ਮੋਹਾਲੀ, 4 ਜੁਲਾਈ 2019 : ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖ਼ਾਨ ਗੁਰਦੁਆਰਾ ਡੇਰਾ ਬਾਬਾ ਨਾਨਕ (ਭਾਰਤ) ਨੂੰ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਜੋੜਨ ਵਾਲੇ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ ਤੇ ਇਸੇ ਲਾਂਘੇ ਰਾਹੀਂ ੯ ਨਵੰਬਰ ਨੂੰ ਭਾਰਤ ਤੋਂ ਕਰਤਾਰਪੁਰ ਸਾਹਿਬ ਲਈ ਪਹਿਲਾ ਜਥਾ ਰਵਾਨਾ ਕੀਤਾ ਜਾਏਗਾ।
ਅਜੀਤ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਪ੍ਰਧਾਨ ਤਾਰਾ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਵਰ੍ਹੇਗੰਢ 10 ਤੋਂ 12 ਨਵੰਬਰ ਤੱਕ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ 'ਤੇ ਮਨਾਈ ਜਾਏਗੀ ਜਿਸ 'ਚ ਭਾਰਤ ਸਣੇ ਦੁਨੀਆ ਦੇ ਹਰ ਕੋਨੇ 'ਚੋਂ ਕਰੀਬ ਇਕ ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਕ ਦਿਨ ਲਈ ਰਹਿਣ ਦਾ ਇੰਤਜ਼ਾਮ ਕੀਤਾ ਗਿਆ ਹੈ।
ਤਾਰਾ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਤਾਲਮੇਲ ਕਰ ਰਹੇ ਹਨ ਤਾਂ ਕਿ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਤਰੀਕੇ ਨਾਲ ਮਨਾ ਸਕਣ।