2017 ਵਿਚ ਨਾਕਾਮ ਹੋ ਗਈ ਸੀ ਅਤੇ ਹੁਣ ਫਿਰ ਇਹ ਅਸਫਲ ਹੋ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਟੀ ਨੇ ਬਰਗਾੜੀ ਅਤੇ ਬਹਿਬਲ ਕਲਾਂ ਦਾ ਘਿਨਾਉਣਾ ਕਾਰਾ ਕਰਨ ਦੇ ਜ਼ਿੰਮੇਵਾਰ ਲੋਕਾਂ ਦੀ ਢਿੰਬਰੀ ਕਸ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦਾ ਸਮਰਥਨ ਪ੍ਰਾਪਤ ਅਕਾਲੀਆਂ ਵੱਲੋਂ ਇਸ ਵਿਚ ਅੜਿਕਾ ਡਾਹੁਣ ਤੋਂ ਪਹਿਲਾਂ ਹੀ ਇਸ ਸਭ ਕੁਝ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿਚ ਹੀ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਐਸ.ਆਈ.ਟੀ ਵਿਚ ਵਾਪਸ ਆ ਜਾਵੇਗਾ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਸ਼ਰੇਆਮ ਕਰਨ ਦੇ ਦੋਸ਼ੀਆਂ ਨੂੰ ਨੱਥ ਪਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਪਸ਼ਟ ਤੌਰ 'ਤੇ ਉਸੇ ਉਦੇਸ਼ ਵਾਸਤੇ ਇੱਕ ਵਾਰੀ ਫਿਰ ਫਿਰਕਾਪ੍ਰਸਤੀ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਪਿਛਲੇ ਦੋ ਸਾਲਾਂ ਦੌਰਾਨ ਅਜਿਹੇ ਮਾਮਲਿਆਂ ਨਾਲ ਆਪਣੀ ਸਰਕਾਰ ਵੱਲੋਂ ਕਰੜੇ ਹੱਥੀਂ ਨਿਪਟਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਰਾਤ ਦੀ ਘਟਨਾ ਫੁੱਟ ਪਾਊ ਸ਼ਕਤੀਆਂ ਵੱਲੋਂ ਕਾਨੂੰਨ ਅਤੇ ਵਿਵਸਥਾ ਨੂੰ ਆਪਣੇ ਹੱਥ ਲੈਣ ਦੀ ਘਟੀਆ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਆਉਂਦੇ ਦਿਨਾਂ ਦੌਰਾਨ ਹੋਰ ਅਜਿਹੀਆਂ ਘਟਨਾਵਾਂ ਵਾਪਰਣ ਤੋਂ ਰੋਕਣ ਵਾਸਤੇ ਸੂਬੇ ਭਰ ਦੇ ਧਾਰਮਿਕ ਸਥਾਨਾਂ ਦੇ ਦੁਆਲੇ ਪੁਲਿਸ ਨੂੰ ਸਖ਼ਤ ਸੁਰੱਖਿਆ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ |
ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਿਹੜੇ ਅਜਿਹੇ ਸ਼ਰਮਨਾਕ ਕਾਰਿਆਂ ਨਾਲ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਬਾਰੇ ਸੋਚਦੇ ਹਨ ਉਨ੍ਹਾਂ ਨੂੰ ਸਖ਼ਤ ਪਾਠ ਪੜ੍ਹਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਅਜਿਹੇ ਘਿਣਾਉਣੇ ਕਾਰਿਆਂ ਨੂੰ ਵਾਪਰਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਕੋਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ |