ਏ.ਡੀ.ਜੀ. ਜੇਲਾਂ ਸਮੇਤ ਆਈ.ਜੀ. ਤੇ ਡਿਪਟੀ ਕਮਿਸ਼ਨਰ ਵੱਲੋਂ ਨਾਭਾ ਜੇਲ ਦਾ ਦੌਰਾ, ਹਾਲਾਤ ਦਾ ਜਾਇਜ਼ਾ
-ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ,
-ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਰਾਏ
-ਆਈ.ਜੀ. ਰਾਏ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਜੀ ਐਸ ਪੰਨੂ
ਨਾਭਾ/ਪਟਿਆਲਾ, 22 ਜੂਨ:
ਨਾਭਾ ਦੀ ਨਵੀਂ ਜੇਲ ਵਿਖੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਮੁੱਖ ਦੋਸ਼ੀ ਮਨਿੰਦਰਪਾਲ ਬਿੱਟੂ 'ਤੇ ਹੋਏ ਘਾਤਕ ਹਮਲੇ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਏ.ਡੀ.ਜੀ.ਪੀ. ਜੇਲਾਂ ਸ੍ਰੀ ਰੋਹਿਤ ਚੌਧਰੀ ਨੇ ਨਵੀਂ ਜੇਲ ਦਾ ਦੌਰਾ ਕਰਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਆਈ.ਜੀ. ਪਟਿਆਲਾ ਜੋਨ ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਆਈ.ਜੀ. ਜੇਲਾਂ ਸ. ਲਖਮਿੰਦਰ ਸਿੰਘ ਜਾਖੜ ਤੇ ਏ.ਡੀ.ਸੀ. ਵਿਕਾਸ ਸ੍ਰੀਮਤੀ ਪੂਨਮਦੀਪ ਕੌਰ ਵੀ ਮੌਜੂਦ ਸਨ।
ਦੇਰ ਰਾਤ ਜੇਲ ਅੰਦਰ ਹਾਲਾਤ ਦਾ ਜਾਇਜਾ ਲੈਣ ਤੋਂ ਬਾਅਦ ਆਈ.ਜੀ. ਸ. ਰਾਏ ਨੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਪੁਲਿਸ ਨੇ ਮੁਕਦਮਾ ਨੰਬਰ 101 ਅਧੀਨ ਧਾਰਾ 302, 34 ਆਈ.ਪੀ.ਸੀ. ਤਹਿਤ ਸਦਰ ਥਾਣਾ ਨਾਭਾ ਵਿਖੇ ਦਰਜ ਕਰ ਲਿਆ ਹੈ ਜਦਕਿ ਜਿੰਮੇਵਾਰਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਜਿੰਮੇਵਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸ. ਰਾਏ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਮੁਤਾਬਕ ਇਸ ਮਾਮਲੇ ਦੀ ਪੂਰੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜੇਲ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਸਮੇਤ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਪੂਰੇ ਇੰਤਜਾਮ ਕਰ ਲਏ ਹਨ। ਸ. ਰਾਏ ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ।
ਇਸ ਮੌਕੇ ਆਫ਼ਿਸੀਏਟਿੰਗ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ, ਐਸ.ਪੀ. ਜਾਂਚ ਸ. ਹਰਮੀਤ ਸਿੰਘ ਹੁੰਦਲ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।