ਪੋਲਿੰਗ ਬੂਥਾਂ 'ਤੇ 12 ਹਜ਼ਾਰ ਦੇ ਕਰੀਬ ਚੋਣ ਅਮਲਾ ਪੂਰੀ ਮੁਸਤੈਦੀ ਨਾਲ ਨਿਭਾਏਗਾ ਡਿਊਟੀ
23 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਜ਼ਿਲ੍ਹਾ ਚੋਣ ਅਫਸਰ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 18 ਮਈ 2019: ਲੋਕ ਸਭਾ ਚੋਣਾਂ-2019 ਲਈ ਹਲਕਾ ਫ਼ਤਹਿਗੜ੍ਹ ਸਾਹਿਬ-08 ਵਿਖੇ 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਹਲਕੇ ਦੇ ਸਾਰੇ 1750 ਪੋਲਿੰਗ ਬੂਥਾਂ 'ਤੇ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਈ.ਵੀ.ਐਮ.ਤੇ ਵੀ.ਵੀ. ਪੈਟ ਮਸ਼ੀਨਾਂ ਨਾਲ ਲੈ ਕੇ ਪੁੱਜ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੁਮੱਚੇ ਹਲਕੇ ਵਿੱਚ ਪੈਂਦੇ 09 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ ਪੋਲਿੰਗ ਬੂਥਾਂ 'ਤੇ 12 ਹਜ਼ਾਰ ਦੇ ਕਰੀਬ ਚੋਣ ਅਮਲਾ ਡਿਊਟੀ ਨਿਭਾਏਗਾ ਤੇ ਇਸ ਵਾਰ 20 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ 14 ਲੱਖ 97 ਹਜ਼ਾਰ 451 ਵੋਟਰ ਹਨ। ਇਸ ਤੋਂ ਇਲਾਵਾ 5410 ਸਰਵਿਸ ਵੋਟਰ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ 09 ਵਿਧਾਨ ਸਭਾ ਹਲਕੇ ਪੈਂਦੇ ਹਨ। ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿੱਚ ਕੁੱਲ 01 ਲੱਖ 47 ਹਜ਼ਾਰ 833 ਵੋਟਰ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 01 ਲੱਖ 55 ਹਜ਼ਾਰ 166, ਵਿਧਾਨ ਸਭਾ ਹਲਕਾ ਅਮਲੋਹ ਵਿੱਚ ਕੁੱਲ 01 ਲੱਖ 39 ਹਜ਼ਾਰ 485 ਵੋਟਰ, ਵਿਧਾਨ ਸਭਾ ਹਲਕਾ ਖੰਨਾ ਵਿੱਚ ਕੁੱਲ 01 ਲੱਖ 64 ਹਜ਼ਾਰ 20 ਵੋਟਰ, ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਕੁੱਲ 01 ਲੱਖ 71 ਹਜ਼ਾਰ 83 ਵੋਟਰ, ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕੁੱਲ 02 ਲੱਖ 43 ਹਜ਼ਾਰ 05 ਵੋਟਰ, ਹਲਕਾ ਪਾਇਲ ਵਿੱਚ 01 ਲੱਖ 62 ਹਜ਼ਾਰ 859 ਵੋਟਰ, ਰਾਏਕੋਟ ਵਿੱਚ 01 ਲੱਖ 53 ਹਜ਼ਾਰ 528 ਵੋਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਕੁੱਲ 01 ਲੱਖ 60 ਹਜ਼ਾਰ 472 ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਵਿੱਚ 178 ਪੋਲਿੰਗ ਬੂਥ, ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ 196, ਅਮਲੋਹ ਵਿੱਚ 159, ਖੰਨਾ ਹਲਕੇ ਵਿੱਚ 182, ਸਮਰਾਲਾ ਹਲਕੇ ਵਿੱਚ 209, ਸਾਹਨੇਵਾਲ ਹਲਕੇ ਵਿੱਚ 265, ਪਾਇਲ ਹਲਕੇ ਵਿੱਚ 197, ਰਾਏਕੋਟ ਹਲਕੇ ਵਿੱਚ 172 ਅਤੇ ਅਮਰਗੜ੍ਹ ਹਲਕੇ ਵਿੱਚ 192 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਕਿ ਵੋਟਰ ਆਪਣੀ ਵੋਟ ਭੁਗਤਾ ਸਕਣਗੇ। ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ਰਾਏਕੋਟ ਦੀ ਗਿਣਤੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੁੱਚੇ ਹਲਕੇ ਵਿੱਚ ਪੈਂਦੇ ਸਾਰੇ 9 ਹਲਕਿਆਂ ਵਿੱਚ 'ਸਖੀ' ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਥੇ ਕਿ ਕੇਵਲ ਮਹਿਲਾ ਵੋਟਰ ਆਪਣੀ ਵੋਟ ਪਾ ਸਕਣਗੀਆਂ ਅਤੇ ਸਖੀ ਪੋਲਿੰਗ ਬੂਥ 'ਤੇ ਸਾਰਾ ਸਟਾਫ਼ ਔਰਤਾਂ ਦਾ ਹੋਵੇਗਾ ਅਤੇ ਸੁਰੱਖਿਆ ਦਾ ਜ਼ਿੰਮਾ ਵੀ ਮਹਿਲਾ ਪੁਲਿਸ ਨੂੰ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ 56 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਹੈ ਕਿ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਬੂਥਾਂ 'ਤੇ ਕਰੈਚ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਵਾਰ ਦਿਵਿਆਂਗ ਵੋਟਰਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਦਿਵਿਆਂਗ ਵੋਟਰਾਂ ਲਈ ਹਰੇਕ ਪੋਲਿੰਗ ਬੂਥ 'ਤੇ ਰੈਂਪ ਅਤੇ ਵੀਲ੍ਹ ਚੇਅਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਅਤੇ ਛੱਡਣ ਲਈ ਮੁਫ਼ਤ ਆਵਾਜਾਈ ਦੀ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਪੋਲਿੰਗ ਬੂਥਾਂ 'ਤੇ ਉਨ੍ਹਾਂ ਦੀ ਸਹਾਇਤਾ ਲਈ ਵਾਲੰਟੀਅਰ ਵੀ ਲਾਏ ਗਏ ਹਨ ਤਾਂ ਜੋ ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰਕਾਨੂੰਨੀ ਇਕੱਠ, ਜਨਤਕ ਥਾਵਾਂ 'ਤੇ ਮੀਟਿੰਗ ਕਰਨ, ਲਾਊਡ ਸਪੀਕਰ ਲਾਉਣ ਅਤੇ ਪੋਲਿੰਗ ਸਟੇਸ਼ਨਾਂ ਦੇ ਆਲੇ ਦੁਆਲੇ ਦੇ 200 ਮੀਟਰ ਦੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਲਾਊਡ ਸਪੀਕਰਾਂ 'ਤੇ ਪਾਬੰਦੀ ਸਬੰਧੀ ਹੁਕਮ ਧਾਰਮਿਕ ਸਥਾਨਾਂ ਉਤੇ ਲਾਗੂ ਨਹੀਂ ਹੋਣਗੇ ਅਤੇ ਇਹ ਹੁਕਮ ਵੋਟਾਂ ਵਾਲੇ ਦਿਨ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਲਾਈਨ ਵਿੱਚ ਖੜ੍ਹੇ ਵੋਟਰਾਂ 'ਤੇ ਵੀ ਲਾਗੂ ਨਹੀਂ ਹੋਣਗੇ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਵੋਟਾਂ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਅਮਨ ਅਮਾਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਭੈੜੇ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੁਲੀਸ ਵੱਲੋਂ 24 ਘੰਟੇ ਗਸ਼ਤ ਵੀ ਕੀਤੀ ਜਾ ਰਹੀ ਹੈ ਤੇ ਕਿਸੇ ਨੂੰ ਵੀ ਅਮਨ ਤੇ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।